ਅੰਮ੍ਰਿਤਸਰ: ਗੁਰਬਾਣੀ ਦੇ ਰਸੀਆਂ ਦੀ ਸਹੁਲ਼ਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵੈੱਬਸਾਈਟ ’ਤੇ ਹੁਣ ਸ੍ਰੀ ਹਰਿਮੰਦਰ ਸਾਹਿਬ ਵਿੱਚ ਚੱਲਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਨਾਲ-ਨਾਲ ਗਾਇਨ ਕੀਤੇ ਜਾ ਰਹੇ ਸ਼ਬਦ ਦੇ ਦੋ ਭਾਸ਼ਾਵਾਂ ਵਿੱਚ ਅਰਥ ਦਰਸਾਉਣ ਦੀ ਸਹੁਲਤ ਸ਼ੁਰੂ ਕਰ ਦਿੱਤੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਇੱਕ ਮੋਬਾਈਲ ਗੁਰਬਾਣੀ ਐਪ ਸੇਵਾ ਵੀ ਸ਼ੁਰੂ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਤਿ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦਿਆਂ ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਦਾ ਘੇਰਾ ਵਧਾਇਆ ਜਾ ਰਿਹਾ ਹੈ। ਇਸ ਤਹਿਤ ਜਲਦੀ ਹੀ ਇੱਕ ਮੋਬਾਈਲ ਐਪ ਸੇਵਾ ਸ਼ੁਰੂ ਹੋਵੇਗੀ, ਜਿਸ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਕੀਰਤਨ ਨੂੰ ਮੋਬਾਈਲ ’ਤੇ ਦੇਖਿਆ ਅਤੇ ਸੁਣਿਆ ਜਾ ਸਕੇਗਾ। ਇਸ ਤੋਂ ਇਲਾਵਾ ਹੋਰ ਜਾਣਕਾਰੀਆਂ ਵੀ ਉਪਲਬਧ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਚੱਲਦੇ ਲਾਈਵ ਕੀਰਤਨ ਦੇ ਨਾਲ-ਨਾਲ ਹੁਣ ਸ਼ਬਦ ਦੇ ਅਰਥ ਵੀ ਦਰਸਾਏ ਜਾਣਗੇ। ਇਹ ਅਰਥ ਪੰਜਾਬੀ ਅਤੇ ਅੰਗਰੇਜ਼ੀ ਦੋ ਭਾਸ਼ਾਵਾਂ ਵਿੱਚ ਹੋਣਗੇ। ਇਸ ਨਾਲ ਸੰਗਤ ਨੂੰ ਸ਼ਬਦ ਦੇ ਭਾਵ ਸਮਝਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰਬਾਣੀ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਵੱਲੋਂ ਰਚਿਤ ਬਾਣੀਆਂ ਅਤੇ ਭਾਈ ਗੁਰਦਾਸ ਦੀਆਂ ਵਾਰਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਾ ਸਫਲ ਤਜਰਬਾ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਕੀਤਾ ਜਾ ਚੁੱਕਾ ਹੈ। ਸ਼੍ਰੋਮਣੀ ਕਮੇਟੀ ਦੇ ਕੰਪਿਊਟਰ ਵਿਭਾਗ ਦੇ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਵੱਖ-ਵੱਖ ਥਾਵਾਂ ’ਤੇ ਵੱਡੀਆਂ ਸਕਰੀਨਾਂ ਲਾਈਆਂ ਹਨ, ਜਿਥੇ ਚੱਲ ਰਹੀ ਗੁਰਬਾਣੀ ਦੇ ਅਰਥ ਵੀ ਦਰਸਾਏ ਜਾ ਰਹੇ ਹਨ।