November 17, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: 2017 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਨਵੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਦੂਜੀਆਂ ਪਾਰਟੀਆਂ ਦੇ ਬਾਗੀਆਂ ਨਾਲ ਮਿਲ ਕੇ ਨਾਲ ਮਿਲ ਕੇ ਲਾਹਾ ਲੈਣ ਦੀ ਸਿਆਸਤ ਤੇਜ਼ ਹੋ ਗਈ ਹੈ। ਇਸ ਦੌਰਾਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨੀਂ ਮੋਹਾਲੀ ਦੇ ਫੇਜ਼-11 ਸਥਿਤ ਆਪਣਾ ਪੰਜਾਬ ਪਾਰਟੀ ਦੇ ਸੂਬਾਈ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਘਰ ਬੰਦ ਕਮਰਾ ਮੀਟਿੰਗ ਕੀਤੀ। ਭਾਵੇਂ ਲੰਮਾ ਚਿਰ ਚੱਲੀ ਇਸ ਮੀਟਿੰਗ ਦੇ ਵੇਰਵੇ ਜਨਤਕ ਨਹੀਂ ਕੀਤੇ ਗਏ ਹਨ ਪਰ ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਆਗੂਆਂ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਚਰਚਾ ਹੋਈ ਅਤੇ ਅਕਾਲੀ-ਭਾਜਪਾ ਗੱਠਜੋੜ, ਕਾਂਗਰਸ ਅਤੇ ‘ਆਪ’ ਨੂੰ ਟੱਕਰ ਦੇਣ ਲਈ ਮਿਲ ਕੇ ਚੋਣਾਂ ਲੜਨ ‘ਤੇ ਵਿਚਾਰ ਕੀਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਵਿੱਚ ਸਿਆਸੀ ਗੱਠਜੋੜ ਜਾਂ ਆਪਸ ਵਿੱਚ ਮਿਲ ਕੇ ਚੋਣਾਂ ਲੜਨ ਦੀ ਫਿਲਹਾਲ ਕੋਈ ਗੱਲ ਸਿਰੇ ਨਹੀਂ ਚੜ੍ਹੀ ਹੈ ਪਰ ਦੋਵਾਂ ਧਿਰਾਂ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਮੀਟਿੰਗ ਵਿੱਚ ‘ਸਰਬੱਤ ਖ਼ਾਲਸਾ’ ਬਾਰੇ ਵੀ ਗੱਲਬਾਤ ਹੋਈ ਹੈ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਸੁੱਚਾ ਸਿੰਘ ਛੋਟੇਪੁਰ ਨੇ ਮਾਨ ਨਾਲ ਮੀਟਿੰਗ ਹੋਣ ਦੀ ਗੱਲ ਮੰਨੀ ਹੈ। ਉਂਜ ਉਨ੍ਹਾਂ ਮੀਟਿੰਗ ਦੇ ਵੇਰਵੇ ਨਸ਼ਰ ਕਰਨ ਦੀ ਗੱਲ ਟਾਲਦਿਆਂ ਏਨਾ ਹੀ ਕਿਹਾ ਕਿ ਇਹ ਇੱਕ ਆਮ ਮੁਲਾਕਾਤ ਸੀ ਅਤੇ ਉਨ੍ਹਾਂ ਨੇ ਆਪਸ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਬੈਠ ਕੇ ਚਰਚਾ ਕੀਤੀ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਛੋਟੇਪੁਰ ਨਾਲ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਸਾਂਝੇ ਤੌਰ ’ਤੇ ਲੜਨ ਬਾਰੇ ਚਰਚਾ ਹੋਈ ਹੈ। ਭਾਵੇਂ ਮੀਟਿੰਗ ਵਿੱਚ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ ਹੈ ਪਰ ਆਉਣ ਵਾਲੇ ਸਮੇਂ ਵਿੱਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਦੱਸਿਆ ਕਿ ‘ਸਰਬੱਤ ਖ਼ਾਲਸਾ’ ਦੇ ਮੁੱਦੇ ’ਤੇ ਵੀ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮੁੱਦੇ ’ਤੇ ਸਾਰੀਆਂ ਧਿਰਾਂ ਸਿਰਫ਼ ਸਿਆਸੀ ਰੋਟੀਆਂ ਸੇਕਣ ਤੱਕ ਸੀਮਤ ਹਨ ਪਰ ਉਨ੍ਹਾਂ ਨੂੰ ਪੰਜਾਬ ਤੇ ਪੰਜਾਬ ਦੇ ਲੋਕਾਂ ਦੀ ਫ਼ਿਕਰ ਹੈ।
Related Topics: Punjab Politics, Punjab Polls 2017, Shiromani Akali Dal Amritsar (Mann), Simranjeet Singh Mann, Sucha Singh Chhotepur