Site icon Sikh Siyasat News

ਬਲਕਾਰ ਸਿੱਧੂ ਅਤੇ ਹਰਜੀਤ ਸਿੰਘ ਅਦਾਲਤੀ ਵਾਲਾ ਨੂੰ ਜ਼ਿਮਨੀ ਚੋਣਾਂ ਲਈ ਆਪ ਪਾਰਟੀ ਨੇ ਉਮੀਦਵਾਰ ਬਣਾਇਆ

ਸੁਨਾਮ ( 27 ਜੁਲਾਈ 2014): ਪੰਜਾਬ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਪੰਜਾਬੀ ਗਾਇਕ ਬਲਕਾਰ ਸਿੱਧੂ ਅਤੇ ਪਟਿਆਲਾ ਵਿਧਾਨ ਸਭਾ ਹਲਕੇ ਤੋਂ ਹਰਜੀਤ ਸਿੰਘ ਅਦਾਲਤੀਵਾਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਅਰਵਿੰਦ ਕੇਜਰੀਵਾਲ ਨੇ ਤਿੰਨ ਰੋਜ਼ਾ ਕੌਮੀ ਕਾਰਜਕਾਰਨੀ ਦੀ ਬੈਠਕ ਦੀ ਸਮਾਪਤੀ ਉਪਰੰਤ ਪ੍ਰੈਸ ਕਾਨਰਫੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੋਵੇਂ ਸੀਟਾਂ ‘ਤੇ ਉਹ ਖੁਦ ਵੀ ਚੋਣ ਪ੍ਰਚਾਰ ਕਰਨ ਲਈ ਆਉਣਗੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਦਿੱਲੀ ਤੋਂ ਬਾਹਰ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਹੋਈ ਹੈ ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ‘ਆਪ’ ਲਈ ਪੰਜਾਬ ਕਿੰਨੀ ਅਹਿਮੀਅਤ ਰੱਖਦਾ ਹੈ।

ਪੰਜਾਬ ਬਾਰੇ ਗੱਲ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਕੈਂਸਰ ਦੀ ਵੱਡੀ ਸਮੱਸਿਆ ਹੈ ਜਿਸ ਦਾ ਮੁੱਖ ਕਾਰਨ ਪਾਣੀ ਵਿੱਚ ਯੂਰੇਨੀਅਮ ਦਾ ਹੋਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਪੁਖ਼ਤਾ ਪ੍ਰਬੰਧ ਦੇ ਨਾਲ ਨਾਲ ਕੈਂਸਰ ਦੇ ਇਲਾਜ ਲਈ ਹਸਪਤਾਲ ਸਥਾਪਤ ਕਰਨੇ ਚਾਹੀਦੇ ਹਨ।

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਬੈਠਕ ਵਿੱਚ ਵਿਚਾਰ ਚਰਚਾ ਤੋਂ ਬਾਅਦ ਫ਼ੈਸਲਾ ਲਿਆ ਗਿਆ ਹੈ ਕਿ ਪਾਰਟੀ ਆਪਣੀ ਤਾਕਤ ਦਿੱਲੀ ਵਿਧਾਨ ਸਭਾ ਚੋਣਾਂ ਉਪਰ ਲਗਾਏਗੀ। ‘ਭਾਵੇਂ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਅਤੇ ਜੰਮੂ-ਕਸ਼ਮੀਰ ਰਾਜਾਂ ਦੇ ਪਾਰਟੀ ਵਰਕਰ ਉਥੋਂ ਦੀਆਂ ਵਿਧਾਨ ਸਭਾ ਚੋਣਾਂ ਵੀ ਲੜਨਾ ਚਾਹੁੰਦੇ ਹਨ ਪਰੰਤੂ ਪਾਰਟੀ ਆਪਣੀ ਸ਼ਕਤੀ ਨੂੰ ਬਿਖੇਰਨਾ ਨਹੀਂ ਚਾਹੁੰਦੀ।’ ਸ੍ਰੀ ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਨੇ ਦਿੱਲੀ ਵਿੱਚ ‘ਆਪ’ ਦੇ 15 ਵਿਧਾਇਕਾਂ ਨੂੰ 20-20 ਕਰੋੜ ਰੁਪਏ ‘ਚ ਖ਼ਰੀਦਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਪਾਰਟੀ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਪਾਸੋਂ ਵਿਧਾਨ ਸਭਾ ਚੋਣਾਂ ਕਰਾਉਣ ਦੀ ਮੰਗ ਕਰ ਰਹੀ ਹੈ ਪਰ ਇਹ ਸਪੱਸ਼ਟ ਹੈ ਕਿ ਲੈਫ਼ਟੀਨੈਂਟ ਗਵਰਨਰ ਓਹੀ ਫ਼ੈਸਲਾ ਲੈਣਗੇ ਜੋ ਭਾਜਪਾ ਚਾਹੇਗੀ।

ਇਸ ਮੌਕੇ ਯੋਗੇਂਦਰ ਯਾਦਵ, ਮੁਨੀਸ਼ ਸਿਸੋਦੀਆ, ਜਰਨੈਲ ਸਿੰਘ, ਸੰਸਦ ਮੈਂਬਰ ਭਗਵੰਤ ਮਾਨ, ਡਾਕਟਰ ਧਰਮਵੀਰ ਗਾਂਧੀ ਅਤੇ ਪ੍ਰੋ. ਸਾਧੂ ਸਿੰਘ ਤੋਂ ਇਲਾਵਾ ਬਚਨ ਬੇਦਿਲ, ਡਾਕਟਰ ਏ ਐਸ ਮਾਨ, ਗੁਰਲਾਲ ਸਿੰਘ ਲਾਲੀ, ਡਾਕਟਰ ਅਮਨਦੀਪ ਕੌਰ, ਕੰਵਲਜੀਤ ਸਿੰਘ ਢੀਂਡਸਾ, ਗੁਰਮੀਤ ਸਿੰਘ ਬੁਰਜ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version