ਅੰਮ੍ਰਿਤਸਰ: ਅਮਰੀਕਾ ਵਿੱਚ ਕਾਂਗਰਸ ਦੇ 115ਵੇਂ ਇਜਲਾਸ ਦੌਰਾਨ ਵਿਸਾਖੀ ਨੂੰ ‘ਸਿੱਖ ਨੈਸ਼ਨਲ ਡੇਅ’ ਵਜੋਂ ਮਾਨਤਾ ਦਿੱਤੇ ਜਾਣ ਨਾਲ ਸੰਸਦ ਵਿੱਚ ਵੀ ਇਸ ਨੂੰ ਮਾਨਤਾ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਖ਼ੁਲਾਸਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਕੀਤਾ ਗਿਆ। ਇਸ ਦੌਰਾਨ 8 ਅਪਰੈਲ ਨੂੰ ਨੈਸ਼ਨਲ ਸਿੱਖ ਡੇਅ ਪਰੇਡ ਦੀਆਂ ਤਿਆਰੀਆਂ ਵੀ ਮੁਕੰਮਲ ਹੋ ਗਈਆਂ ਹਨ।
ਇਸ ਸਬੰਧੀ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਵਾਸ਼ਿੰਗਟਨ ਡੀਸੀ ਦੀ ਕੈਪੀਟਲ ਹਿੱਲ ਵਿੱਚ ਹੋਏ ਕਾਂਗਰਸ ਦੇ 115ਵੇਂ ਇਜਲਾਸ ਵਿੱਚ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਇਕੱਠੇ ਹੋਏ ਸਨ। ਇਸ ਦੌਰਾਨ ਅਮਰੀਕੀ ਸਿੱਖ ਕਾਂਗਰੇਸ਼ਨਲ ਕਾਕਸ ਦੇ ਆਗੂ ਪੈਟਰਿਕ ਰੋਮੀ ਅਤੇ ਜੋਹਨ ਗਾਰਾਮੈਂਡੀ ਵੱਲੋਂ ਇਸ ਸਬੰਧੀ 189 ਨੰਬਰ ਮਤਾ ਪੇਸ਼ ਕੀਤਾ ਗਿਆ ਜਿਸ ਨੂੰ ਸਰਬ ਸੰਮਤੀ ਨਾਲ ਮਾਨਤਾ ਦੇ ਦਿੱਤੀ ਗਈ। ਇਸ ਮਤੇ ’ਤੇ ਅਮਰੀਕਾ ਦੀਆਂ ਸੌ ਤੋਂ ਵੱਧ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਦਸਤਖ਼ਤ ਕੀਤੇ ਗਏ ਸਨ।
ਸਬੰਧਤ ਖ਼ਬਰ:
ਕੈਨੇਡਾ ਦੀ ਸੰਸਦ ਦੇ ਮੈਦਾਨ ‘ਚ ਨਿਸ਼ਾਨ ਸਾਹਿਬ ਝੁਲਾ ਕੇ ਇਤਿਹਾਸ ਸਿਰਜਿਆ ਗਿਆ …
ਆਗੂਆਂ ਨੇ ਆਖਿਆ ਕਿ ਇਹ ਮਤਾ ਪਾਸ ਹੋਣ ਨਾਲ ਅਮਰੀਕਾ ਵਿੱਚ ਵਿਸਾਖੀ ਨੂੰ ‘ਨੈਸ਼ਨਲ ਸਿੱਖ ਡੇਅ’ ਵਜੋਂ ਪ੍ਰਵਾਨ ਕੀਤੇ ਜਾਣ ਦਾ ਰਾਹ ਵੀ ਖੁੱਲ੍ਹ ਗਿਆ ਹੈ। ਇਸ ਮਤੇ ਵਿੱਚ ਸਾਰਿਆਂ ਨੂੰ ਇੱਕਜੁੱਟ ਹੋ ਕੇ ਇਹ ਤਿਉਹਾਰ ਮਨਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਸਿੱਖ ਡੇਅ ਨਿਰਧਾਰਿਤ ਕਰਾਉਣ ਲਈ 8 ਅਪਰੈਲ ਨੂੰ ‘ਨੈਸ਼ਨਲ ਸਿੱਖ ਡੇਅ ਪਰੇਡ’ ਵੀ ਕਰਵਾਈ ਜਾ ਰਹੀ ਹੈ ਜਿਸਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਏਜੀਪੀਸੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਆਖਿਆ ਕਿ ਇਹ ਮਤਾ ਪਾਸ ਹੋਣ ਨਾਲ ਅਮਰੀਕਾ ਦੀ ਸਰਕਾਰ ਅਤੇ ਪ੍ਰਸ਼ਾਸਨ ਨੇ ਸਿੱਖਾਂ ਪ੍ਰਤੀ ਅਪਣੱਤ ਜਤਾਈ ਹੈ। ‘ਫਰੈਂਡਸ ਆਫ਼ ਸਿੱਖ ਕਾਕਸ’ ਦੇ ਆਗੂ ਹਰਪ੍ਰੀਤ ਸਿੰਘ ਸੰਧੂ ਨੇ ਆਖਿਆ ਕਿ ਇਸ ਫ਼ੈਸਲੇ ਨਾਲ ਅਮਰੀਕਾ ਵਿੱਚ ਸਿੱਖਾਂ ਦੀ ਪਛਾਣ ਸਬੰਧੀ ਸਮੱਸਿਆ ਵੀ ਹੱਲ ਹੋਵੇਗੀ ਅਤੇ ਨਸਲੀ ਹਿੰਸਾ ਵਰਗੀਆਂ ਮੰਦਭਾਗੀਆਂ ਘਟਨਾਵਾਂ ਤੋਂ ਰਾਹਤ ਮਿਲੇਗੀ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: