ਸਿੱਖ ਖਬਰਾਂ

ਬਾਦਲ ਸਰਕਾਰ ਵੱਲੋਂ ਸਿੱਖ ਆਗੂ ਗ੍ਰਿਫਤਾਰ; ਪੰਚ ਪ੍ਰਧਾਨੀ ਨਾਲ ਸੰਬੰਧਤ ਮੁੱਖ ਆਗੂ ਹਿਰਾਸਤ ਵਿਚ ਲਏ

By ਸਿੱਖ ਸਿਆਸਤ ਬਿਊਰੋ

March 28, 2012

ਲੁਧਿਆਣਾ, ਪੰਜਾਬ (28 ਮਾਰਚ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਸਮੇਤ ਕਈ ਸਿੱਖ ਆਗੂਆਂ ਨੂੰ ਅੱਜ ਬਾਦਲ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਗ੍ਰਿਫਤਾਰ ਕਰ ਲਿਆ। ਭਾਈ ਦਲਜੀਤ ਸਿੰਘ ਨੂੰ ਉਨ੍ਹਾਂ ਦੀ ਲੁਧਿਆਣਾ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ। ਜਦਕਿ ਪੰਚ ਪ੍ਰਧਾਨੀ ਦੇ ਸਕੱਤਰ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਫਤਹਿਗੜ੍ਹ ਸਾਹਿਬ ਅਤੇ ਜਥੇਬੰਦਕ ਸਕੱਤਰ ਭਾਈ ਜਸਵੀਰ ਸਿੰਘ ਖੰਡੂਰ ਨੂੰ ਉਨ੍ਹਾਂ ਦੇ ਲੁਧਿਆਣਾ ਨੇੜੇ ਸਥਿਤ ਘਰ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਇਨ੍ਹਾਂ ਆਗੂਆਂ ਨੂੰ ਗ੍ਰਿਫਤਾਰ ਕਰਨ ਦਾ ਕੋਈ ਠੋਸ ਕਾਰਨ ਨਹੀਂ ਦੱਸਿਆ ਗਿਆ ਤੇ ਪੁਲਿਸ ਨੇ ਕਿਹਾ ਕਿ ਉਹ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਰਹੇ ਹਨ। ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪਰਮਜੀਤ ਸਿੰਘ ਗਾਜ਼ੀ ਨੇ ਇਨ੍ਹਾਂ ਗ੍ਰਿਫਤਾਰੀਆਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈ ਗ੍ਰਿਫਤਾਰੀ ਗੈਰਵਾਜਬ ਹਨ ਤੇ ਪੰਜਾਬ ਸਰਕਾਰ ਵੱਲੋਂ ਸਿਆਸੀ ਕਾਰਨਾਂ ਕਰਕੇ ਕਾਨੂੰਨ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਈ ਦਲਜੀਤ ਸਿੰਘ ਹਾਲ ਵਿਚ ਹੀ ਢਾਈ ਸਾਲ ਦੀ ਸਿਆਸੀ ਨਜ਼ਰਬੰਦੀ ਤੋਂ ਬਾਅਦ ਰਿਹਾਅ ਹੋਏ ਹਨ। ਖਰਬ ਹੈ ਕਿ ਹੋਰਨਾਂ ਸਿੱਖ ਆਗੂਆਂ ਦੀ ਗ੍ਰਿਫਤਾਰੀ ਲਈ ਵੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਸਵੇਰ ਤੱਕ ਹੋਰ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ ਵੀ ਹੋ ਸਕਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: