ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)

ਸਿਆਸੀ ਖਬਰਾਂ

ਪੀਲੀਭੀਤ ਜੇਲ੍ਹ ਕਾਂਡ: ਦਿੱਲੀ ਕਮੇਟੀ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

By ਸਿੱਖ ਸਿਆਸਤ ਬਿਊਰੋ

May 31, 2016

ਅੰਮ੍ਰਿਤਸਰ: ਪੀਲੀਭੀਤ ਜੇਲ੍ਹ ਕਾਂਡ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਅਤੇ ਦੋਸ਼ੀਆਂ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧੀ ਕਾਨੂੰਨੀ ਚਾਰਾਜੋਈ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਦਿੱਲੀ ਕਮੇਟੀ ਨੇ ਇਨ੍ਹਾਂ ਪੀੜਤਾਂ ਨੂੰ ਆਰਥਿਕ ਮਦਦ ਦੇਣ ਦਾ ਵੀ ਭਰੋਸਾ ਦਿੱਤਾ ਹੈ। 8 ਅਤੇ 9 ਨਵੰਬਰ 1994 ਦੀ ਦਰਮਿਆਨੀ ਰਾਤ ਨੂੰ ਪੀਲੀਭੀਤ ਦੀ ਜੇਲ੍ਹ ਵਿੱਚ ਵਾਪਰੀ ਘਟਨਾ ਵਿੱਚ 7 ਸਿੱਖਾਂ ਦੀ ਮੌਤ ਹੋ ਗਈ ਸੀ ਜਦਕਿ 21 ਜਣੇ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿਚੋਂ ਕਈ ਉਮਰ ਭਰ ਲਈ ਅਪਾਹਜ ਹੋ ਚੁੱਕੇ ਹਨ।

ਇਸ ਮਾਮਲੇ ਵਿੱਚ ਦਿੱਲੀ ਕਮੇਟੀ ਨੇ ਪੀੜਤਾਂ ਨੂੰ ਨਿਆਂ ਦਿਵਾਉਣ ਵਾਸਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਲਈ ਤਿਆਰੀ ਵਿੱਢ ਦਿੱਤੀ ਹੈ। ਦਿੱਲੀ ਕਮੇਟੀ ਇਸ ਕੇਸ ਰਾਹੀਂ ਸੁਪਰੀਮ ਕੋਰਟ ਕੋਲੋਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰੇਗੀ। ਇਸ ਤੋਂ ਇਲਾਵਾ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਅਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਜੇਲ੍ਹ ਅਮਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ।

ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦੱਸਿਆ ਕਿ ਇਸ ਕੇਸ ਸਬੰਧੀ ਕਾਨੂੰਨੀ ਚਾਰਾਜੋਈ ਵਾਸਤੇ ਸੀਨੀਅਰ ਵਕੀਲ ਗੁਰਬਖਸ਼ ਸਿੰਘ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਜਦਕਿ ਜਸਟਿਸ ਆਰ.ਐਸ. ਸੋਢੀ ਵੀ ਇਸ ਮਾਮਲੇ ਵਿੱਚ ਮਦਦ ਕਰਨਗੇ।

ਪੀੜਤਾਂ ਲਈ ਮੁਆਵਜ਼ਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਮੰਗੀ ਜਾਵੇਗੀ

ਦਿੱਲੀ ਕਮੇਟੀ ਦੇ ਲੀਗਲ ਸੈੱਲ ਦੇ ਇੰਚਾਰਜ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਇਹ ਮਾਮਲਾ ਜੂਨ ਮਹੀਨੇ ਵਿੱਚ ਸੁਪਰੀਮ ਕੋਰਟ ਵਿੱਚ ਪੀੜਤਾਂ ਦੇ ਹਵਾਲੇ ਨਾਲ ਦਾਇਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ ਪੀੜਤਾਂ ਵਿੱਚ ਸ਼ਾਮਲ ਤਰਲੋਕ ਸਿੰਘ ਨੇ ਹਾਲ ਹੀ ਵਿਚ ਦਿੱਲੀ ਕਮੇਟੀ ਕੋਲ ਪਹੁੰਚ ਕਰਕੇ ਆਪ ਬੀਤੀ ਦੱਸੀ ਸੀ। ਉਨ੍ਹਾਂ ਦੱਸਿਆ ਕਿ ਜਲਦੀ ਹੀ ਕੇਸ ’ਤੇ ਕਾਰਵਾਈ ਸ਼ੁਰੂ ਹੋਵੇਗੀ।

ਪੁਲੀਸ ਤਸ਼ੱਦਦ ਕਾਰਨ ਉਮਰ ਭਰ ਲਈ ਅਪਾਹਜ ਹੋ ਚੁੱਕੇ ਤਰਲੋਕ ਸਿੰਘ ਅਤੇ ਉਸ ਦੇ ਵੱਡੇ ਭਰਾ ਲਖਵਿੰਦਰ ਸਿੰਘ ਜੋ ਬੀਐਸਐਫ ਵਿਚੋਂ ਸੇਵਾ ਮੁਕਤ ਹਨ, ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਦਾਇਰ ਕਰਨ ਦੇ ਭਰੋਸੇ ਨਾਲ ਉਨ੍ਹਾਂ ਨੂੰ ਨਿਆਂ ਦੀ ਉਮੀਦ ਬੱਝੀ ਹੈ। ਇਸ ਮਾਮਲੇ ਵਿਚ ਤਰਲੋਕ ਸਿੰਘ ਦੇ ਇਕ ਭਰਾ ਸਰਬਜੀਤ ਸਿੰਘ ਦੀ ਮੌਤ ਹੋ ਗਈ ਸੀ ਜਦਕਿ ਤਰਲੋਕ ਸਿੰਘ ਅਪਾਹਜ ਹੋ ਗਿਆ ਸੀ। ਲਖਵਿੰਦਰ ਸਿੰਘ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਇਹ ਪਰਿਵਾਰ ਉਸ ਵੇਲੇ ਪੀਲੀਭੀਤ ਵਿਚ ਰਹਿੰਦਾ ਸੀ।

50 ਵਰ੍ਹਿਆਂ ਨੂੰ ਢੁੱਕੇ ਤਰਲੋਕ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ 1994 ਵਿੱਚ ਐਲਾਨ ਕੀਤਾ ਸੀ ਕਿ ਪੀੜਤ ਪਰਿਵਾਰਾਂ ਨੂੰ ਇਕ ਲੱਖ ਰੁਪਏ ਆਰਥਿਕ ਮਦਦ ਦਿੱਤੀ ਜਾਵੇਗੀ, ਪਰ ਮਗਰੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਿਰਫ 11 ਹਜ਼ਾਰ ਰੁਪਏ ਅਤੇ ਜ਼ਖਮੀਆਂ ਨੂੰ 5 ਹਜ਼ਾਰ ਰੁਪਏ ਦਿੱਤੇ ਗਏ। ਉਸ ਵੇਲੇ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਪੀੜਤਾਂ ਨੂੰ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਸੀ, ਜੋ ਕਿ ਹੁਣ ਤਕ ਨਹੀਂ ਮਿਲੀ ਹੈ। ਉਨ੍ਹਾਂ ਮੁੜ ਸ਼੍ਰੋਮਣੀ ਕਮੇਟੀ ਨੂੰ ਵੀ ਆਪਣਾ ਵਾਅਦਾ ਪੂਰਾ ਕਰਨ ਅਤੇ ਪੀੜਤਾਂ ਦੀ ਬਾਂਹ ਫੜਨ ਦੀ ਅਪੀਲ ਕੀਤੀ ਹੈ।

ਸਬੰਧਤ ਖ਼ਬਰਾਂ: ਪੀਲੀਭੀਤ ਵਿਚ ਸਿੱਖਾਂ ਉੱਤੇ ਹੋਏ ਵਹਿਸ਼ੀ ਜੁਲਮਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ

ਪੀਲੀਭੀਤ ਜੇਲ੍ਹ ਵਿੱਚ ਵਾਪਰੇ ਕਹਿਰ ਦੀ ਭੁੱਲੀ ਵਿਸਰੀ ਦਾਸਤਾਨ

ਅਖ਼ਬਾਰਾਂ ਵਿਚ ਪੀਲੀਭੀਤ ਜੇਲ੍ਹ ਕਾਂਡ ਦੀ ਚਰਚਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਨੀਂਦ ਖੁੱਲੀ

1994 ਪੀਲੀਭੀਤ ਜੇਲ੍ਹ ਕਤਲੇਆਮ: ਬਾਦਲ ਦਲ ਦੇ ਆਗੂ ਰਾਜਨਾਥ ਨੂੰ ਮਿਲੇ, ਜਾਂਚ ਦੀ ਕੀਤੀ ਮੰਗ

ਪੀਲੀਭੀਤ ਜੇਲ੍ਹ ਵਿਚ ਸਿੱਖ ਕੈਦੀਆਂ ਦੀਆਂ ਮੌਤਾਂ: ਮੁਲਾਇਮ ਵੱਲੋਂ ਮੁੜ ਜਾਂਚ ਦਾ ਭਰੋਸਾ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: