ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਵਿਜੈ ਗਰਗ ਕੋਲੋਂ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਣਕਾਰੀ ਮਿਲ ਸਕਦੀ ਹੈ: ਗੁਰਦੀਪ ਸਿੰਘ

July 31, 2016 | By

ਸੰਗਰੂਰ: ਮਾਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਕਾਂਡ ਵਿੱਚ ਗ੍ਰਿਫ਼ਤਾਰ ਮੁੱਖ ਦੋਸ਼ੀ ਵਿਜੇ ਕੁਮਾਰ ਬਾਰੇ ਜੁਡੀਸ਼ੀਅਲ ਜਾਂਚ ਦੀ ਮੰਗ ਕਰਦਿਆਂ ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਵੱਲੋਂ ਅਹਿਮ ਖ਼ੁਲਾਸਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਮਗਰੋਂ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਬਾਰੇ ਵੀ ਅਹਿਮ ਸੁਰਾਗ ਮਿਲ ਸਕਦੇ ਹਨ। ਭਾਈ ਗੁਰਦੀਪ ਸਿੰਘ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਆਰਐਸਐਸ ਦੇ ਪ੍ਰਚਾਰਕ ਰਹੇ ਵਿਜੇ ਕੁਮਾਰ ਦੀ ਲੜਕੀ ਵੱਲੋਂ ਕਰੀਬ ਦੋ ਸਾਲ ਪਹਿਲਾਂ ਜ਼ੀਰਾ ਵਿੱਚ ਤਿੰਨ ਰੋਜ਼ਾ ‘ਦੁਰਗਾ ਵਾਹਿਣੀ’ ਕੈਂਪ ਲਗਾਇਆ ਸੀ, ਜਿਸ ਵਿੱਚ ਕਰੀਬ 150 ਲੜਕੀਆਂ ਸ਼ਾਮਲ ਹੋਈਆਂ ਸਨ। ਇਨ੍ਹਾਂ ਵਿੱਚੋਂ ਚਾਰ ਲੜਕੀਆਂ ਸਿੱਖ ਧਰਮ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਬਰਗਾੜੀ ਘਟਨਾ ਬਾਰੇ ਬਣਾਈ ਵਿਸ਼ੇਸ਼ ਜਾਂਚ ਟੀਮ ਵੱਲੋਂ ਦੋ ਸਿੱਖ ਲੜਕੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ ਸੀ ਅਤੇ ਪੁਲੀਸ ਨੇ ਬਿਆਨ ਵੀ ਦਰਜ ਕੀਤੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੂੰ ਇਸ ਬਾਰੇ ਸਭ ਕੁਝ ਪਤਾ ਹੈ ਪ੍ਰੰਤੂ ਜਾਣ ਬੁੱਝ ਕੇ ਇਹ ਮਾਮਲਾ ਨਸ਼ਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਕਿ ਜ਼ੀਰਾ ’ਚ ਲੱਗੇ ਕੈਂਪ ਵਿੱਚ ਵਿਜੇ ਕੁਮਾਰ ਵੀ ਸ਼ਾਮਲ ਸੀ, ਜਿਸ ਬਾਰੇ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਭਾਈ ਗੁਰਦੀਪ ਸਿੰਘ ਬਠਿੰਡਾ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਭਾਈ ਗੁਰਦੀਪ ਸਿੰਘ ਬਠਿੰਡਾ

ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ 4 ਅਗਸਤ ਨੂੰ ਐਸਵਾਈਐਲ ਨਹਿਰ ਨੂੰ ਪੰਜਾਬ ਵਿੱਚ ਦੋ ਜਗ੍ਹਾ ਪਾਰਟੀ ਵਰਕਰਾਂ ਵੱਲੋਂ ਸੰਕੇਤਕ ਰੂਪ ਵਿੱਚ ਮਿੱਟੀ ਪਾ ਕੇ ਬੰਦ ਕੀਤਾ ਜਾਵੇਗਾ, ਜਿਸਦੇ ਤਹਿਤ ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮੁਕਤਸਰ ਜ਼ਿਲ੍ਹਿਆਂ ਦੇ ਵਰਕਰ ਫ਼ਰੀਦਕੋਟ ਅਤੇ ਫਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਵਰਕਰ ਹਰੀ ਕੇ ਪੱਤਣ ਨਹਿਰ ਨੂੰ ਬੰਦ ਕਰਨ ਲਈ ਪੁੱਜਣਗੇ। ਉਨ੍ਹਾਂ ਦਾਅਵਾ ਕੀਤਾ ਕਿ ਰਾਜੀਵ-ਲੌਂਗੋਵਾਲ ਸਮਝੌਤੇ ਵਿੱਚ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਹਾਜ਼ਰ ਸਨ, ਜਿਨ੍ਹਾਂ ਨੇ ਇਸ ਸਮਝੌਤੇ ਨੂੰ ਇਤਿਹਾਸਕ ਦੱਸਿਆ ਸੀ। ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਨੂੰ ਐਸਵਾਈਐਲ ਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਸਮਝੌਤੇ ਉਪਰ ਦਸਤਖ਼ਤ ਕੀਤੇ ਸਨ। ਇਹ ਦੋਵੇਂ ਜਣੇ ਸਮਝੌਤੇ ਵਿੱਚ ਸ਼ਾਮਲ ਹਨ, ਜੋ ਹੁਣ ਐਸਵਾਈਐਲ ਨੂੰ ਚੋਣ ਮੁੱਦਾ ਬਣਾ ਰਹੇ ਹਨ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਫੜਨ ’ਚ ਨਾਕਾਮ ਰਹੇ ਮੁੱਖ ਮੰਤਰੀ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਹੱਕ ਨਹੀਂ ਹੈ ਅਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , , , ,