Site icon Sikh Siyasat News

ਭਾਰਤੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਸੰਬੋਧਨ ਦੌਰਾਨ ਲੱਗੇ ਖਾਲਿਸਤਾਨ ਦੇ ਨਾਅਰੇ

ਸ੍ਰੀ ਆਨੰਦਪੁਰ ਸਾਹਿਬ (19 ਜੂਨ, 2015):ਸ਼੍ਰੀ ਆਨੰਦਪੁਰ ਸਾਹਿਬ ਦੇ 300 ਸਾਲਾ ਸਥਾਪਨਾ ਦਿਵਸ ਮੌਕੇ ਮੁੱਖ ਸਮਾਗਮ ਵਿੱਚ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਮੰਚ ਤੋਂ ਸੰਬੋਧਨ ਕਰਨ ਦੌਰਾਨ ਪੰਡਾਲ ਵਿੱਚੋਂ ‘ਰਾਜਨਾਥ ਵਾਪਸ ਜਾਓ, ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਗੂੰਜੇ ਨਾਲ ਪੁਲਿਸ ਪ੍ਰਸ਼ਾਸ਼ਨ ਤੇ ਸੁਰੱਖਿਆ ਏਜ਼ੰਸੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ।

ਖਾਲਿਸਤਾਨ ਦੇ ਨਾਅਰੇ ਲਾਉਣ ਵਾਲਿਆਂ ਨੂੰ ਪੁਲਿਸ ਗ੍ਰਿਫਤਾਰ ਕਰੇ ਥਾਣੇ ਲਿਜਾਂਦੀ ਹੋਈ

ਜਾਣਕਾਰੀ ਅਨੁਸਾਰ ਅੱਜ ਜਿਉਂ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਚ ਤੋਂ ਸੰਗਤ ਨੂੰ ਸੰਬੋਧਨ ਕਰਨ ਲੱਗੇ ਤਾਂ ਖ਼ੁਦ ਨੂੰ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਕੁਨਾਂ ਨੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਤੇ ਗ੍ਰਹਿ ਮੰਤਰੀ ਨੂੰ ਭਾਸ਼ਣ ਰੋਕਣਾ ਪਿਅਾ। ਭਾਵੇਂ ਪੰਡਾਲ ਦੇ ਅੰਦਰ ਹਰ ਬਲਾਕ ਵਿੱਚ ਵੱਡੀ ਗਿਣਤੀ ਸੁਰੱਖਿਆ ਬਲ ਤਾਇਨਾਤ ਸਨ ਪਰ ਇਹ ਕਾਰਕੁਨ ਨਾਅਰੇਬਾਜ਼ੀ ਕਰਨ ਵਿੱਚ ਸਫ਼ਲ ਹੋ ਗਏ।

ਪੁਲੀਸ ਨੇ ਨਾਅਰੇਬਾਜ਼ੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਅਾਨੰਦਪੁਰ ਸਾਹਿਬ ਵਿੱਚ ਬੰਦ ਕਰ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਮੁਜ਼ਾਹਰਾਕਾਰੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨਸਿੰਘ ਵਾਲਾ ਅਤੇ ਕਰਨੈਲ ਸਿੰਘ ਨਾਰੀਕੇ, ਦਫ਼ਤਰ ਸਕੱਤਰ ਰਣਜੀਤ ਸਿੰਘ ਚੀਮਾ, ਹਰਭਜਨ ਸਿੰਘ ਕਸ਼ਮੀਰੀ, ਕੁਲਦੀਪ ਸਿੰਘ ਭਾਗੋਵਾਲ, ਯੂਥ ਪ੍ਰਧਾਨ ਰਣਦੇਵ ਸਿੰਘ ਦੇਬੀ, ਗੁਰਨੈਬ ਸਿੰਘ ਸੰਗਰੂਰ ਤੇ ਜਸਵੰਤ ਸਿੰਘ ਚੀਮਾ ਆਦਿ ਸ਼ਾਮਲ ਹਨ।

ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ  ਸਿਮਰਨਜੀਤ ਸਿੰਘ ਮਾਨ ਦੇ ਨਿੱਜੀ ਸਕੱਤਰ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਉਹ ਗ੍ਰਿਫ਼ਤਾਰ ਪਾਰਟੀ ਕਾਰਕੁਨਾਂ ਨੂੰ ਰਿਹਾਅ ਕਰਵਾਉਣ ਲਈ ਪੈਰਵੀ ਕਰ ਰਹੇ ਹਨ। ਥਾਣਾ ਅਾਨੰਦਪੁਰ ਸਾਹਿਬ ਦੇ ਮੁਖੀ ਹਰਕੀਰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਰੈਲੀ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਦੇ ਦੋਸ਼ਾਂ ਕਾਰਨ ਗ੍ਰਿਫ਼ਤਾਰ ਕੀਤੇ ਗਏ ਮਾਨ ਦਲ ਦੇ ਕਾਰਕੁਨਾਂ ਖ਼ਿਲਾਫ਼ ਅਗਲੀ ਕਾਰਵਾਈ ਬਾਰੇ ਅਜੇ ਵਿਚਾਰ ਕੀਤੀ ਜਾ ਰਹੀ ਹੈ।

ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਤੋਂ ਇਲਾਵਾ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ, ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ, ਬਾਬਾ ਰਾਮਦੇਵ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version