ਅੰਮ੍ਰਿਤਸਰ: ਵਧ ਰਹੇ ਪ੍ਰਦੂਸ਼ਣ ਕਾਰਨ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਫਿੱਕੀ ਪੈ ਰਹੀ ਚਮਕ ਨੂੰ ਬਰਕਾਰ ਰੱਖਣ ਲਈ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਟਾਵਰ ਲਾਇਆ ਗਿਆ ਹੈ। ਇਸ ਦੀ ਮਦਦ ਨਾਲ ਦਰਬਾਰ ਸਾਹਿਬ ਦੇ ਆਲੇ-ਦੁਆਲੇ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ। ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਿਆ ਜਾ ਸਕੇਗਾ।
ਇਹ ਟਾਵਰ ਦਰਬਾਰ ਸਾਹਿਬ ਦੇ ਬਾਹਰ ਵਾਰ ਗਲਿਆਰੇ ਵਿੱਚ ਸਥਾਪਤ ਕੀਤਾ ਗਿਆ ਹੈ। ਇਸ ਲਈ ਇੱਕ ਕਮਰਾ ਬਣਾ ਅਤਿਆਧੁਨਿਕ ਮਸ਼ੀਨਾਂ ਵੀ ਲਾਈਆਂ ਗਈਆਂ ਹਨ। ਇਸ ਟਾਵਰ ਦੀ ਮਦਦ ਨਾਲ ਪਤਾ ਲਾਇਆ ਜਾ ਸਕੇਗਾ ਕਿ ਦਰਬਾਰ ਸਾਹਿਬ ਦੇ ਕਰੀਬ ਇੱਕ ਕਿਲੋਮੀਟਰ ਦੇ ਘੇਰੇ ਵਿੱਚ ਕਿਸ ਪਾਸਿਓਂ ਆਉਣ ਵਾਲੀ ਹਵਾ ਦੂਸ਼ਿਤ ਹੈ। ਉਸ ਵਿੱਚ ਪ੍ਰਦੂਸ਼ਣ ਦੀ ਮਾਤਰਾ ਕਿੰਨੀ ਹੈ। ਇਸ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਉਸ ਪ੍ਰਦੂਸ਼ਣ ਨੂੰ ਖਤਮ ਕਰਨ ਦੇ ਯਤਨ ਕਰਨਗੇ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਪਰਤ ਦਿਨੋਂ ਦਿਨ ਫਿੱਕੀ ਪੈਂਦੀ ਜਾ ਰਹੀ ਹੈ। ਇਸ ਦਾ ਮੁੱਖ ਕਾਰਨ ਦਰਬਾਰ ਸਾਹਿਬ ਦੇ ਆਲੇ ਦੁਆਲੇ ਵਧ ਰਿਹਾ ਪ੍ਰਦੂਸ਼ਣ ਹੀ ਹੈ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਇਸ ਦੀ ਰੋਕਥਾਮ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਸਨ। ਬੇਦੀ ਨੇ ਦੱਸਿਆ ਕਿ ਇਸ ਪ੍ਰਦੂਸ਼ਣ ਮਾਪਣ ਵਾਲੇ ਟਾਵਰ ਨੂੰ ਸਥਾਪਤ ਕਰਨ ਲਈ ਕੁੱਲ ਸਵਾ ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਵਿੱਚੋਂ 27 ਲੱਖ ਰੁਪਏ ਸ਼੍ਰੋਮਣੀ ਕਮੇਟੀ ਤੇ ਬਾਕੀ ਰਕਮ ਪੰਜਾਬ ਸਰਕਾਰ ਤੇ ਨਗਰ ਨਿਗਮ ਨੇ ਖਰਚ ਕੀਤੀ ਹੈ।
ਉਨ੍ਹਾਂ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਦਾ ਮੁੱਖ ਕਾਰਨ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਇਲਾਕੇ ਵਿੱਚ ਆਉਣ ਵਾਲੇ ਵਾਹਨ ਸਨ। ਹੁਣ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਆਸ ਪਾਸ ਦੇ ਇਲਾਕੇ ਨੂੰ ਵਾਹਨ ਮੁਕਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰੂ ਰਾਮ ਦਾਸ ਲੰਗਰ ਹਾਲ ਵਿੱਚ ਬਣਾਏ ਜਾਣ ਵਾਲੇ ਲੰਗਰ ਲਈ ਬਾਲੀਆਂ ਜਾਣ ਵਾਲੀਆਂ ਲੱਕੜਾਂ ਦਾ ਧੂੰਆਂ ਵੀ ਬਹੁਤ ਘਾਤਕ ਸਿੱਧ ਹੋ ਰਿਹਾ ਸੀ। ਇਸ ਲਈ ਅਤਿਆਧੁਨਿਕ ਤਕਨੀਕ ਨਾਲ ਤਿਆਰ ਕੀਤਾ ਜਾ ਰਿਹਾ ਲੰਗਰ ਹਾਲ ਵੀ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਿਸਾਲ ਕਾਇਮ ਹੋਵੇਗਾ।