ਅੰਮ੍ਰਿਤਸਰ: ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ ਸਥਾਪਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ (ਹਰਿਆਣਾ) ਦੇ ਸਥਾਪਨਾ ਦਿਹਾੜੇ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 27 ਮਈ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।
ਇਸ ਬਾਰੇ ਸ਼੍ਰੋ.ਗੁ.ਪ੍ਰ.ਕ. ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਯਮੁਨਾ ਨਗਰ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਪੁੱਜਣਗੀਆਂ।
ਇਸ ਸਮਾਗਮ ਦੌਰਾਨ ਸਿੱਖ ਕੌਮ ਦੇ ਰਾਗੀ, ਢਾਡੀ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਜੋੜਨਗੇ।
ਇਸ ਬਿਆਨ ਵਿੱਚ ਸ਼੍ਰੋ.ਗੁ.ਪ੍ਰ.ਕ. ਦੇ ਇਕ ਬੁਲਾਰੇ ਨੇ ਕਿਹਾ ਹੈ ਕਿ ਕਿਲ੍ਹਾ ਲੋਹਗੜ੍ਹ ਸਾਹਿਬ ਦਾ ਸਿੱਖ ਇਤਿਹਾਸ ਵਿਚ ਖਾਸ ਮਹੱਤਵ ਹੈ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਕੀਤੀ ਗਈ ਸੀ। ਕਮੇਟੀ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਗੁਰਬਾਣੀ ਕੀਰਤਨ, ਕਥਾ ਵੀਚਾਰਾਂ ਅਤੇ ਪਹੁੰਚ ਰਹੀਆਂ ਸ਼ਖਸੀਅਤਾਂ ਦੇ ਵਿਚਾਰ ਸਰਵਣ ਕਰਨ ਲਈ ਇਸ ਸਮਾਗਮ ਵਿਚ ਹਾਜ਼ਰੀ ਭਰਨ।