ਕੈਪਟਨ ਸਰਕਾਰ ਵੱਲੋਂ ਥਰਮਲ ਪਲਾਂਟ ਬੰਦ ਕਰਨ ਦੇ ਫ਼ੈਸਲੇ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬਠਿੰਡਾ ਸ਼ਹਿਰ ਦੇ ਫਾਇਰ ਬ੍ਰਿਗੇਡ ਚੌਕ ਵਿੱਚ ‘ਥਰਮਲ ਪਲਾਂਟ ਬਚਾਓ, ਰੁਜ਼ਗਾਰ ਬਚਾਓ’ ਦੇ ਬੈਨਰ ਹੇਠ ਧਰਨਾ ਲਾਇਆ। ਇਸ ਧਰਨੇ ਵਿੱਚ ਆਪ ਦੇ ਸੰਸਦ ਮੈਂਬਰ, ਵਿਧਾਇਕ ਤੇ ਕੁਝ ਹੋਰ ਆਗੂ ਹਾਜ਼ਰ ਸਨ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇੇ ਕਿਹਾ ਕਿ ਧਾਰਮਿਕ ਸਥਾਨਾਂ ’ਤੇ ਸਿਆਸੀ ਕਾਨਫ਼ਰੰਸਾਂ ਨਾ ਕਰਨ ਦਾ ਸਤਿਕਾਰ ਕਰਦਿਆਂ ਕਾਂਗਰਸ ਨੇ ਇਸ ਵਾਰ ਮਾਘੀ ਮੇਲੇ ’ਤੇ ਸਿਆਸੀ ਕਾਨਫ਼ਰੰਸ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਨੂੰ ਸਿਆਸੀ ਲਾਭ ਲਈ ਵਰਤਣਾ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ।
ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਚੇਅਰ ਕਾਇਮ ਕਰੇਗੀ ਤੇ ਜਲ੍ਹਿਆਂਵਾਲਾ ਬਾਗ਼ ਵਿੱਚ ਜਾਂ ਆਸ-ਪਾਸ ਉਨ੍ਹਾਂ ਦਾ ਬੁੱਤ ਲਾਇਆ ਜਾਵੇਗਾ।
ਕੈਪਟਨ ਸਰਕਾਰ ਦੇ ਕਰਜ਼ਾ ਮੁਆਫ਼ੀ ਦੇ ਐਲਾਨ ਦੇ ਬਾਵਜੂਦ ਪੰਜਾਬ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਨਹੀਂ ਰੁਕੀਆਂ। ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਖ਼ੁਦਕੁਸ਼ੀਆਂ ਛੱਡ ਕੇ ਸੰਘਰਸ਼ ਦੇ ਰਾਹ ਪੈਣ ਦੇ ਹੋਕੇ ਦੇ ਬਾਵਜੂਦ ਇਹ ਵੱਡਾ ਵਰਗ ਨਿਰਾਸ਼ਾ ਦੇ ਆਲਮ ਵਿੱਚੋਂ ਨਹੀਂ ਨਿਕਲ ਸਕਿਆ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਨੇ ਕਿਸਾਨਾਂ ਨੂੰ ਚੋਣਾਂ ਤੱਕ ਰੁਕਣ ਦੀ ਅਪੀਲ ਕਰਦਿਆਂ ਸਰਕਾਰ ਬਣਨ ’ਤੇ ਸਮੁੱਚਾ ਕਰਜ਼ਾ ਮੁਆਫ਼ ਕਰਨ ਅਤੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀ ਰਾਹਤ ਰਾਸ਼ੀ ਤਿੰਨ ਲੱਖ ਤੋਂ ਵੱਧਾ ਕੇ ਪੰਜ ਲੱਖ ਕਰਨ ਦਾ ਵਾਅਦਾ ਕੀਤਾ ਸੀ। ਕਾਂਗਰਸ ਵੱਡੇ ਬਹੁਮਤ ਨਾਲ ਸੱਤਾ ਵਿੱਚ ਆਈ ਤੇ ਆਉਂਦਿਆਂ ਹੀ ਡਾ. ਟੀ. ਹੱਕ ਦੀ ਅਗਵਾਈ ਵਿੱਚ ਕਮੇਟੀ ਵੀ ਬਣਾ ਦਿੱਤੀ। ਇਸ ਤੋਂ ਬਾਅਦ ਵਿੱਤੀ ਸੰਕਟ ਦੇ ਰੋਣੇ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਦੀ ਉਮੀਦ ਨਿਰਾਸ਼ਾ ਵਿੱਚ ਬਦਲ ਦਿੱਤੀ। ਕਿਸਾਨ ਯੂਨੀਅਨ ਦੇ ਦਾਅਵੇ ਨੂੰ ਮੰਨਿਆ ਜਾਵੇ ਤਾਂ 11 ਮਾਰਚ ਨੂੰ ਸੱਤਾ ਵਿੱਚ ਆਈ ਕੈਪਟਨ ਸਰਕਾਰ ਦੇ ਕਾਰਜਕਾਲ ਵਿੱਚ 345 ਕਿਸਾਨਾਂ ਅਤੇ ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਹੈ।
ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਜਾਰੀ ਕੀਤੀ ਗਈ ਸਾਲਾਨਾ ਛੋਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਹਾੜੇ ਦੀ ਪ੍ਰਵਾਨਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਂਆਂ ਛੁੱਟੀਆਂ ਵਿਚ ਸ਼ਾਮਲ ਕਰ ਦਿੱਤਾ ਸੀ। ਖ਼ਾਲਸਾ ਸਾਜਨਾ ਦਿਹਾੜੇ ਦੀ ਪ੍ਰਵਾਨਤ ਛੁੱਟੀ ਖ਼ਤਮ ਕਰਨ ਦਾ ਸ਼੍ਰੋਮਣੀ ਕਮੇਟੀ ਅਤੇ ਸਿੱਖ ਕੋਆਰਡੀਨੇਸ਼ਨ ਕਮੇਟੀ(ਯੂਐਸਏ) ਵੱਲੋ ਵਿਰੋਧ ਕੀਤਾ ਗਿਆ। ਇਨ੍ਹਾਂ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਖ਼ਾਲਸਾ ਸਾਜਨਾ ਦਿਹਾੜੇ ਦੀ ਪ੍ਰਵਾਨਤ ਛੁੱਟੀ ਬਹਾਲ ਕਰੇ ।
ਅਮਰੀਕਾ ਦੀਆਂ 85 ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਜਥੇਬੰਦੀਆਂ ਦੀ ਬਣੀ ਸਾਂਝੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿੱਖ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਐਲਾਨ ਕੀਤੀਆਂ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਵਸ ਦੀ ਪ੍ਰਵਾਨਿਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਆਂ ਛੁੱਟੀਆਂ ਵਿਚ ਸ਼ਾਮਲ ਕਰ ਦਿੱਤਾ। ਉਨ੍ਹਾਂ ਇਸ ਦੀ ਨਿੰਦਾ ਕਰਦਿਆਂ ਖ਼ਾਲਸਾ ਸਾਜਨਾ ਦਿਵਸ ਦੀ ਛੁੱਟੀ ਨੂੰ ਮੁੜ ਤੋਂ ਗਜ਼ਟਿਡ ਛੁੱਟੀਆਂ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।
ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਵਿੰਗ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਰਕਾਰੀ ਕਾਲਜ ਚੰਡੀਗੜ੍ਹ ਵਿਖੇ ਸਹਾਇਕ ਪ੍ਰੋਫ਼ੈਸਰ ਵਜੋਂ ਤਾਇਨਾਤ ਪੰਡਿਤ ਰਾਓ ਧਰੇਨਵਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਦਫਤਰ ਵਿਖੇ ਪੁੱਜਣ ‘ਤੇ ਸਨਮਾਨਿਤ ਕੀਤਾ। ਪੰਡਿਤ ਰਾਓ ਧਰੇਨਵਰ ਕਰਨਾਟਕਾ ਦੇ ਵਸਨੀਕ ਹਨ ਅਤੇ ਪੰਜਾਬ ਵਿਚ ਪੰਜਾਬੀ ਭਾਸ਼ਾ ਦੇ ਮਾਣ ਸਨਮਾਨ ਲਈ ਮੁਹਿੰਮ ਚਲਾ ਰਹੇ ਹਨ। ਉਹ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੰਜਾਬੀ ਦੀਆਂ ਕਿਤਾਬਾਂ ਲੈਣ ਲਈ ਪਹੁੰਚੇ ਸਨ ਤਾਂ ਜੋ ਅਨੁਵਾਦ ਕਰਕੇ ਕਰਨਾਟਕਾ ਵਿਚ ਪੰਜਾਬੀ ਦਾ ਪ੍ਰਚਾਰ ਪ੍ਰਸਾਰ ਕਰ ਸਕਣ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਐਲਾਨ ਕੀਤੀਆਂ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਵਸ ਦੀ ਪ੍ਰਵਾਨਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਂਆਂ ਛੁੱਟੀਆਂ ਵਿਚ ਸ਼ਾਮਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਮੁੜ ਤੋਂ ਗਜ਼ਟਿਡ ਛੁੱਟੀਆਂ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਅੰਦਰ ਜੰਗਲ ਦਾ ਰਾਜ ਹੈ ਅਤੇ ਕਾਨੂੰਨ ਦਾ ਰਾਜ ਤੇ ਹਲੇਮੀ ਰਾਜ ਦੀ ਕਾਇਮੀ ਤੋਂ ਬਿਨ੍ਹਾਂ ਮਨੁੱਖਤਾ ਦਾ ਭਲਾ ਨਹੀ ਹੋ ਸਕਦਾ। ਉਨ੍ਹਾਂ ਕਿਹਾ ਕਿ ਬਾਦਲ ਦਲ ਦਿੱਲੀ ਦਰਬਾਰ ਅਤੇ ਨਾਗਪੁਰ ਨਾਲ ਮਿਲ ਕੇ ਧਰਮ ਯੁੱਧ ਮੋਰਚੇ ਨੂੰ ਇਤਿਹਾਸ ਵਿੱਚੋਂ ਮਨਫੀ ਕਰਨ ਦਾ ਘੋਰ ਅਪਰਾਧ ਕਰ ਰਿਹਾ ਹੈ। ਇਸੇ ਲੜੀ ਵਿੱਚ ਉਹ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆ ਨੂੰ ਵੀਹਵੀਂ ਸਦੀ ਦਾ ਮਹਾਨ ਸਿੱਖ ਮੰਨਣ ਤੋਂ ਇਨਕਾਰੀ ਹੈ ਭਾਂਵੇ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆ ਨੂੰ ਵੀਹਵੀ ਸਦੀ ਦਾ ਮਹਾਨ ਸਿੱਖ ਕਰਾਰ ਦਿੱਤਾ ਗਿਆ।
Next Page »