November 15, 2016 | By ਨਰਿੰਦਰਪਾਲ ਸਿੰਘ
ਅੰਮ੍ਰਿਤਸਰ (ਨਰਿੰਦਰਪਾਲ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁਖ ਮੰਤਰੀ ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਤਹਿਤ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਇੱਕ 7 ਮੈਂਬਰੀ ਵਫ਼ਦ ਭਾਰਤ ਦੇ ਰਾਸ਼ਟਰਪਤੀ ਨੂੰ ਪੱਤਰ ਸੌਂਪੇਗਾ। ਅੱਜ ਇਥੇ ਗੱਲਬਾਤ ਕਰਦਿਆਂ ਪ੍ਰੋ: ਬਡੂੰਗਰ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਈ ਰਾਜੋਆਣਾ ਵੱਲੋਂ ਆਪਣੀ ਸਜ਼ਾ ਸਬੰਧੀ ਅਦਾਲਤ ਵੱਲੋਂ ਦਿੱਤੇ ਜਾਣ ਵਾਲੇ ਫੈਸਲੇ ਵਿੱਚ ਦੇਰੀ ਹੋਣ ਕਾਰਨ ਭੁੱਖ ਹੜਤਾਲ ਰੱਖੀ ਗਈ ਸੀ। ਜਿਸ ਦੇ ਨਤੀਜੇ ਵਜੋਂ ਭਾਈ ਰਾਜੋਆਣਾ ਦੀ ਸਿਹਤ ਖਰਾਬ ਹੋ ਜਾਣ ‘ਤੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ।
ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਮੁਲਾਕਾਤ ਦੌਰਾਨ ਭਾਈ ਰਾਜੋਆਣਾ ਦੀ ਭੁੱਖ ਹੜਤਾਲ ਖ਼ਤਮ ਕਰਾਉਣ ਉਪਰੰਤ ਇਹ ਵਿਸ਼ਵਾਸ ਦੁਆਇਆ ਗਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾਵੇਗਾ ਜੋ ਕਿ ਰਾਸ਼ਟਰਪਤੀ ਨਾਲ ਮਿਲ ਕੇ ਇਸ ਮਾਮਲੇ ‘ਤੇ ਜਲਦ ਤੋਂ ਜਲਦ ਫੈਸਲਾ ਲੈਣ ਦੀ ਅਪੀਲ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਈ ਰਾਜੋਆਣਾ ਨੂੰ ਮੇਰੇ ਵੱਲੋਂ ਇਕ ਲਿਖਤੀ ਪੱਤਰ ਵੀ ਸੌਂਪਿਆ ਗਿਆ ਜਿਸ ਵਿੱਚ ਵਿਸ਼ੇਸ਼ ਟੀਮ ਦੇ ਗਠਨ ਕੀਤੇ ਜਾਣ ਅਤੇ ਉਸ ਵੱਲੋਂ ਰਾਸ਼ਟਰਪਤੀ ਨੂੰ ਮਿਲਣ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ ਮਨਜੀਤ ਸਿੰਘ ਜੀ.ਕੇ. ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਕਮੇਟੀ, ਹਰਚਰਨ ਸਿੰਘ ਮੁੱਖ ਸਕੱਤਰ ਅਤੇ ਅਵਤਾਰ ਸਿੰਘ ਕਾਨੂੰਨੀ ਸਕੱਤਰ ਸ਼੍ਰੋਮਣੀ ਕਮੇਟੀ ਦੇ ਇਲਾਵਾ ਪਰਮਜੀਤ ਸਿੰਘ ਥਿਆੜਾ ਐਡਵੋਕੇਟ, ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਨਾਮ ਸ਼ਾਮਿਲ ਹਨ।
ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਕਮੇਟੀ ਵੱਲੋਂ ਦੀਰਘ ਵਿਚਾਰ ਕਰਨ ਉਪਰੰਤ ਭਾਰਤ ਦੇ ਰਾਸ਼ਟਰਪਤੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਫਾਂਸੀ ਦੀ ਸਜ਼ਾ ਯਾਫਤਾ ਕੇਂਦਰੀ ਜ਼ੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਹਨ, ਵੱਲੋਂ ਜਾਹਰ ਕੀਤੀ ਇੱਛਾ ਅਤੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਦੀ ਸਜ਼ਾ ਦੇ ਖਿਲਾਫ ਪਾਈ ਦਇਆ ਯਾਚਿਕਾ (ਰਹਿਮ ਦੀ ਅਪੀਲ) ਸਬੰਧੀ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਮੇਰੇ ਨਾਲ ਵਫ਼ਦ ਜਾ ਰਿਹਾ ਹੈ। ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਲਈ ਰਾਸ਼ਟਰਪਤੀ ਪਾਸ ਪਟੀਸ਼ਨ ਦਾਇਰ ਕਰਨ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਭਾਈ ਰਾਜੋਆਣਾ ਰਹਿਮ ਦੀ ਅਪੀਲ ਕੀਤੇ ਜਾਣ ਦੇ ਖਿਲਾਫ ਹਨ ਲੇਕਿਨ ਇਹ ਪਟੀਸ਼ਨ ਸ਼੍ਰੋਮਣੀ ਕਮੇਟੀ ਵਲੋਂ ਹੈ। ਕਮੇਟੀ ਪਹਿਲਾਂ ਵੀ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਸਜ਼ਾ ਮੁਆਫੀ ਲਈ ਅਜਿਹੇ ਕਦਮ ਚੁੱਕ ਚੁਕੀ ਹੈ। ਭਾਈ ਰਾਜੋਆਣਾ ਬਾਰੇ ਵੀ ਪਟੀਸ਼ਨ ਦਾਇਰ ਕੀਤੀ ਸੀ ਲੇਕਿਨ ਕੋਈ ਕਾਰਵਾਈ ਨਹੀਂ ਹੋਈ ਇਸ ਲਈ ਰਾਸ਼ਟਰਪਤੀ ਨੂੰ ਦੁਬਾਰਾ ਅਪੀਲ ਕੀਤੀ ਜਾਵੇਗੀ ਕਿ ਉਹ ਪਟੀਸ਼ਨ ‘ਤੇ ਗੌਰ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਸਿੱਖ ਨਸਲਕੁਸ਼ੀ ਲਈ ਦੋਸ਼ੀ ਮੁਖ ਮੰਤਰੀ ਬੇਅੰਤ ਦੇ ਕਤਲ ਕੇਸ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਲਈ ਭਾਰਤ ਦੇ ਰਾਸ਼ਟਰਪਤੀ ਪਾਸ ਰਹਿਮ ਦੀ ਅਪੀਲ ਦਾਇਰ ਕਰਨ ਦਾ ਫੈਸਲਾ ਲਿਆ ਹੈ।
ਇਸ ਮੌਕੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ, ਅਮਰਜੀਤ ਸਿੰਘ ਬੰਡਾਲਾ, ਅਮਰੀਕ ਸਿੰਘ ਵਿਛੋਆ ਤੇ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਹਰਚਰਨ ਸਿੰਘ ਮੁੱਖ ਸਕੱਤਰ, ਦਿਲਜੀਤ ਸਿੰਘ ਬੇਦੀ ਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਕੁਲਦੀਪ ਸਿੰਘ ਤੇੜਾ ਅਤੇ ਮਲਕੀਤ ਸਿੰਘ ਬਹਿੜਵਾਲ ਸੀਨੀਅਰ ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।
Related Topics: Bhai Balwant Singh Rajoana, Prof. Kirpal Singh Badunger, Shiromani Gurdwara Parbandhak Committee (SGPC)