January 18, 2016 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ/ਕਾਲਾਂਵਾਲੀ ( 17 ਜਨਵਰੀ, 2016): ਪੰਜ ਤਖਤਾਂ ਦੇ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਮਾਫੀਨਾਮਾ ਜਾਰੀ ਕਰਨ ਦੇ ਮਾਮਲੇ ਵਿੱਚ ਅਕਾਲ ਤਖਤ ਸਾਹਿਬ ਵਿਖੇ ਉਨ੍ਹਾਂ ਨੂੰ ਤਲਬ ਕਰਨ ਵਾਲੇ, ਸ਼੍ਰੋਮਣੀ ਕਮੇਟੀ ਵੱਲੋਂ ਬਰਖਾਸਤ ਪੰਜ ਪਿਆਰਿਆਂ ਨੇ ਆਪਣੇ ਕੀਤੇ ਐਲਾਨ ਮੁਤਾਬਿਕ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਪ੍ਰਚਾਰ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ।
ਇਸ ਮੁਹਿੰਮ ਤਹਿਤ ਅੱਜ ਪਹਿਲੇ ਦਿਨ ਹਰਿਆਣਾ ਦੇ ਸ਼ਹਿਰ ਸਿਰਸਾ ਵਿੱਚ ਅੰਮ੍ਰਿਤ ਸੰਚਾਰ ਕੀਤਾ ਗਿਆ ਜਿੱਥੇ ਲਗਪਗ 70 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜ ਪਿਆਰਿਆਂ ਵਿੱਚ ਸ਼ਾਮਲ ਭਾਈ ਸਤਨਾਮ ਸਿੰਘ ਖੰਡਾ ਨੇ ਦੱਸਿਆ ਕਿ ਅੱਜ ਸਿਰਸਾ ਤੋਂ ਅੰਮ੍ਰਿਤ ਸੰਚਾਰ ਤੇ ਗੁਰਮਤਿ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ 30 ਜਨਵਰੀ ਨੂੰ ਫਿਰੋਜ਼ਪੁਰ ਦੇ ਪਿੰਡ ਮੱਲਾਂਵਾਲਾ ਅਤੇ 2 ਫਰਵਰੀ ਨੂੰ ਗਵਾਲੀਅਰ ਵਿੱਚ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ।
ਸਿਰਸਾ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇ ਵਾਲੇ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮ ਕੀਤਾ ਗਿਆ ਹੈ ਜਿਸ ਦਾ ਕਈ ਹੋਰ ਜਥੇਬੰਦੀਆਂ ਵੱਲੋਂ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਿੱਖ ਸੰਗਤ ਨੇ ਪੰਜ ਪਿਆਰਿਆਂ ਵੱਲੋਂ ਕੀਤੇ ਫ਼ੈਸਲਿਆਂ ਦੀ ਸ਼ਲਾਘਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਫ਼ੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਉਹ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਦੇ ਰੌਂਅ ਵਿੱਚ ਨਹੀਂ ਹਨ, ਸਗੋਂ ਸ਼੍ਰੋਮਣੀ ਕਮੇਟੀ ਦੀ ਨੌਕਰੀ ਛੱਡਣ ਮਗਰੋਂ ਹੁਣ ਸਿੱਧੇ ਤੌਰ ’ਤੇ ਗੁਰੂ ਦੀ ਚਾਕਰੀ ਕਰਨਗੇ। ਇਸੇ ਢੰਗ ਨਾਲ ਆਪਣੇ ਬਲਬੂਤੇ ’ਤੇ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਪ੍ਰਚਾਰ ਮੁਹਿੰਮ ਨੂੰ ਜਾਰੀ ਰੱਖਣਗੇ।
ਦੱਸਣਯੋਗ ਹੈ ਕਿ ਇਨ੍ਹਾਂ ਪੰਜ ਪਿਆਰਿਆਂ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਸੌਦਾ ਸਾਧ ਨੂੰ ਮੁਆਫ਼ ਕਰਨ ਦੇ ਮਾਮਲੇ ਵਿੱਚ ਅਹੁਦਿਆਂ ਤੋਂ ਹਟਾਉਣ ਲਈ ਅੰਤ੍ਰਿੰਗ ਕਮੇਟੀ ਨੂੰ ਆਦੇਸ਼ ਦਿੱਤੇ ਗਏ ਸਨ ਪਰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਦੇ ਫ਼ੈਸਲੇ ਨੂੰ ਅਣਡਿੱਠ ਕੀਤੇ ਜਾਣ ਮਗਰੋਂ ਉਨ੍ਹਾਂ ਨੇ ਤਖ਼ਤਾਂ ਦੇ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ।
Related Topics: Akal Takhat Sahib, Dera Sauda Sirsa, Former Panj Pyare of Akal Takht Shaib, Shiromani Gurdwara Parbandhak Committee (SGPC)