February 5, 2016 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ (4 ਫਰਵਰੀ, 2016): ਗਿਆਨੀ ਗੁਰਬਚਨ ਸਿੰਘ ਵੱਲੋਂ ਆਪਣੇ ਹੋਰ ਸਾਥੀਆਂ ਨਾਲ ਮਿਲਕੇ ਦੁਬਈ ਦੇ ਗੁਰਦੁਆਰਾ ਸਾਹਿਬ ਵਿੱਚ ਨਿਤਨੇਮ ਅਤੇ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਬਦਲਣ ਦੇ ਮਾਮਲੇ ‘ਤੇ ਕੀਤੀ ਮੀਟਿੰਗ ਨੂੰ ਡਰਾਮਾ ਕਰਾਰ ਦਿੰਦਿਆਂ ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਥੇ ਅਜਿਹਾ ਕੁਝ ਨਹੀਂ ਵਾਪਰਿਆ।

ਗਿਆਨੀ ਕੇਵਲ ਸਿੰਘ (ਪੁਰਾਣੀ ਫੋਟੋ)
ਉਨ੍ਹਾਂ ਦੋਸ਼ ਲਾਇਆ ਕਿ ਯੋਜਨਾਬੱਧ ਢੰਗ ਨਾਲ ਇਸ ਮਾਮਲੇ ਨੂੰ ਪ੍ਰਚਾਰਿਆ ਗਿਆ ਹੈ ਤਾਂ ਜੋ ਤਖ਼ਤਾਂ ਦੇ ਜਥੇਦਾਰਾਂ ਦੀ ਕੌਮ ਨਾਲ ਬਣੀ ਦੂਰੀ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਇਸ ਸਾਰੀ ਕਾਰਵਾਈ ਨੂੰ ਡਰਾਮਾ ਕਰਾਰ ਦਿੱਤਾ ਅਤੇ ਆਖਿਆ ਕਿ ਇਸ ਸਬੰਧੀ ਸਬੂਤ ਸਿੱਖ ਕੌਮ ਸਾਹਮਣੇ ਰੱਖੇ ਜਾਣ। ਇਹ ਸਬੂਤ ਵੀ ਨਿਰਪੱਖ ਸਿੱਖ ਵਿਦਵਾਨਾਂ ਵੱਲੋਂ ਇਕੱਠੇ ਕੀਤੇ ਹੋਏ ਹੋਣੇ ਚਾਹੀਦੇ ਹਨ।
ਜੇਕਰ ਅੰਮ੍ਰਿਤ ਸੰਚਾਰ ਦੀ ਮਰਿਆਦਾ ਵਿੱਚ ਤਬਦੀਲੀ ਕੀਤੇ ਜਾਣ ਦੇ ਕੋਈ ਸਬੂਤ ਹਨ ਤਾਂ ਉਸ ਨੂੰ ਸਿੱਖ ਕੌਮ ਦੇ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ। ਦੂਜੇ ਪਾਸੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਉਨ੍ਹਾਂ ਕੋਲ ਇਸ ਸਬੰਧੀ ਠੋਸ ਸਬੂਤ ਹਨ।
ਦੱਸਣਯੋਗ ਹੈ ਕਿ ਬੀਤੇ ਦਿਨ ਗਿਆਨੀ ਗੁਰਬਚਨ ਸਿੰਘ, ਗਿਆਨੀ ਮੱਲ ਸਿੰਘ ਅਤੇ ਗਿਆਨੀ ਗੁਰਮੁੱਖ ਸਿੰਘ ਵੱਲੋਂ ਇਸ ਸਬੰਧ ਵਿੱਚ ਸਿੱਖ ਵਿਦਵਾਨਾਂ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਦੁਬਈ ’ਚ ਕੁਝ ਸਿੱਖਾਂ ਵੱਲੋਂ ਆਪਣੇ ਪੱਧਰ ’ਤੇ ਨਿਤਨੇਮ ਅਤੇ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ’ਚ ਬਦਲਾਅ ਕਰਨ ਦਾ ਮਾਮਲਾ ਸਾਹਮਣੇ ਲਿਆਂਦਾ ਗਿਆ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਸਿੱਖ ਸੰਗਤ ਨੂੰ ਸਿੱਖ ਰਹਿਤ ਮਰਿਆਦਾ ਨਾਲ ਛੇੜਛਾੜ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਲਈ ਆਖਿਆ ਗਿਆ ਸੀ।
ਅੱਜ ਇਸ ਮਾਮਲੇ ’ਤੇ ਕਿੰਤੂ-ਪ੍ਰੰਤੂ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਦੋਸ਼ ਲਾਇਆ ਕਿ ਸਿੱਖ ਕੌਮ ਦੀ ਹਮਾਇਤ ਲੈਣ ਵਾਸਤੇ ਅੰਮ੍ਰਿਤ ਸੰਚਾਰ ਮਰਿਆਦਾ ਵਿੱਚ ਤਬਦੀਲੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਉਥੋਂ ਦੇ ਇੱਕ ਜ਼ਿੰਮੇਵਾਰ ਸਿੱਖ ਵਿਅਕਤੀ ਅਮਰਜੀਤ ਸਿੰਘ ਨਾਲ ਗੱਲਬਾਤ ਹੋਈ ਹੈ ਅਤੇ ਉਸ ਨੇ ਦੱਸਿਆ ਕਿ ਦੁਬਈ ਵਿੱਚ ਅਜਿਹਾ ਕੁਝ ਵੀ ਨਹੀਂ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਪੰਜ ਪਿਆਰਿਆਂ ਵੱਲੋਂ ਵੀ ਆਪਣੇ ਪੱਧਰ ’ਤੇ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਉਥੇ ਅਜਿਹਾ ਕੁਝ ਵੀ ਨਹੀਂ ਵਾਪਰਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਥੋਂ ਦੀ ਸਿੱਖ ਸੰਗਤ ਅਕਾਲ ਤਖਤ ਨੂੰ ਸਮਰਪਿਤ ਹੈ ਅਤੇ ਪ੍ਰਵਾਨਿਤ ਰਹਿਤ ਮਰਿਆਦਾ ਅਨੁਸਾਰ ਹੀ ਅੰਮ੍ਰਿਤ ਸੰਚਾਰ ਕਰ ਰਹੀ ਹੈ। ਉਥੋਂ ਦੀ ਸਿੱਖ ਸੰਗਤ ਵੱਲੋਂ ਪ੍ਰਵਾਨਿਤ ਰਹਿਤ ਮਰਿਆਦਾ ਅਨੁਸਾਰ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਣ ਲਈ ਉਨ੍ਹਾਂ ਨੂੰ ਸੱਦਾ ਵੀ ਦਿੱਤਾ ਗਿਆ ਹੈ। ਉਹ ਅਤੇ ਪੰਜ ਪਿਆਰੇ ਫਰਵਰੀ ਦੇ ਆਖਰੀ ਹਫ਼ਤੇ ਉਥੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਣ ਵਾਸਤੇ ਜਾ ਰਹੇ ਹਨ।
ਦੂਜੇ ਪਾਸੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਚਬਨ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਦੁਬਈ ਵਿੱਚ ਨਿਤਨੇਮ ਅਤੇ ਅੰਮ੍ਰਿਤ ਸੰਚਾਰ ਦੀ ਮਰਿਆਦਾ ਵਿੱਚ ਬਦਲਾਅ ਕਰਨ ਸਬੰਧੀ ਕੀਤੇ ਫੈਸਲੇ ਬਾਰੇ ਠੋਸ ਸਬੂਤ ਹਨ। ਉਨ੍ਹਾਂ ਨੂੰ ਇਸ ਸਬੰਧ ਵਿੱਚ ਦੁਬਈ ਵਾਸੀ ਸਿੱਖ ਵਿਅਕਤੀਆਂ ਦੇ ਫੋਨ ਵੀ ਆਏ ਹਨ ਅਤੇ ਉਨ੍ਹਾਂ ਕੋਲ ਉਨ੍ਹਾਂ ਵਿਅਕਤੀਆਂ ਦੀਆਂ ਤਸਵੀਰਾਂ, ਨਾਮ ਅਤੇ ਫੋਨ ਨੰਬਰ ਵੀ ਹਨ, ਜੋ ਇਸ ਸਬੰਧੀ ਮੀਟਿੰਗ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਆਖਿਆ ਕਿ ਗਿਆਨੀ ਕੇਵਲ ਸਿੰਘ ਜਾਂ ਹੋਰ ਇਸ ਸਬੰਧੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਆ ਕੇ ਇਹ ਸਾਰੇ ਸਬੂਤ ਦੇਖ ਸਕਦੇ ਹਨ।
Related Topics: Akal Takht Sahib, Giani Gurbachan Singh, Giani Kewal Singh, Sikhs in UAE