ਸਿਆਸੀ ਖਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਜਨਵਰੀ 2017 ‘ਚ; ਵੋਟ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ

September 7, 2016 | By

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਅਗਲੇ ਵਰ੍ਹੇ ਜਨਵਰੀ ਦੇ ਤੀਜੇ ਜਾਂ ਚੌਥੇ ਹਫ਼ਤੇ ਹੋਣਗੀਆਂ ਅਤੇ ਚੋਣ ਜ਼ਾਬਤਾ ਦਸੰਬਰ ਵਿੱਚ ਲੱਗੇਗਾ। ਮੰਗਲਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟ ਸੂਚੀਆਂ ਦੀ ਸੁਧਾਈ ਦਾ ਅਮਲ ਸ਼ੁਰੂ ਹੋਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਿਜੈ ਕੁਮਾਰ ਸਿੰਘ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਇਸ ਮਹੀਨੇ ਦੇ ਤੀਜੇ ਹਫ਼ਤੇ ਦੌਰਾਨ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਉਣਗੇ।

voting machine

ਵੋਟਿੰਗ ਮਸ਼ੀਨ ਸਿਰਫ ਪ੍ਰਤੀਕ ਦੇ ਤੌਰ ‘ਤੇ ਵਰਤੀ ਗਈ

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨੌਜਵਾਨਾਂ ਦੀਆਂ ਵੋਟਾਂ ਘੱਟ ਬਣੀਆਂ ਹਨ। ਇਸ ਲਈ ਭਲਕੇ ਸ਼ੁਰੂ ਹੋਣ ਵਾਲੀ ਮੁਹਿੰਮ ਦੌਰਾਨ ਨੌਜਵਾਨਾਂ ਦੀਆਂ ਵੋਟਾਂ ਬਣਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ਪੰਜਾਬ ਵਿੱਚ 18 ਸਾਲ ਤੋਂ ਉੱਪਰਲੀ ਉਮਰ ਦੇ ਨੌਜਵਾਨ ਜਿਨ੍ਹਾਂ ਦੀਆਂ ਵੋਟਾਂ ਬਣਨੀਆਂ ਚਾਹੀਦੀਆਂ ਹਨ, ਦੀ ਗਿਣਤੀ 11 ਲੱਖ 50 ਹਜ਼ਾਰ 357 ਹੈ। ਇਨ੍ਹਾਂ ਵਿੱਚੋਂ 95 ਹਜ਼ਾਰ 22 ਵੋਟਾਂ ਹੀ ਬਣੀਆਂ ਹਨ। ਇਸ ਤਰ੍ਹਾਂ ਨਾਲ 10 ਲੱਖ ਤੋਂ ਜ਼ਿਆਦਾ ਨੌਜਵਾਨਾਂ ਦੀਆਂ ਵੋਟਾਂ ਬਣਨ ਵਾਲੀਆਂ ਹਨ। ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਵਿਦਿਅਕ ਸੰਸਥਾਵਾਂ ਵਿੱਚ ਵਿਸ਼ੇਸ਼ ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਾਰੀਆਂ ਸਿਆਸੀ ਧਿਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵੋਟਾਂ ਬਣਾਉਣ ’ਚ ਮਦਦ ਕਰਨ ਲਈ ਕਿਹਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਦੀ ਕੁੱਲ ਵਸੋਂ 2 ਕਰੋੜ 95 ਲੱਖ 23 ਹਜ਼ਾਰ 569 ਹੈ। ਇਸ ਵਿੱਚੋਂ 18 ਸਾਲ ਤੋਂ ਉਪਰਲੀ ਉਮਰ ਦੇ ਪੁਰਸ਼ਾਂ ਤੇ ਔਰਤਾਂ ਦੀ ਗਿਣਤੀ ਇਕ ਕਰੋੜ 99 ਲੱਖ 49 ਹਜ਼ਾਰ 125 ਦੇ ਕਰੀਬ ਹੈ। ਇਸੇ ਸਮੇਂ ਇਕ ਕਰੋੜ 92 ਲੱਖ 14 ਹਜ਼ਾਰ 509 ਦੀਆਂ ਵੋਟਾਂ ਬਣੀਆਂ ਹੋਈਆਂ ਹਨ ਤੇ ਇਹ ਅੰਕੜਾ 96.32 ਫ਼ੀਸਦੀ ਬਣਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਭਾਵੇਂ ਪੰਜਾਬ ਦੀ ਰਾਜਧਾਨੀ ਹੈ ਪਰ ਕੇਂਦਰ ਸ਼ਾਸਿਤ ਪ੍ਰਦੇਸ਼ ਹੋਣ ਕਾਰਨ ਇੱਥੋਂ ਦੇ ਵੋਟਰ ਪੰਜਾਬ ਦੀਆਂ ਚੋਣਾਂ ਲਈ ਯੋਗ ਨਹੀਂ ਮੰਨੇ ਜਾਂਦੇ। ਵੀ. ਕੇ. ਸਿੰਘ ਨੇ ਕਿਹਾ ਕਿ ਇਸ ਵਾਰੀ ਚੋਣ ਪ੍ਰਕਿਰਿਆ ਗੁੰਝਲਦਾਰ ਹੈ। ਇਸ ਲਈ ਸੁਪਰਵਾਈਜ਼ਰ ਪੱਧਰ ਦੇ ਅਫ਼ਸਰਾਂ ਨੂੰ ਹੁਣੇ ਤੋਂ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,