March 15, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 16 ਮਾਰਚ ਨੂੰ ਸੱਤ ਕੈਬਨਿਟ ਤੇ ਦੋ ਰਾਜ ਮੰਤਰੀਆਂ ਦੀ ਟੀਮ ਸਹੁੰ ਚੁੱਕਣ ਜਾ ਰਹੀ ਹੈ। ਨੰਗਲ ਤੋਂ ਵਿਧਾਇਕ ਰਾਣਾ ਕੇ.ਪੀ. ਸਿੰਘ ਨੂੰ ਸਪੀਕਰ ਬਣਾਉਣ ਦੀ ਤਿਆਰੀ ਹੈ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਤੇ ਹੋਰ ਆਗੂ ਹਿੱਸਾ ਲੈਣਗੇ। ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਆਪਣੇ ਵਜ਼ਾਰਤੀ ਸਾਥੀਆਂ ਦੀ ਸੂਚੀ ਸੌਂਪ ਦਿੱਤੀ ਹੈ। ਇਸ ਸੂਚੀ ਵਿੱਚ ਕਾਂਗਰਸ ਮੀਤ ਪ੍ਰਧਾਨ ਨੇ ਇਕ ਹੋਰ ਨਾਂ ਸ਼ਾਮਲ ਕਰਾਇਆ ਹੈ। ਵਜ਼ਾਰਤ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਤੋਂ ਨਵਜੋਤ ਸਿੱਧੂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਪਰ ਇਹ ਪਤਾ ਨਹੀਂ ਲੱਗ ਸਕਿਆ ਕਿ ਉਨ੍ਹਾਂ ਨੂੰ ਕੈਬਨਿਟ ਮੰਤਰੀ ਜਾਂ ਉਪ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ।
ਬਠਿੰਡਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੂੰ ਵਜ਼ਾਰਤ ’ਚ ਸ਼ਾਮਲ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਸੂਬੇ ਦਾ ਵਿੱਤ ਮੰਤਰੀ ਬਣਾਇਆ ਜਾਵੇਗਾ। ਪਟਿਆਲਾ ਤੋਂ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਕਾਂਗਰਸ ਵਿਧਾਇਕ ਦਲ ਦੇ ਸਾਬਕਾ ਆਗੂ ਚਰਨਜੀਤ ਸਿੰਘ ਚੰਨੀ ਨੂੰ ਕੈਬਿਨਟ ’ਚ ਸ਼ਾਮਲ ਕਰਨ ਦੀ ਤਿਆਰੀ ਹੈ।
ਇਨ੍ਹਾਂ ਤੋਂ ਇਲਾਵਾ ਦੋ ਰਾਜ ਮੰਤਰੀਆਂ ਨੂੰ ਵੀ ਸਹੁੰ ਚੁਕਾਈ ਜਾ ਰਹੀ ਹੈ। ਇਨ੍ਹਾਂ ’ਚ ਸੰਗਰੂਰ ਜ਼ਿਲ੍ਹੇ ਤੋਂ ਰਜ਼ੀਆ ਸੁਲਤਾਨਾ ਤੇ ਗੁਰਦਾਸਪੁਰ ਜ਼ਿਲ੍ਹੇ ਤੋਂ ਅਰੁਣਾ ਚੌਧਰੀ ਸ਼ਾਮਲ ਹਨ। ਦੂਜੇ ਗੇੜ ਵਿੱਚ ਹੋਰ ਮੰਤਰੀਆਂ ਤੇ ਇਕ ਡਿਪਟੀ ਸਪੀਕਰ ਨੂੰ ਸਹੁੰ ਚੁਕਾਏ ਜਾਣ ਦੀ ਸੰਭਾਵਨਾ ਹੈ। ਸਹੁੰ ਚੁੱਕ ਸਮਾਗਮ ’ਚ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਸਹਾਇਕ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰ ਆਗੂਆਂ ਦੇ ਹਾਜ਼ਰ ਹੋਣ ਦੀ ਸੰਭਾਵਨਾ ਹੈ।
ਸਬੰਧਤ ਖ਼ਬਰ:
ਕੈਪਟਨ ਅਮਰਿੰਦਰ ਸਿੰਘ 16 ਮਾਰਚ ਨੂੰ ਸਵੇਰੇ 10 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ …
Related Topics: Captain Amrinder Singh Government, Congress Government in Punjab 2017-2022, Punjab Results 2017, Rahul Gandhi