May 26, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ‘ਤੇ ਕੀਤੇ ਜਾ ਰਹੇ ਨਜਾਇਜ਼ ਕਬਜ਼ਿਆਂ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਹੈ ਕਿ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਖਦੀ ਹੈ, ਪਰ ਪਿਛਲੇ ਸਮੇਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਕੁਝ ਲੋਕ ਸਥਾਨਕ ਕਮੇਟੀਆਂ ਬਣਾ ਕੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ‘ਤੇ ਕਾਬਜ਼ ਹੋਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇਸ ਮਸਲੇ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਦਾ ਧਿਆਨ ਗੁਰਦੁਆਰਾ ਸਾਹਿਬ ਭਾਈ ਰੂਪਾ (ਬਠਿੰਡਾ), ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਮੌੜ ਕਲਾਂ (ਬਠਿੰਡਾ), ਗੁਰਦੁਆਰਾ ਤੰਬੂ ਮੱਲ ਸਾਹਿਬ, ਮੋਗਾ ਅਤੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਤ੍ਰਿਪਤਸਰ, ਜਲਾਲ (ਬਠਿੰਡਾ) ਵੱਲ ਦਿਵਾਉਂਦਿਆਂ ਕਿਹਾ ਕਿ ਇਨ੍ਹਾਂ ਗੁਰਦੁਆਰਿਆਂ ਦੀਆਂ ਜ਼ਮੀਨਾਂ ਦੇ ਪ੍ਰਬੰਧ ਗੁਰਦੁਆਰਾ ਸਾਹਿਬਾਨ ਨੂੰ ਦਿਵਾਉਣ ਲਈ ਪ੍ਰਸ਼ਾਸਕੀ ਕਾਰਵਾਈ ਕੀਤੀ ਜਾਵੇ।
ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਭਾਈ ਰੂਪਾ ਬਠਿੰਡਾ ਦੀ 161 ਏਕੜ ਜ਼ਮੀਨ ਉਪਰ ਸਥਾਨਕ ਲੋਕ ਲੰਗਰ ਕਮੇਟੀ ਦੇ ਨਾਮ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਰਹੇ ਹਨ, ਜਦਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿਚ ਫ਼ੈਸਲਾ ਦਿੱਤਾ ਹੋਇਆ ਹੈ। ਇਸ ਦੇ ਬਾਵਜੂਦ ਸਥਾਨਕ ਪ੍ਰਸ਼ਾਸਨ ਦੀ ਢਿੱਲ ਕਾਰਨ ਗੁਰਦੁਆਰੇ ਨੂੰ ਜ਼ਮੀਨ ਪ੍ਰਾਪਤ ਨਹੀਂ ਹੋ ਸਕੀ। ਇਸੇ ਤਰ੍ਹਾਂ ਗੁਰਦੁਆਰਾ ਪਾਤਸ਼ਾਹੀ ਨੌਵੀਂ, ਮੌੜ ਕਲਾਂ ਬਠਿੰਡਾ ਦੀ 130 ਏਕੜ ਜ਼ਮੀਨ ਵੀ ਕਬਜ਼ਾਧਾਰੀਆਂ ਨੇ ਦੱਬੀ ਹੋਈ ਹੈ। ਮੁੱਖ ਮੰਤਰੀ ਨੂੰ ਪ੍ਰੋ. ਬਡੂੰਗਰ ਨੇ ਸਥਾਨਕ ਕਮੇਟੀਆਂ ਬਣਾ ਕੇ ਗੁਰਦੁਆਰਿਆਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲੇ ਲੋਕਾਂ ਖ਼ਿਲਾਫ਼ ਕਰਵਾਈ ਕਰਨ ਲਈ ਵੀ ਲਿਖਿਆ ਹੈ। ਇਸ ਸਬੰਧੀ ਉਨ੍ਹਾਂ ਗੁਰਦੁਆਰਾ ਤੰਬੂ ਮੱਲ ਸਾਹਿਬ, ਮੋਗਾ ਦਾ ਹਵਾਲਾ ਦਿੱਤਾ ਹੈ, ਜਿਸ ਦੀ ਸ਼ੈਕਸਨ 87 ਅਧੀਨ ਪ੍ਰਵਾਨਤ ਲੋਕਲ ਕਮੇਟੀ ਨੂੰ ਮਾਨਤਾ ਨਾ ਦੇ ਕੇ ਗਲਤ ਤਰੀਕੇ ਨਾਲ ਬਣਾਈ ਕਮੇਟੀ ਰਾਹੀਂ ਪ੍ਰਬੰਧ ‘ਚ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ, ਤ੍ਰਿਪਤਸਰ ਬਠਿੰਡਾ ਦੀ ਸਾਢੇ 12 ਏਕੜ ਜ਼ਮੀਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ‘ਤੇ ਵੀ ਕੁਝ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਹੈ।
ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਫੌਰੀ ਰੋਕਣ ਲਈ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।
Related Topics: Captain Amrinder Singh Government, Corruption in Gurdwara Management, Shiromani Gurdwara Parbandhak Committee (SGPC)