October 8, 2017 | By ਨਰਿੰਦਰ ਪਾਲ ਸਿੰਘ
ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਮਰੀਕਾ, ਜਰਮਨੀ, ਯੂ.ਕੇ., ਕੈਨੇਡਾ ਤੇ ਪੰਜਾਬ ਦੀਆਂ ਇਕਾਈਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪਾਸੋਂ ਅੱਜ (8 ਅਕਤਬੂਰ, 2017) ਮੰਗ ਕੀਤੀ ਹੈ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ, ਸ਼ਹੀਦ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਈ ਜਾਏ। ਇਹ ਵੀ ਮੰਗ ਕੀਤੀ ਗਈ ਹੈ ਕਿ ਜੂਨ 1984 ਵਿੱਚ ਭਾਰਤੀ ਫੌਜ ਨਾਲ ਮੁਕਾਬਲਾ ਕਰਦਿਆਂ ਸ਼ਹੀਦ ਹੋਣ ਵਾਲੇ ਭਾਈ ਮਹਿੰਗਾ ਸਿੰਘ ਬੱਬਰ ਦੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਯੋਗ ਯਾਦਗਾਰ ਸਥਾਪਿਤ ਕੀਤੀ ਜਾਏ।
ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਜਰਮਨੀ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਭਲਵਾਨ ਵਲੋਂ ਭੇਜੀ ਜਾਣਕਾਰੀ ਅਨੁਸਾਰ ਜਥੇ ਦੇ ਕਨਵੀਨਰ ਅਰਜਨ ਸਿੰਘ ਸ਼ੇਰਗਿੱਲ, ਜਰਮਨੀ ਤੋਂ ਭਾਈ ਭੁਪਿੰਦਰ ਸਿੰਘ ਭਲਵਾਨ, ਧਰਮ ਪ੍ਰਚਾਰ ਲਹਿਰ ਦੇ ਮਾਸਟਰ ਬਲਦੇਵ ਸਿੰਘ, ਭਾਈ ਮਹਾਂਬੀਰ ਸਿੰਘ ਸੁਲਤਾਨ ਵਿੰਡ ਅਤੇ ਖਾਲਸਾ ਕਾਲਜ ਚੰਵਿਢਾ ਦੇਵੀ ਦੇ ਸਾਬਕਾ ਪ੍ਰਿੰਸੀਪਲ ਬਲਜਿੰਦਰ ਸਿੰਘ ਹੁਰਾਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕਰਕੇ ਇਸ ਲਈ ਮੰਗ ਪੱਤਰ ਸੌਪਿਆ।
ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਮਰੀਕਾ ਦੇ ਭਾਈ ਰਣਧੀਰ ਸਿੰਘ, ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਜਰਮਨੀ ਦੇ ਭਾਈ ਭੁਪਿੰਦਰ ਸਿੰਘ ਭਲਵਾਨ, ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਯੂ.ਕੇ. ਦੇ ਭਾਈ ਜੁਝਾਰ ਸਿੰਘ, ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਕੈਨੇਡਾ ਦੇ ਭਾਈ ਜਸਵੰਤ ਸਿੰਘ, ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਕਨਵੀਨਰ ਅਰਜਨ ਸਿੰਘ ਸ਼ੇਰਗਿੱਲ, ਧਰਮ ਪ੍ਰਚਾਰ ਲਹਿਰ ਦੇ ਮਾਸਟਰ ਬਲਦੇਵ ਸਿੰਘ, ਭਾਈ ਮਹਾਂਬੀਰ ਸਿੰਘ ਸੁਲਤਾਨਵਿੰਡ ਅਤੇ ਪ੍ਰਿੰਸੀਪਲ ਬਲਜਿੰਦਰ ਸਿੰਘ ਦੇ ਦਸਤਖਤ ਹਨ। ਪ੍ਰੋ. ਬਡੂੰਗਰ ਨੇ ਵਫਦ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਦਿੱਤੇ ਗਏ ਮੰਗ ਪੱਤਰ ‘ਤੇ ਵਿਚਾਰ ਕਰਨਗੇ।
Related Topics: Akhand Kirtani Jatha International, Bhupinder Singh Bhalwan, Kendri Sikh Ajaibghar, Khalistan Movement, Prof. Kirpal Singh Badunger, Shiromani Gurdwara Parbandhak Committee (SGPC), Sikh Freedom Struggle