March 1, 2018 | By ਸਿੱਖ ਸਿਆਸਤ ਬਿਊਰੋ
ਰੂਪਨਗਰ/ਸ੍ਰੀ ਆਨੰਦਪੁਰ ਸਾਹਿਬ: ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਇੰਟਰਨੈਸਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਅਤੇ ਐਸੋਸੀਏਸ਼ਨ ਆਫ ਇੰਡੀਆ ਵਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੌਥਾ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਗਿਆ ਜਿਸ ਵਿਚ ਚੋਟੀ ਦੀਆਂ ਗੱਤਕਾ ਟੀਮਾਂ ਨੇ ਜੰਗਜੂ ਕਲਾ ਦੇ ਜੌਹਰ ਵਿਖਾਏ।
ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਜਿਲਾ ਗੱਤਕਾ ਐਸੋਸੀਏਸ਼ਨ ਰੂਪਨਗਰ ਦੇ ਸਹਿਯੋਗ ਨਾਲ ਕਰਵਾਏ ਇਸ ਮੁਕਾਬਲੇ ਦਾ ਉਦਘਾਟਨ ਇਸਮਾ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕੀਤਾ।
ਆਪਣੇ ਸੰਬੋਧਨ ਵਿਚ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਗੱਤਕਾ ਖੇਡ ਦਾ ਭਵਿੱਖ ਬਹੁਤ ਉਜੱਲ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਆਪਣੇ ਸਭਿਆਚਾਰ, ਵਿਰਸੇ ਤੇ ਮਾਂ-ਬੋਲੀ ਨਾਲ ਜੋੜਨ ਲਈ ਗੱਤਕਾ ਖੇਡ ਵੱਲ ਪ੍ਰੇਰਿਤ ਕਰਨ ਤਾਂ ਜੋ ਗੱਤਕੇ ਨੂੰ ਘਰ-ਘਰ ਦੀ ਖੇਡ ਬਣਾਇਆ ਜਾਵੇ ਅਤੇ ਪਿੰਡ ਪੱਧਰ ‘ਤੇ ਗੱਤਕਾ ਅਖਾੜੇ ਖੋਲ੍ਹ ਕੇ ਬੱਚਿਆਂ ਨੂੰ ਸਿਖਲਾਈ ਦਿੱਤੀ ਜਾਵੇ।
ਉਨ੍ਹਾਂ ਸਮੂਹ ਰਾਜਸੀ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਗੱਤਕੇ ਨੂੰ ਦੇਸ਼ਾਂ-ਵਿਦੇਸ਼ਾਂ ਵਿਚ ਪ੍ਰਫੁੱਲਤ ਕੀਤਾ ਜਾਵੇਗਾ ਤਾਂ ਜੋ ਗੱਤਕੇ ਨੂੰ ਓਲੰਪਿਕ ਖੇਡਾਂ ਵਿਚ ਸ਼ਾਮਲ ਕਰਵਾਇਆ ਜਾ ਸਕੇ।
ਇਮਮਾ ਦੇ ਚੇਅਰਮੈਨ ਨੇ ਨੌਜਵਾਨਾਂ ਨੂੰ ਜਿੱਥੇ ਖੇਡਾਂ ਵੱਲ ਰੁਚਿਤ ਹੋਣ ਲਈ ਪ੍ਰੇਰਿਤ ਕੀਤਾ ਉਥੇ ਨਾਲ ਹੀ ਆਖਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ਅਤੇ ਉਸਾਰੂ ਕੰਮਾਂ ਵੱਲ ਲਾਉਣ ਅਤੇ ਬੱਚਿਆਂ ਅੰਦਰ ਚੰਗੇ ਸੰਸਕਾਰ ਪੈਦਾ ਕਰਨ ਲਈ ਗੱਤਕਾ ਖੇਡ ਨੂੰ ਅਪਨਾਇਆ ਜਾਵੇ ਕਿਊਂਕਿ ਜਿਥੇ ਗੱਤਕੇ ਨਾਲ ਸ਼ਰੀਰ ਦੀ ਵਰਜਿਸ਼ ਹੋਵੇਗੀ ਅਤੇ ਮੰਨ ਵਿਚ ਚੰਗੇ ਖਿਆਲ ਵੀ ਪੈਦਾ ਹੋਣਗੇ।
Related Topics: Gatka Association