May 16, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੁਸਤਕ ਵਿੱਚੋਂ ਸਿੱਖ ਇਤਿਹਾਸ ਮਨਫੀ ਕਰਨ ਦਾ ਮਾਮਲਾ ਅਜੇ ਠੰਢਾ ਨਹੀਂ ਪਿਆ ਕਿ ਹੁਣ ਆਰਐੱਸਐੱਸ ਦੇ ਮੁੱਖ ਕੇਂਦਰ ਨਾਗਪੁਰ ਵਿੱਚ ਸ੍ਰੀ ਭਾਰਤੀ ਪ੍ਰਕਾਸ਼ਨ ਵੱਲੋਂ ਛਾਪੀਆਂ ਕਿਤਾਬਾਂ ਵਿੱਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨਾਲ ਛੇੜਛਾੜ ਦਾ ਮਾਮਲਾ ਭਖ਼ਣ ਲੱਗਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਭਾਰਤ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਕੋਲੋਂ ਕਾਰਵਾਈ ਦੀ ਮੰਗ ਕੀਤੀ ਹੈ।
ਲੌਂਗੋਵਾਲ ਨੇ ਕਿਹਾ ਕਿ ਆਰਐੱਸਐੱਸ ਦੀ ਇਸ ਕਾਰਵਾਈ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ ਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਭਾਰਤ ਦੇ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਸਬੰਧਤ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਲਈ ਚਿੱਠੀ ਲਿਖੀ ਗਈ ਹੈ। ਉਨ੍ਹਾਂ ਆਰਐੱਸਐੱਸ ਅਤੇ ਕਿਤਾਬਾਂ ਦੇ ਪ੍ਰਕਾਸ਼ਕ ਨੂੰ ਤਾੜਨਾ ਕੀਤੀ ਹੈ ਕਿ ਉਹ ਵਿਵਾਦਤ ਕਿਤਾਬਾਂ ਨੂੰ ਤੁਰੰਤ ਵਾਪਸ ਲੈਣ ਤੇ ਸਿੱਖ ਜਗਤ ਕੋਲੋਂ ਮੁਆਫ਼ੀ ਮੰਗਣ। ਉਨ੍ਹਾਂ ਆਰਐੱਸਐਸ ਨੂੰ ਵੀ ਨਸੀਹਤ ਦਿੱਤੀ ਹੈ ਕਿ ਉਹ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਤੋਂ ਗੁਰੇਜ਼ ਕਰਨ।
ਸਬੰਧਿਤ ਖ਼ਬਰ: ਸੰਘ(ਆਰ.ਐਸ.ਐਸ) ਵਲੋਂ ਕਿਤਾਬਾਂ ਰਾਹੀਂ ਸਿੱਖ ਧਰਮ, ਸਿੱਖ ਇਤਿਹਾਸ ‘ਤੇ ਸਿੱਧਾ ਹਮਲਾ
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਵੱਖਰੇ ਬਿਆਨ ਰਾਹੀਂ ਆਖਿਆ ਕਿ ਆਰਐੱਸਐੱਸ ਵੱਲੋਂ ਹਿੰਦੀ ਭਾਸ਼ਾ ਵਿੱਚ ਛੋਟੀਆਂ ਛੋਟੀਆਂ ਕਿਤਾਬਾਂ ਛਾਪੀਆਂ ਜਾ ਰਹੀਆਂ ਹਨ, ਜਿਸ ਵਿੱਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਕਿਤਾਬ ਵਿੱਚ ਗੁਰੂ ਸਾਹਿਬਾਨ ਨੂੰ ਗਊ ਪੂਜਕ ਅਤੇ ਹਿੰਦੂ ਰੀਤੀ ਰਿਵਾਜਾਂ ਦਾ ਹਾਮੀ ਸਿੱਧ ਕਰਨ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ 2016 ਵਿੱਚ ਪ੍ਰਕਾਸ਼ਿਤ ਇਹ ਕਿਤਾਬਾਂ ਲੰਮੇ ਸਮੇਂ ਤੋਂ ਲੋਕਾਂ ਵਿੱਚ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ ਅਤੇ ਸਿੱਖ ਜਥੇਬੰਦੀਆਂ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ ਹੈ।
Related Topics: Avtar Singh Makkar, Gobind Singh Longowal, RSS, Shiromani Gurdwara Parbandhak Committee (SGPC)