June 15, 2014 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ (14 ਜੂਨ 2014): ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੇ ਪ੍ਰਧਾਨ ਦੀਦਾਰ ਸਿੰਘ ਨਲਵੀ ਦੇ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੇ ਬਿਆਨ ਦੀ ਨਿਖੇਧੀ ਕਰਦਿਆਂ ਸ੍ਰ. ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਸ੍ਰੀ ਨਲਵੀ ਅਜਿਹੇ ਬਿਆਨ ਦੇ ਕੇ ਸਿੱਖਾਂ ਵਿੱਚ ਪਾੜਾ ਪਾਉਣ ਤੋਂ ਗੁਰੇਜ਼ ਕਰਨ ਅਤੇ ਉਹ ਕਾਂਗਰਸ ਦਾ ਹੱਥ ਠੋਕਾ ਬਣ ਕੇ ਨਾ ਵਿਚਰਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਦਿਨੀਂ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੀ ਸੋਚੀ ਸਮਝੀ ਸਾਜ਼ਿਸ਼ ਤਹਿਤ ਬਿਆਨ ਦੇ ਕੇ ਸਿੱਖ ਕੌਮ ਨੂੰ ਵੰਡਣ ਦੀ ਕੋਝੀ ਸਾਜ਼ਿਸ਼ ਰਚੀ ਸੀ।
ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਕੇਵਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੈ ਅਤੇ ਸਿੱਖ ਕੌਮ ਨੂੰ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਹਰਗਿਜ਼ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਹਰਿਆਣਾ ਸਰਕਾਰ ਦਾ ਕੋਈ ਵੀ ਲੁਕਵਾਂ ਕਦਮ ਸੰਸਦ ਦੀਆਂ ਸ਼ਕਤੀਆਂ ਦੀ ਸਿੱਧੀ ਉਲੰਘਣਾ ਹੋਵੇਗੀ।
ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਨਲਵੀ ਸਿੱਖ ਕੌਮ ਨਾਲ ਗੱਦਾਰ ਵਰਗਾ ਰੋਲ ਨਾ ਨਿਭਾਵੇ। ਉਨ੍ਹਾਂ ਹੁੱਡਾ ਦੇ ਬਿਆਨ ’ਤੇ ਵੀ ਪ੍ਰਤੀਕਰਮ ਕਰਦਿਆਂ ਕਿਹਾ ਕਿ ਹੁੱਡਾ ਸਿੱਖ ਭਾਈਚਾਰੇ ਵਿੱਚ ‘ਪਾੜੋ ਅਤੇ ਰਾਜ ਕਰੋ’ ਦੀ ਨੀਤੀ ਨੂੰ ਤਿਆਗ ਦੇਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਐਕਟ 1925 ਅਨੁਸਾਰ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਬਹੁਤ ਸੁਚਾਰੂ ਢੰਗ ਨਾਲ ਕਰਦੀ ਆ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿਹਾ ਕਿ ਹਰਿਆਣਾ ਦੀ ਕਾਂਗਰਸ ਜਮਾਤ ਗੁਰਦੁਆਰਿਆਂ ਦੇ ਪ੍ਰਬੰਧ ’ਚ ਘੁਸਪੈਠ ਕਰਨਾ ਚਾਹੁੰਦੀ ਹੈ, ਜੋ ਸਿੱਖ ਜਗਤ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।
ਪ੍ਰਧਾਨ ਅਵਤਾਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿਘ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਣੇ ਸਰੂਪ ਨਾਲ ਕਿਸੇ ਨੂੰ ਵੀ ਛੇੜਛਾੜ ਕਰਨ ਦੀ ਆਗਿਆ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਇਮੀ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ’ਚ ਸਿੱਖ ਕੌਮ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ, ਜਾਇਦਾਦਾਂ ਕੁਰਕ ਕਰਵਾਈਆਂ ਤੇ ਜੇਲ੍ਹਾਂ ਕੱਟ ਕੇ ਗੁਰਦੁਆਰਿਆਂ ਦਾ ਪ੍ਰਬੰਧ ਸੰਗਤੀ ਬਣਾਇਆ।
Related Topics: Avtar Singh Makkar, Shiromani Gurdwara Parbandhak Committee (SGPC), Sikhs in Haryana