ਚੰਡੀਗੜ੍ਹ: ਆਮ ਆਦਮੀ ਪਾਰਟੀ ਲਈ ਰਾਸ਼ਟਰਪਤੀ ਦੀ ਚੋਣ ਵੇਲੇ ਕਾਂਗਰਸ ਦੀ ਅਗਵਾਈ ਵਾਲੇ ਯੂ.ਪੀ.ਏ. ਤੇ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਵਿੱਚੋਂ ਕਿਸੇ ਇਕ ਨੂੰ ਚੁਣਨ ਦੇ ਮਸਲੇ ‘ਤੇ ਵਿਚਾਰ ਕਰਨ ਲਈ ਪਾਰਟੀ ਨੇ ਅੱਜ ਸ਼ਾਮ (ਵੀਰਵਾਰ) ਦਿੱਲੀ ਵਿੱਚ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਜਾਵੇਗਾ ਕਿ ਰਾਸ਼ਟਰਪਤੀ ਚੋਣਾਂ ਵਿੱਚ ਪਾਰਟੀ ਵੱਲੋਂ ਕਿਸ ਉਮੀਦਵਾਰ ਦੇ ਪੱਖ ਵਿੱਚ ਵੋਟ ਪਾਈ ਜਾਵੇ। ਪਾਰਟੀ ਦੀ ਰਾਜਨੀਤਕ ਮਸਲਿਆਂ ਨਾਲ ਸਬੰਧਤ ਕਮੇਟੀ ਇਸ ਮਾਮਲੇ ‘ਤੇ ਵਿਚਾਰ ਕਰਨ ਲਈ ਮੀਟਿੰਗ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਕਰੇਗੀ।
ਜ਼ਿਕਰਯੋਗ ਹੈ ਕਿ ਭਾਰਤ ‘ਚ ਰਾਸ਼ਟਰਪਤੀ ਚੋਣਾਂ ਆਉਣ ਵਾਲੀ 17 ਜੁਲਾਈ ਨੂੰ ਹੋਣ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਨੂੰ ਐਨ.ਡੀ.ਏ ਦੇ ਉਮੀਦਵਾਰ ਰਾਮ ਨਾਥ ਕੋਵਿੰਦ ਤੇ ਯੂ.ਪੀ.ਏ. ਦੀ ਉਮੀਦਵਾਰ ਮੀਰਾ ਕੁਮਾਰ ਵਿੱਚੋਂ ਕਿਸੇ ਇੱਕ ਨੂੰ ਚੁਣਨਾ ਹੋਵੇਗਾ।
ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਦੇ 4 ਸੰਸਦ ਮੈਂਬਰ ਹਨ। ਇਸ ਤੋਂ ਇਲਾਵਾ ਦਿੱਲੀ ਵਿੱਚ 66 ਵਿਧਾਇਕ ਅਤੇ ਪੰਜਾਬ ਵਿੱਚ ਪਾਰਟੀ ਦੀ ਭਾਈਵਾਲ ਪਾਰਟੀ ਦੇ ਦੋ ਮੈਂਬਰਾਂ ਸਣੇ ਕੁੱਲ 22 ਵਿਧਾਇਕ ਹਨ।
ਦਿੱਲੀ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਸਪੀਕਰ ਕੇ.ਪੀ. ਰਾਣਾ ਨੇ ਆਪ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ‘ਚੋਂ ਬਾਹਰ ਕੱਢਣ ਦਾ ਹੁਕਮ ਦੇ ਕੇ ਲੋਕਤੰਤਰ ਦਾ ਕਤਲ ਕੀਤਾ ਹੈ। ਮਾਨ ਨੇ ਕਿਹਾ ਸੰਸਦ ਵਿੱਚ ਬੋਲਣ ਦਾ ਮੌਕਾ ਨਾ ਮਿਲਣ ‘ਤੇ ਦੁਹਾਈ ਪਾਉਣ ਵਾਲੀ ਕਾਂਗਰਸ ਸੱਤਾ ‘ਤੇ ਕਾਬਜ਼ ਹੋਣ ਮਗਰੋਂ ਬਿਲਕੁਲ ਉਲਟ ਰੁਖ ਅਪਣਾਉਂਦੀ ਹੈ।