November 25, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਮਾਣਾ ਵਿੱਚ ਰੈਲੀ ਮੌਕੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਹਲਕੇ ਤੋਂ ਡਾ. ਬਲਬੀਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਚੋਣ ਲੜਨਗੇ।
ਰੈਲੀ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ‘ਆਪ’ ਦਾ ਹਰ ਵਾਲੰਟੀਅਰ ਮਰਨ ਨੂੰ ਤਿਆਰ ਹੈ ਪਰ ਭ੍ਰਿਸ਼ਟਾਚਾਰ ਅੱਗੇ ਝੁਕ ਕੇ ਉਸ ਨਾਲ ਸਮਝੌਤਾ ਕਰਨ ਨੂੰ ਤਿਆਰ ਨਹੀਂ। ਦੇਸ਼ ਵਿੱਚ ਸਿਰਫ਼ ‘ਆਪ’ ਅਜਿਹੀ ਪਾਰਟੀ ਹੈ, ਜਿਹੜੀ ਭ੍ਰਿਸ਼ਟਾਚਾਰ ਖ਼ਿਲਾਫ਼ ਲੜਦੇ ਹੋਏ ਇਮਾਨਦਾਰੀ ਨਾਲ ਅੱਗੇ ਵਧਣਾ ਚਾਹੁੰਦੀ ਹੈ।

ਆਮ ਆਦਮੀ ਪਾਰਟੀ ਦੀ ਸਮਾਣਾ ਰੈਲੀ ਮੌਕੇ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਦੇ ਹੋਏ ਅਰਵਿੰਦ ਕੇਜਰੀਵਾਲ, ਸੰਜੈ ਸਿੰਘ ਅਤੇ ਭਗਵੰਤ ਮਾਨ
‘ਆਪ’ ਦੀਆਂ ਰੈਲੀਆਂ ਨੂੰ ਪੰਜਾਬ ਭਰ ਵਿੱਚੋਂ ਮਿਲ ਰਹੇ ਭਰਵੇਂ ਹੁੰਗਾਰੇ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ 100 ਨਹੀਂ ਸਗੋਂ ਇਸ ਤੋਂ ਵੀ ਵੱਧ ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਏਗੀ।
ਉਨ੍ਹਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਸਭ ਤੋਂ ਵੱਡੇ ਭ੍ਰਿਸ਼ਟਾਚਾਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲਾਂ ਤੇ ਕੈਪਟਨ ਨੇ ਵਾਰੋ-ਵਾਰੀ ਰਲ ਕੇ ਪੰਜਾਬ ਨੂੰ ਲੁੱਟਿਆ ਹੈ, ਜਿਸ ਕਾਰਨ ਅੱਜ ਸੂਬਾ ਕੰਗਾਲ ਹੋ ਚੁੱਕਿਆ ਹੈ।
ਉਨ੍ਹਾਂ ਦਿੱਲੀ ਵਿੱਚ ਡੇਢ ਸਾਲ ਸਰਕਾਰ ਚਲਾਉਣ ਦੇ ਤਜਰਬੇ ਦੇ ਆਧਾਰ ’ਤੇ ਦਾਅਵਾ ਕੀਤਾ ਕਿ ਸਰਕਾਰਾਂ ਕੋਲ ਪੈਸੇ ਦੀ ਕਮੀ ਨਹੀਂ ਹੁੰਦੀ, ਨੀਅਤ ਦੀ ਕਮੀ ਹੁੰਦੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭ੍ਰਿਸ਼ਟਾਚਾਰ ਮੁਕਤ ਸਰਕਾਰ ਸਥਾਪਿਤ ਕਰਕੇ ਪੈਸੇ ਦੀ ਕਮੀ ਨੂੰ ਦੂਰ ਕਰ ਦਿੱਤਾ ਜਾਵੇਗਾ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਵਿਦੇਸ਼ੀ ਬੈਂਕ ਖਾਤਿਆਂ ਦਾ ਖ਼ੁਲਾਸਾ ਕੀਤਾ ਅਤੇ ਬਾਦਲ ਪਰਿਵਾਰ ’ਤੇ ਰੇਤਾ, ਬਜਰੀ, ਬੱਸ ਪਰਮਿਟ, ਕੇਬਲ, ਹੋਟਲ, ਸ਼ਰਾਬ ਤੇ ਨਸ਼ਾ ਮਾਫੀਆ ਚਲਾਉਣ ਦੇ ਦੋਸ਼ ਲਾਏ। ਕੇਜਰੀਵਾਲ ਨੇ ਵਾਅਦਾ ਕੀਤਾ ਕਿ ਸੱਤਾ ’ਚ ਆਉਂਦਿਆਂ ਹੀ ‘ਆਪ’ ਵੱਲੋਂ ਰੇਤ ਬਜਰੀ ਦੇ ਠੇਕੇ ਅਤੇ ਬੱਸ ਪਰਮਿਟ ਆਦਿ ਬਾਦਲਾਂ ਤੋਂ ਖੋਹ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੰਡੇ ਜਾਣਗੇ।
ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ’ਤੇ ਪੰਜਾਬ ਦੇ ਦਲਿਤਾਂ ਉਤੇ ਹੋ ਰਹੇ ਅਤਿਆਚਾਰਾਂ ਬਾਰੇ ਵਿਸ਼ੇਸ਼ ਜਾਂਚ ਟੀਮ ਬਣਾਈ ਜਾਵੇਗੀ ਅਤੇ ਜ਼ਮੀਨਾਂ ਕਾਨੂੰਨ ਮੁਤਾਬਿਕ ਦਲਿਤਾਂ ਨੂੰ ਦਿੱਤੀਆਂ ਜਾਣਗੀਆਂ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹੋਏ ਹਮਲੇ ਦੇ ਅਸਲ ਦੋਸ਼ੀਆਂ ਨੂੰ ਅਜੇ ਤੱਕ ਨਾ ਫੜੇ ਜਾਣ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਹੋ ਸਕਦਾ ਹੈ ਇਹ ਕੰਮ ਬਾਦਲਾਂ ਨੇ ਹੀ ਕਰਵਾਇਆ ਹੋਵੇ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਦਿਆਂ ਹੀ ਬੇਅਦਬੀ ਅਤੇ ਹਮਲੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਕੇਜਰੀਵਾਲ ਨੇ ਵਾਅਦਾ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਉਤੇ ਸਾਰੇ ਠੇਕਾ ਆਧਾਰਿਤ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰ ਦਿੱਤਾ ਜਾਵੇਗਾ।
Related Topics: Aam Aadmi Party, Arvind Kejriwal, Bhagwant Maan, Captain Amrinder Singh Government, Congress Government in Punjab 2017-2022, dr. balbir singh, Parkash Singh Badal, Punjab Elections 2017 (ਪੰਜਾਬ ਚੋਣਾਂ 2017), Punjab Politics, Punjab Polls 2017, Sanjay Singh AAP, Sukhbir Badal