ਜਲੰਧਰ (1 ਮਾਰਚ, 2016): ਪੰਜਾਬ ਦੇ ਪਾਣੀਆਂ ਦੇ ਮਸਲੇ ‘ਤੇ ਗੁਆਂਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਨਾਲ ਚੱਲ ਰਹੇ ਵਿਵਾਦ ਦਰਮਿਆਨ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਮੁਖੀ ਸੰਜ਼ੇ ਸਿੰਘ ਨੇ ਪਾਰਟੀ ਦਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਹੱਕ ਵਿੱਚ ਡੱਟ ਕੇ ਖੜ੍ਹਨਗੇ।
ਆਮ ਆਦਮੀ ਪਾਰਟੀ ਦੇ ਕੌਮੀ ਨੇਤਾ ਸੰਜੇ ਸਿੰਘ ਨੇ ਪੰਜਾਬ ਦੇ ਪਾਣੀਆਂ ਬਾਰੇ ਕਾਨੂੰਨ ਨੂੰ ਕੇਂਦਰ ਸਰਕਾਰ ਵੱਲੋਂ ਗੈਰ ਸੰਵਿਧਾਨਕ ਆਖੇ ਜਾਣ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਬਾਰੇ ‘ਆਪ’ ਡਟ ਕੇ ਪੰਜਾਬ ਦੇ ਹੱਕਾਂ ਦੀ ਪੈਰਵਾਈ ਕਰੇਗੀ ।
ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਸੁਪਰੀਮ ਕੋਰਟ ਨੂੰ ਦਿੱਤੇ ਸਟੈਂਡ ਦੀ ਸਖ਼ਤ ਨਿਖੇਧੀ ਕਰਦੇ ਹਾਂ ਤੇ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਫ਼ੈਸਲੇ ਦੀ ਨਿਖੇਧੀ ਕਰਦੇ ਹਾਂ । ਉਨ੍ਹਾਂ ਕਿਹਾ ਕਿ ਸਾਨੂੰ ਹੈਰਾਨੀ ਹੁੰਦੀ ਹੈ ਕਿ ਜਦੋਂ ਵੀ ਪੰਜਾਬ ਵਿਚ ਚੋਣਾਂ ਹੁੰਦੀਆਂ ਹਨ ਤਾਂ ਉਸ ਸਮੇਂ ਹੀ ਅਜਿਹੇ ਮੁੱਦੇ ਕਿਉਂ ਯਾਦ ਆ ਜਾਂਦੇ ਹਨ ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2004 ਵਿੱਚ ਪੰਜਾਬ ਨਾਲ ਗੁਆਂਢੀ ਰਾਜਾਂ ਦੇ ਪੁਰਾਣੇ ਹੋਏ ਸਾਰੇ ਸਮਝੋਤਿਆਂ ਨੂੰ ਰੱਦ ਕਰ ਦਿੱਤਾ ਸੀ। ਇਸ ਖਿਲਾਫ ਹਰਿਆਣਾ ਨੇ ਭਾਰਤੀ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਸੀ, ਜਿਸਤੇ ਹੁਣ ਸੁਣਵਾਈ ਸ਼ੂਰੂ ਹੋਈ ਹੈ।