November 11, 2015 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ ਸਾਹਿਬ: ਸਰਬੱਤ ਖਾਲਸਾ ਸਮਾਗਮ ਦੇ ਮੁੱਖ ਸੰਚਾਲਕਾਂ ਸਿਮਰਨਜੀਤ ਸਿੰਘ ਮਾਨ, ਭਾਈ ਮੋਹਕਮ ਸਿੰਘ ਅਤੇ ਗੁਰਦੀਪ ਸਿੰਘ ਬਠਿੰਡਾ ਨੂੰ ਅੱਜ ਸਵੇਰੇ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।

ਹਸਪਤਾਲ ਵਿੱਚ ਸਿਮਰਨਜੀਤ ਸਿੰਘ ਮਾਨ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਸਿਹਤ ਖਰਾਬ ਹੋਣ ਦੇ ਕਾਰਨ ਅੰਮ੍ਰਿਤਸਰ ਸਾਹਿਬ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਕੱਲ੍ਹ ਸਰਬੱਤ ਖਾਲਸਾ ਸਮਾਗਮ ਵਿੱਚ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਣਾਏ ਗਏ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਪੁਲਿਸ ਵੱਲੋਂ ਤਰਨਤਾਰਨ ਸਾਹਿਬ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਆ ਰਹੀ ਹੈ।

ਅਮਰੀਕ ਸਿੰਘ ਅਜਨਾਲਾ ਘਰ ਵਿੱਚ ਨਜਰਬੰਦ
ਸਿੱਖ ਸਿਆਸਤ ਨਾਲ ਫੋਨ ਤੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਭਾਈ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਅੱਜ ਬੰਦੀ ਛੋੜ ਦਿਹਾੜੇ ਤੇ ਸਿੱਖ ਸੰਗਤਾਂ ਨੂੰ ਸੰਦੇਸ਼ ਜਾਰੀ ਕਰਨ ਲਈ ਕੱਲ੍ਹ ਪਿੰਢ ਚੱਬੇ ਦੇ ਇਕੱਠ ਵਿੱਚ ਨਿਯੁਕਤ ਕੀਤੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ 12 ਵਜੇ ਅਕਾਲ ਤਖ਼ਤ ਸਾਹਿਬ ਤੇ ਆਉਣਾ ਸੀ।ਪਰ ਅਜੇ ਤੱਕ ਉਹ ਅਕਾਲ ਤਖ਼ਤ ਸਾਹਿਬ ਤੇ ਨਹੀਂ ਪਹੁੰਚੇ ਤੇ ਸਿੱਖ ਸੰਗਤ ਉਨ੍ਹਾਂ ਦੀ ਉਡੀਕ ਕਰ ਰਹੀ ਹੈ।ਉਨ੍ਹ੍ਹਾਂ ਕਿਹਾ ਕਿ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਵਿੱਚ ਹੀ ਨਜਰਬੰਦ ਕਰ ਦਿੱਤਾ ਗਿਆ ਹੈ ਅਤੇ ਭਾਈ ਧਿਆਨ ਸਿੰਘ ਮੰਡ ਨਾਲ ਕੋਈ ਰਾਬਤਾ ਨਹੀਂ ਬਣ ਰਿਹਾ।
Related Topics: Babu Baljit Singh Daduwal, Bhai Amreek Singh Ajnala, Bhai Mohkam Singh, Gurdeep Singh Bathinda, Guru Nanak Hospital Amritsar Sahib, Simranjeet Singh Mann