ਸਿਆਸੀ ਖਬਰਾਂ

ਨੋਟਬੰਦੀ ਦਾ ਸਾਲ ਪੂਰਾ ਹੋਣਾ ‘ਤੇ ‘ਆਪ’ ਵਲੋਂ ਮਨਾਇਆ ਗਿਆ ‘ਧੋਖਾ ਦਿਹਾੜਾ’

November 8, 2017 | By

ਚੰਡੀਗੜ੍ਹ: ਭਾਰਤ ਦੀ ਭਾਜਪਾ ਸਰਕਾਰ ਵਲੋਂ ਕੀਤੀ ਨੋਟਬੰਦ ਦੇ ਇੱਕ ਸਾਲ ਪੂਰਾ ਹੋਣ ‘ਤੇ ਆਮ ਆਦਮੀ ਪਾਰਟੀ (ਆਪ) ਨੇ ਅੱਜ (8 ਨਵੰਬਰ ਨੂੰ) ‘ਧੋਖਾ ਦਿਹਾੜਾ’ ਵਜੋਂ ਮਨਾਉਂਦੇ ਹੋਏ ਕਿਹਾ ਕਿ ਇਸ ਫ਼ੈਸਲੇ ਨੇ ਆਰਥਿਕ ਤੌਰ ‘ਤੇ ਜਨਤਾ ਦੀ ਲੱਕ ਤੋੜ ਦਿੱਤੀ।

‘ਆਪ’ ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ਮੀਤ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਭਰ ‘ਚ 8 ਨਵੰਬਰ ਨੂੰ ‘ਧੋਖਾ ਦਿਹਾੜੇ’ ਵਜੋਂ ਯਾਦ ਕੀਤਾ ਗਿਆ। ਵੱਖ-ਵੱਖ ਥਾਵਾਂ ਉੱਤੇ ‘ਅਰਥ ਵਿਵਸਥਾ’ ਦੀ ਅਰਥੀ ਕੱਢੀ ਗਈ।

demonitization PNB

ਪਿਛਲੇ ਸਾਲ ਨੋਟਬੰਦੀ ਦੌਰਾਨ ਆਪਣੇ ਪੁਰਾਣੇ ਨੋਟ ਜਮ੍ਹਾਂ ਕਰਵਾਉਣ ਲਈ ਖੜ੍ਹੇ ਲੋਕ (ਫਾਈਲ ਫੋਟੋ)

ਭਗਵੰਤ ਮਾਨ ਨੇ ਕਿਹਾ ਕਿ ਅੱਜ ਭਾਜਪਾ ਗੱਠਜੋੜ ਅਤੇ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਸਣ ਕਿ ਲੋਕ ਉਨਾਂ ਨੂੰ ਕਿਸ ਚੌਂਕ ‘ਤੇ ਖੜ੍ਹਾ ਕਰਨ, ਕਿਉਂਕਿ ਨੋਟਬੰਦੀ ਦੇ ਫ਼ੈਸਲੇ ਨੇ ਨਾ ਨਕਲੀ ਕਰੰਸੀ ਨੂੰ ਨੱਥ ਪਾਈ ਹੈ, ਨਾ ਹੀ ਅਪਰਾਧਿਕ ਤੱਤਾਂ ਉੱਤੇ ਕਾਬੂ ਪਾਇਆ ਗਿਆ ਹੈ। ਭਾਰਤੀ ਰਿਜ਼ਰਵ ਬੈਂਕ ਦੀ ਰਿਪੋਰਟ ਦੱਸਦੀ ਹੈ ਕਿ ਬੰਦ ਕੀਤੇ ਗਏ 500 ਅਤੇ 1000 ਰੁਪਏ ਦੇ ਨੋਟਾਂ ਵਾਲੀ 99 ਫ਼ੀਸਦੀ ਰਾਸ਼ੀ ਵਾਪਸ ਬੈਂਕਾਂ ‘ਚ ਜਮਾਂ ਹੋ ਗਈ ਹੈ। ਇਸ ਦੇ ਉਲਟ 150 ਤੋਂ ਵੱਧ ਆਮ ਭਾਰਤੀ ਨਾਗਰਿਕ ਏਟੀਐਮ ਅਤੇ ਬੈਂਕਾਂ ਦੀਆਂ ਲਾਈਨਾਂ ‘ਚ ਖੜੇ-ਖੜੇ ਆਪਣੀ ਜਾਨ ਗਵਾ ਬੈਠੇ।

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਨੋਟਬੰਦੀ ਦਾ ਖੇਤੀ ਸੈਕਟਰ ਉੱਤੇ ਘਾਤਕ ਅਸਰ ਪਿਆ ਹੈ ਕਿਉਂਕਿ ਖੇਤੀ ਖੇਤਰ ‘ਚ ਕਿਸਾਨ ਜ਼ਿਆਦਾਤਰ ਨਕਦ ਲੈਣ ਦੇਣ ‘ਤੇ ਨਿਰਭਰ ਹੁੰਦਾ ਹੈ। ਪੰਜਾਬ ‘ਚ ਪਹਿਲਾਂ ਹੀ ਕਰਜ਼ੇ ਦੇ ਭੰਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨੋਟਬੰਦੀ ਨੇ ਹੋਰ ਜ਼ਿਆਦਾ ਨਿਰਾਸ਼ ਕੀਤਾ ਅਤੇ ਕੁੱਝ ਥਾਵਾਂ ‘ਤੇ ਖੁਦਕੁਸ਼ੀ ਵਰਗੀਆਂ ਘਟਨਾਵਾਂ ਵੀ ਵਾਪਰੀਆਂ।

ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਹੀ ਬੇਰੁਜ਼ਗਾਰੀ ਦੇ ਭਾਰੀ ਸੰਕਟ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਮਿਲਣ ਦੀ ਥਾਂ ਛੋਟੀਆਂ-ਮੋਟੀਆਂ ਪ੍ਰਾਈਵੇਟ ਨੌਕਰੀਆਂ ਕਰ ਰਹੇ ਲੱਖਾਂ ਕਾਮੇ ਨੋਟਬੰਦੀ ਨੇ ਵਿਹਲੇ ਕਰ ਦਿੱਤੇ। ਦਿਹਾੜੀਦਾਰ-ਮਜ਼ਦੂਰ ਤਬਕੇ ਦੇ ਲੋਕਾਂ ਨੂੰ ਚੋਰ ਕਰਾਰ ਦੇ ਕੇ ਲਾਈਨਾਂ ‘ਚ ਖੜਾਈ ਰੱਖਿਆ ਪਰ ਚੰਦ ਵੱਡੇ ਉਦਯੋਗਿਕ ਤੇ ਕਾਰਪੋਰੇਟ ਘਰਾਣਿਆਂ ਦਾ ਨੋਟਬੰਦੀ ਰਾਹੀਂ ਵਾਰੇ ਨਿਆਰੇ ਕਰਵਾ ਦਿੱਤੇ ਗਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,