ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2015 ਵਿੱਚ ਬਰਗਾੜੀ ਵਿਖੇ ਵਾਪਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਬਹਿਬਲ ਕਲਾਂ ਵਿੱਚ ਹੋਈ ਪੁਲੀਸ ਗੋਲੀਬਾਰੀ ਲਈ ਸਿੱਧੇ ਤੌਰ ‘ਤੇ ਪ੍ਰਕਾਸ਼ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕਰ ਰਿਹਾ ਕਮਿਸ਼ਨ ਆਪਣੀ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਦੀ ਸ਼ਮੂਲੀਅਤ ਜ਼ਾਹਰ ਕਰੇਗਾ।
ਕੈਪਟਨ ਨੇ ਕਿਹਾ ਕਿ ਇਕ ਐਸ.ਪੀ. ਕਿਵੇਂ ਗੋਲੀ ਚਲਾਉਣ ਦਾ ਹੁਕਮ ਦੇ ਸਕਦਾ ਹੈ, ਉਸ ਨੂੰ ਸਪੱਸ਼ਟ ਤੌਰ ‘ਤੇ ਅਜਿਹਾ ਕਰਨ ਦੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਕਹਿੰਦੇ ਆਏ ਹਨ ਕਿ ਇਸ ਪੁਲੀਸ ਗੋਲੀਬਾਰੀ ਪਿੱਛੇ ਬਾਦਲ ਦਾ ਹੱਥ ਹੈ ਜਿਸ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਸਮਾਰੋਹ ਦੌਰਾਨ ਸਬੰਧੋਨ ਕਰ ਰਹੇ ਸਨ।
ਜ਼ਿਕਰਯੋਗ ਹੈ ਕਿ 12 ਅਕਤੂਬਰ, 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਸਿੱਖ ਕਾਰਕੁਨਾਂ ‘ਤੇ ਕੋਟਕਪੂਰਾ ਦੇ ਮੇਨ ਚੌਂਕ ਅਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲੀਸ ਵੱਲੋਂ ਲਾਠੀਚਾਰਜ ਅਤੇ ਗੋਲੀਬਾਰੀ ਦੀ ਘਟਨਾਵਾਂ ਵਾਪਰੀਆਂ ਜਿਸ ਦੌਰਾਨ ਬਹਿਬਲ ਕਲਾਂ ਤੇ ਨਿਆਮੀਆਂ ਵਾਲਾ ਦੇ ਵਸਨੀਕ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਸ਼ਹੀਦ ਹੋ ਗਏ ਸਨ ਅਤੇ ਵੱਡੀ ਗਿਣਤੀ ਵਿਚ ਲੋਕ ਜ਼ਖ਼ਮੀ ਹੋਏ ਸਨ, ਜਿਸ ਦਾ ਵਿਰੋਧ ਪੂਰੇ ਪੰਜਾਬ ਵਿਚ ਫੈਲ ਗਿਆ ਸੀ ।

