ਹੁਸ਼ਿਆਰਪੁਰ (19 ਅਕਤੂਬਰ, 2015): ਸਾਬਕਾ ਰਾਜ ਸਭਾ ਮੈਂਬਰ ਅਤੇ ਬਾਦਲ ਦਲ ਦੇ ਕੌਮੀ ਮੀਤ ਪ੍ਰਧਾਨ ਵਰਿੰਦਰ ਸਿੰਘ ਬਾਜਵਾ ਅਤੇ ਕਈ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ ।
ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਸ੍ਰ. ਬਾਜਵਾ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਜਿਵੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਨਿਹੱਥੇ ਸਿੱਖਾਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ, ਉਸ ਨਾਲ ਉਨ੍ਹਾਂ ਦੇ ਮਨ ਨੂੰ ਬੇਹੱਦ ਦੁੱਖ ਹੋਇਆ ਹੈ।
ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨਾਂ ਵਲੋਂ ਡੇਰਾ ਮੁਖੀ ਨੂੰ ਮਾਫ਼ ਕਰ ਦਿੱਤੇ ਜਾਣ ਕਾਰਨ ਵੀ ਕੌਮ ਨੂੰ ਭਾਰੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਫ਼ਸੋਸਨਾਕ ਘਟਨਾਵਾਂ ਲਈ ਜਿੰਮੇਵਾਰ ਵਿਅਕਤੀਆਂ ਨੂੰ ਆਪਣੀ ਜਮੀਰ ਦੀ ਅਵਾਜ਼ ਸੁਣਦਿਆਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦੇਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਜਦੋਂਕਿ ਸਮੁੱਚੀ ਕੌਮ ਜ਼ਿਆਦਤੀਆਂ ਅਤੇ ਜੁਲਮ ਖਿਲਾਫ਼ ਸੰਘਰਸ਼ ਕਰ ਰਹੀ ਹੈ, ਉਹ ਨੈਤਿਕਤਾ ਦੇ ਅਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖਤ ਵਲੋਂ ਦਿੱਤੀ ਮਾਫ਼ੀ ਦੇ ਰੋਸ ਵਜੋਂ ਸਿੱਖ ਆਗੂਆਂ ਵਲੋਂ ਅਸਤੀਫੇ ਦਿੱਤੇ ਜਾ ਰਹੇ ਹਨ। ਹੁਣ ਤੱਕ ਦਰਜਨ ਤੋਂ ਸ਼ੌਮਣੀ ਕਮੇਟੀ ਮੈਬਰਾਂ ਅਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਨੇ ਰੋਸ ਵਜੋਂ ਆਪਣੇ ਅਸਤੀਫੇ ਦਿੱਤੇ ਹਨ।