ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ » ਸਿੱਖ ਖਬਰਾਂ

ਬਾਦਲ ਪਰਿਵਾਰ ਪੰਥ ਵਿਰੋਧੀ ਅਤੇ ਹਕੂਮਤੀ ਆਗੂ ਹਨ ਖਲਨਾਇਕ- ਸਿੱਖ ਪ੍ਰਚਾਰਕ

November 19, 2015 | By

ਬਠਿੰਡਾ: ਪੰਜਾਬ ਦੀ ਹਕੂਮਤ ਤੇ ਕਾਬਜ ਬਾਦਲ ਪਰਿਵਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਿੱਖ ਪ੍ਰਚਾਰਕਾਂ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਬਾਦਲ ਪਰਿਵਾਰ ਨੂੰ ਪੰਥ ਵਿਰੋਧੀ ਆਖਦਿਆਂ ਕਿਹਾ ਕਿ ਹਾਕਮ ਧਿਰ ਦੇ ਆਗੂ ਖਲਨਾਇਕ ਬਣ ਚੁੱਕੇ ਹਨ।

ਬਠਿੰਡਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਪੰਥਪ੍ਰੀਤ ਸਿੰਘ ਖਾਲਸਾ, ਬਾਬਾ ਦਲੇਰ ਸਿੰਘ ਖੇੜੀ, ਗਿਆਨੀ ਕੇਵਲ ਸਿੰਘ, ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ, ਅਤੇ ਹੋਰ(ਫਾਈਲ ਫੋਟੋ)

ਬਠਿੰਡਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਪੰਥਪ੍ਰੀਤ ਸਿੰਘ ਖਾਲਸਾ, ਬਾਬਾ ਦਲੇਰ ਸਿੰਘ ਖੇੜੀ, ਗਿਆਨੀ ਕੇਵਲ ਸਿੰਘ, ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ, ਅਤੇ ਹੋਰ(ਫਾਈਲ ਫੋਟੋ)

ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੰਡਰੀਆਂਵਾਲੇ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਸਤਨਾਮ ਸਿੰਘ ਚੰਦੜ, ਭਾਈ ਹਰਜੀਤ ਸਿੰਘ ਢਪਾਲੀ, ਭਾਈ ਨਿਰਮਲ ਸਿੰਘ ਧੂੜਕੋਟ, ਸੁਖਜੀਤ ਸਿੰਘ ਖੋਸਾ ਅਤੇ ਭਾਈ ਦਲੇਰ ਸਿੰਘ ਖੇੜੀ ਵਾਲਿਆਂ ਵੱਲੋਂ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਸਿੱਖਾਂ ਦੇ ਆਪ ਮੁਹਾਰੇ ਰੋਸ ਨੂੰ ਦਬਾਉਣ ਲਈ ਰੋਸ ਪ੍ਰਗਟ ਕਰ ਰਹੇ ਸਿੰਘਾਂ ਤੇ ਸਰਕਾਰ ਵੱਲੋਂ ਲਾਠੀਚਾਰਜ ਕਰਨਾ, ਆਗੂਆਂ ਤੇ ਦੇਸ਼ ਧ੍ਰੋਹ ਦੇ ਕੇਸ ਦਰਜ ਕਰਕੇ ਜੇਲਾਂ ਵਿੱਚ ਸੁੱਟਣਾ ਬਾਦਲ ਪਰਿਵਾਰ ਦੇ ਪੰਥ ਵਿਰੋਧੀ ਹੋਣ ਦਾ ਸਬੂਤ ਹੈ, ਜੋ ਪਹਿਲਾਂ ਤੋਂ ਹੀ ਪੰਥ ਵਿਰੋਧੀ ਕਾਰਵਾਈਆਂ ਕਰ ਰਿਹਾ ਹੈ।

ਸਿੱਖ ਪ੍ਰਚਾਰਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਨਾਕਾਮਯਾਬੀ ਲੁਕਾਉਣ ਲਈ ਲੋਕਾਂ ਵਿੱਚ ਜਾਣ ਸਮੇਂ ਆਪਣੀ, ਆਪਣੇ ਵਜੀਰਾਂ, ਵਿਧਾਇਕਾਂ ਅਤੇ ਮੁੱਖ ਆਗੂਆਂ ਦੀ ਸੁਰੱਖਿਆ ਲਈ ਅਤੇ ਰੋਸ ਪ੍ਰਗਟ ਕਰ ਰਹੇ ਸਿੱਖਾਂ ਦੀ ਸੀਆਈਡੀ ਅਤੇ ਉਨ੍ਹਾਂ ਤੇ ਲਾਠੀਚਾਰਜ ਕਰਨ ਲਈ ਜਿੰਨੇ ਪੁਲਿਸ ਮੁਲਾਜਮ ਤਾਇਨਾਤ ਕੀਤੇ ਗਏ ਹਨ, ਜੇ ਉਨ੍ਹਾਂ ਵਿੱਚੋਂ ਅੱਧੇ ਵੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਭਾਲ ਕਰਕੇ ਸਜ਼ਾਵਾਂ ਦਵਾਉਣ ਲਈ ਲਗਾ ਦਿੱਤੇ ਜਾਣ ਤਾਂ ਪੰਜਾਬ ਦਾ ਮਾਹੌਲ ਸ਼ਾਂਤ ਹੋ ਸਕਦਾ ਹੈ।

ਸਿੱਖ ਪ੍ਰਚਾਰਕਾਂ ਵੱਲੋਂ ਇਹ ਮੰਗ ਕੀਤੀ ਗਈ ਹੈ ਕਿ ਪਿਛਲੇ ਦਿਨਾਂ ਦੌਰਾਨ ਫੜੇ ਗਏ ਸਭ ਨੌਜਵਾਨਾਂ ਨੂੰ ਰਿਹਾ ਕੀਤਾ ਜਾਵੇ ਤੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।ਸਿੱਖ ਪ੍ਰਚਾਰਕਾਂ ਨੇ ਕਿਹਾ ਕਿ ਲੋਕਤੰਤਰਕ ਢੰਗ ਨਾਲ ਕੀਤੇ ਜਾ ਰਹੇ ਰੋਸ ਨੂੰ ਦਬਾਉਣ ਲਈ ਅੰਨੇਵਾਹ ਲਾਠੀਚਾਰਜ ਕਰਕੇ ਸੁਰੱਖਿਆ ਕਰਮੀਆਂ ਨਾਲ ਵਿਚਰਨ ਵਾਲੇ ਸੱਤਾਧਾਰੀ ਪਾਰਟੀ ਦੇ ਆਗੂ ਲੋਕ ਆਗੂ ਨਹੀਂ ਹੋ ਸਕਦੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,