ਪ੍ਰਕਾਸ ਸਿੰਘ ਬਾਦਲ
ਲੁਧਿਆਣਾ (10 ਫਰਵਰੀ, 2015): ਪੰਜਾਬ ਦੇ ਮੁੱਖ ਮੰਤਰੀ ਪਰਕਾਸ ਸਿੰਘ ਬਾਦਲ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਦਾ ਪੰਜਾਬ ਦੀਆਂ ਸਿਆਸੀ ਸੰਭਵਾਨਾਵਾਂ ਉਤੇ ਰੱਤੀ ਭਰ ਵੀ ਅਸਰ ਨਹੀਂ ਪਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ 2013 ਵਿੱਚ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਨਾਉਣ ਵਿੱਚ ਸਫਲ ਹੋ ਗਈ ਸੀ ਪਰ ਹਰ ਕੋਈ ਜਾਣਦਾ ਹੈ ਕਿ ਉਸ ਤੋਂ ਬਾਅਦ ਕੀ ਵਾਪਰਿਆ। ਬਾਦਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਸਿਰਫ ਦੇਸ਼ ਦੀ ਰਾਜਧਾਨੀ ਤੱਕ ਸੀਮਤ ਹੈ ਅਤੇ ਇਹ ਸਿਆਸੀ ਘਟਨਾਕ੍ਰਮ ਪੰਜਾਬ ਦੀ ਸਿਆਸਤ ਤੇ ਕੋਈ ਅਸਰ ਨਹੀਂ ਪਾਵੇਗਾ।
ਆਮ ਆਦਮੀ ਪਾਰਟੀ ਵਲੋਂ 2017 ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣ ਲੜਨ ਸਬੰਧੀ ਪੁਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਸਾਡੇ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਹ ਚੋਣਾਂ ਲੜਣ ਦਾ ਪੂਰਾ ਅਧਿਕਾਰ ਅਤੇ ਆਜ਼ਾਦੀ ਹੈ।
|