ਬਠਿੰਡਾ( 31 ਮਈ 2014): ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਉਸ ਵੇਲੇ ਧੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਤਹਿਤ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਕੀਤੇ ਹਮਲੇ ਸਮੇਂ ਸ਼ਹੀਦ ਹੋਏ ਸ਼ਹੀਦਾਂ ਦੀ ਯਾਦ ਵਿੱਚ ਯੂਨਾਈਟਿਡ ਸਿੱਖ ਮੂਵਮੈਂਟ ਵੱਲੋਂ ਪੰਥਕ ਧਿਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਉਹ ਹੁਣ ਧਰਮ ਯੁੱਧ ਮੋਰਚੇ ਦੀਆਂ ਸਾਰੀਆਂ ਮੰਗਾਂ ਦੀ ਪੂਰਤੀ ਕਰੇ ਕਿਉਂਕਿ ਹੁਣ ਕੇਂਦਰ ਸਰਕਾਰ ਵਿੱਚ ਅਕਾਲੀ ਦਲ ਸਹਿਯੋਗੀ ਹੈ। ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਇਹ ਮੰਗਾਂ ਪੂਰੀਆਂ ਕਰਾਉਣੀਆਂ ਚਾਹੀਦੀਆਂ ਹਨ।
ਇਹ ਸਮਾਗਮ ਕੱਲ੍ਹ ਰਾਤ ਇੱਥੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿੱਚ ਕਰਵਾਇਆ ਗਿਆ, ਜਿਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ ਅਤੇ ਹੋਰ ਹਜ਼ਾਰਾਂ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਪੰਥਕ ਆਗੂਆਂ ਨੇ ਧਰਮ-ਯੁੱਧ ਮੋਰਚੇ ਦੇ ਨਿਸ਼ਾਨੇ ਦੀ ਪ੍ਰਾਪਤੀ ਤੱਕ ਸ਼ਾਂਤਮਈ ਢੰਗ ਨਾਲ ਸੰਘਰਸ਼ ਜਾਰੀ ਰੱਖਣ ਦਾ ਐਲਾਨ ਵੀ ਕੀਤਾ।
ਯੂਨਾਈਟਿਡ ਸਿੱਖ ਮੂਵਮੈਂਟ ਦੇ ਸਕੱਤਰ ਜਨਰਲ ਗੁਰਦੀਪ ਸਿੰਘ ਬਠਿੰਡਾ ਨੇ ਚਾਰ ਮਤੇ ਪਾਸ ਕਰਵਾਏ। ਮਤਿਆਂ ਵਿੱਚ ਆਜ਼ਾਦੀ ਵੇਲੇ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਕਰਨ, ਅਪਰੈਲ 1978 ਤੋਂ ਜਸਪਾਲ ਸਿੰਘ ਗੁਰਦਾਸਪੁਰ ਤੱਕ ਸ਼ਹੀਦ ਹੋਏ ਸਿੰਘਾਂ ਦੇ ਅੰਕੜੇ ਇਕੱਠੇ ਕਰਨ ਲਈ ਕਮਿਸ਼ਨ ਬਣਾਉਣ, ਸਮੂਹ ਪੀੜਤ ਪਰਿਵਾਰਾਂ ਅਤੇ ਧਰਮੀ ਫੌਜੀਆਂ ਦੇ ਮੁਆਵਜ਼ੇ ਦੀ ਮੰਗ ਅਤੇ ਜੇਲ੍ਹਾਂ ਵਿੱਚ ਬੰਦ ਸਮੂਹ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਗਈ। ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ ਗਿਆ।