ਪਟਿਆਲਾ: ਪਾਤਸ਼ਾਹੀ ਨੌਵੀਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਦੇ ਇਕੱਠ ਨੂੰ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਇਤਿਹਾਸ ਨਾਲ ਜੋੜਦਿਆਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ‘ਚੋਂ ਰਿਹਾਅ ਹੋਣ ਸਮੇਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਲਈ ਦ੍ਰਿੜਤਾ ਅਤੇ ਦਲੇਰੀ ਭਰਿਆ ਫੈਸਲਾ ਕਰਕੇ 52 ਰਾਜਿਆਂ ਨੂੰ ਨਾਲ ਲੈ ਕੇ ਰਿਹਾਅ ਹੋਏ ਸਨ, ਜਿਸ ਤੋਂ ਸਮੇਂ ਦੀਆਂ ਹੂਕਮਤਾਂ ਨੂੰ ਸਬਕ ਲੈਂਦੇ ਹੋਏ ਜੇਲ੍ਹਾਂ ‘ਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਵੱਲੋਂ ਆਰੰਭਿਆ ਸੰਘਰਸ਼ ਅਜਾਈਂ ਨਹੀਂ ਜਾਣਾ ਚਾਹੀਦਾ ਅਤੇ ਸਾਂਝੇ ਯਤਨਾਂ ਨਾਲ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣੀ ਚਾਹੀਦੀ ਹੈ ਅਤੇ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਤੋਂ ਸਬਕ ਲੈਂਦੇ ਹੋਏ ਹਕੂਮਤੀ ਸਰਕਾਰਾਂ ਨੂੰ ਜੇਲ੍ਹਾਂ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।
ਦੀਵਾਨਾਂ ‘ਚ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਪ੍ਰਧਾਨ ਮੈਨੇਜਰ ਗੁਰਪ੍ਰੀਤ ਸਿੰਘ, ਅਮਰਪਾਲ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਗੁਰਦੀਪ ਸਿੰਘ, ਸੁੱਚਾ ਸਿੰਘ, ਪ੍ਰਿਤਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।