July 20, 2016 | By ਨਰਿੰਦਰ ਪਾਲ ਸਿੰਘ
ਅੰਮ੍ਰਿਤਸਰ: ਪਿਛਲੇ ਸਾਲ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਕਾਰਜਕਾਰੀ ਜਥੇਦਾਰ ਨੇ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਉਪਰ ਫੌਜੀ ਹਮਲੇ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਬਰਾੜ ਅਤੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਕੇ.ਪੀ.ਐਸ.ਗਿੱਲ ਨੂੰ ਸਿੱਖ ਪੰਥ ’ਚੋਂ “ਖਾਰਜ” ਕਰ ਦਿੱਤਾ। ਕਾਰਜਕਾਰੀ ਜਥੇਦਾਰ ਨੇ ਇਕ ਹੋਰ ਫੈਸਲੇ ਰਾਹੀਂ ਪਿੰਡ ਬਰਗਾੜੀ ਅਤੇ ਹੋਰ ਸਥਾਨਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਿਰਾਦਰ ਦੀਆਂ ਵਾਪਰੀਆਂ ਘਟਨਾਵਾਂ ਸਬੰਧੀ ਆਪਣੀ ਜਾਂਚ ਰਿਪੋਰਟ ਪੇਸ਼ ਕਰਨ ਲਈ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 20 ਅਗਸਤ ਦਾ ਸਮਾਂ ਦਿੱਤਾ ਹੈ। ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਦੋ ਅਹਿਮ ਸਾਥੀਆਂ ਭਾਈ ਜਗਮੀਤ ਸਿੰਘ ਅਤੇ ਭਾਈ ਮੇਜਰ ਸਿੰਘ ਸਹਿਤ ਅੱਜ (ਬੁੱਧਵਾਰ) ਤੜਕਸਾਰ 5 ਵਜੇ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਪੁਜੇ। ਦਰਸ਼ਨ ਦੀਦਾਰ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗਏ ਅਤੇ ਕੋਈ ਦੋ ਘੰਟੇ ਦੇ ਕਰੀਬ ਸਿੱਖ ਕੌਮ ਨੂੰ ਦਰਪੇਸ਼ ਮਸਲਿਆਂ ਬਾਰੇ ਵਿਚਾਰਾਂ ਕੀਤੀਆਂ।
ਉਨ੍ਹਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਜੂਨ 84 ਦੇ ਸ਼ਹੀਦਾਂ ਦੀ ਯਾਦਗਾਰ ਵਿਖੇ ਵੀ ਹਾਜ਼ਰੀ ਭਰੀ। ਉਪਰੰਤ ਇਕ ਸਥਾਨਕ ਗੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਧਿਆਨ ਸਿੰਘ ਮੰਡ ਨੇ ਦੱਸਿਆ ਕਿ 10 ਨਵੰਬਰ 2015 ਨੂੰ ਪਿੰਡ ਚੱਬਾ ਵਿਖੇ ਅਯੋਜਿਤ “ਸਰਬੱਤ ਖਾਲਸਾ” ਮੌਕੇ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਉਪਰ ਹਮਲਾ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਾਣ ਵਾਲੇ ਫੌਜੀ ਜਰਨੈਲ ਕੁਲਦੀਪ ਬਰਾੜ ਅਤੇ ਇਸ ਉਪਰੰਤ ਪੰਜਾਬ ਵਿੱਚ “ਅੱਤਵਾਦ” ਦੇ ਨਾਮ ਹੇਠ ਹਜ਼ਾਰਾਂ ਹੀ ਸਿੱਖ ਨੌਜੁਆਨਾਂ ਦੀ ਨਸਲਕੁਸ਼ੀ ਕਰਨ ਵਾਲੇ ਪੰਜਾਬ ਪੁਲਿਸ ਦੇ ਮੁਖੀ ਕੇ.ਪੀ.ਐਸ. ਗਿੱਲ ਨੂੰ ਤਨਖਾਹੀਏ ਐਲਾਨਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਨਾਂ ਵਿਅਕਤੀਆਂ ਨੂੰ “ਸਰਬੱਤ ਖਾਲਸਾ” ਮੌਕੇ ਹੀ ਆਦੇਸ਼ ਦਿੱਤਾ ਗਿਆ ਸੀ ਕਿ ਉਹ 30 ਨਵੰਬਰ 2015 ਤੀਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜਕੇ ਆਪਣਾ ਪੱਖ ਸਪੱਸ਼ਟ ਕਰਨ ਪਰ ਉਹ ਅੱਜ ਤੀਕ ਵੀ ਨਹੀ ਪੇਸ਼ ਨਹੀਂ ਹੋਏ।ਭਾਈ ਮੰਡ ਨੇ ਦੱਸਿਆ ਕਿ ਇਸ ਮਸਲੇ ਨੂੰ ਵਿਚਾਰਦਿਆਂ ਪੰਚ ਪ੍ਰਧਾਨੀ ਮਰਿਆਦਾ ਅਨੁਸਾਰ ਲਏ ਗਏ ਫੈਸਲੇ ਤਹਿਤ ਜਨਰਲ ਬਰਾੜ ਅਤੇ ਸਾਬਕਾ ਪੁਲਿਸ ਮੁਖੀ ਗਿੱਲ ਨੂੰ ਸਿੱਖ ਪੰਥ ਵਿੱਚੋਂ ਖਾਰਜ ਕਰ ਦਿੱਤਾ ਹੈ। ਦੇਸ਼ ਵਿਦੇਸ਼ ਵਿੱਚ ਵਿਚਰ ਰਹੇ ਸਿੱਖਾਂ ਨੂੰ ਇਨ੍ਹਾਂ ਦੇ ਬਾਈਕਾਟ ਦਾ ਸੱਦਾ ਦਿੰਦਿਆਂ ਰੋਟੀ-ਬੇਟੀ ਦੀ ਸਾਂਝ ਨਾ ਕਰਨ ਦਾ ਹੁਕਮਨਾਮਾ ਜਾਰੀ ਕੀਤਾ ਗਿਆ ਹੈ, ਜਾਰੀ ਹੁਕਮਨਾਮੇ ਦੀ ਉਲੰਘਣਾ ਕਰਨ ਵਾਲੇ ਬਾਰੇ ਵੀ ਅਜਿਹੀ ਹੀ ਸਜ਼ਾ ਦਾ ਫੈਸਲਾ ਲਿਆ ਜਾਵੇਗਾ।
ਦੂਸਰੇ ਫੈਸਲੇ ਬਾਰੇ ਗੱਲਬਾਤ ਕਰਦਿਆਂ ਭਾਈ ਮੰਡ ਨੇ ਦੱਸਿਆ ਕਿ ਫਰੀਦਕੋਟ ਦੇ ਪਿੰਡ ਬਰਗਾੜੀ ਅਤੇ ਸੂਬੇ ਦੇ ਹੋਰ ਸਥਾਨਾਂ ’ਤੇ ਪਿਛਲੇ ਸਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਿਰਾਦਰ ਦੀਆਂ ਨਿਰੰਤਰ ਵਾਪਰ ਰਹੀਆਂ ਘਟਨਾਵਾਂ ਸਬੰਧੀ ਸੂਬੇ ਦੇ ਗ੍ਰਹਿ ਮੰਤਰੀ ਹੋਣ ਨਾਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 20 ਜਲਾਈ ਨੂੰ ਆਪਣੀ ਜਾਂਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ ਲੇਕਿਨ ਉਹ ਸੱਤਾ ਦੇ ਨਸ਼ੇ ਵਿੱਚ ਚੂਰ ਹੋਣ ਕਾਰਣ ਅੱਜ ਨਹੀਂ ਪੁਜੇ। ਭਾਈ ਮੰਡ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦਾ ਨਿਰਾਦਰ ਅਤੇ ਇਨਸਾਫ ਦੀ ਮੰਗ ਕਰ ਰਹੇ ਸਿੱਖਾਂ ਉਪਰ ਪੁਲਿਸ ਵਲੋਂ ਗੋਲੀ ਚਲਾਕੇ ਦੋ ਸਿੱਖਾਂ ਨੂੰ ਸ਼ਹੀਦ ਕਰ ਦੇਣ ਨਾਲ ਵਿਸ਼ਵ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਹੋਏ ਹਨ।
ਪੰਜਾਬ ਸਰਕਾਰ ਨੇ ਅਜੇ ਤੀਕ ਕਿਸੇ ਵੀ ਦੋਸ਼ੀ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜਾਂਚ ਰਿਪੋਰਟ ਪੇਸ਼ ਕਰਨ ਲਈ ਇੱਕ ਮਹੀਨੇ ਦਾ ਹੋਰ ਸਮਾਂ ਦਿੱਤਾ ਗਿਆ ਹੈ ਤੇ ਛੋਟੇ ਬਾਦਲ ਨੂੰ 20 ਅਗਸਤ 2016 ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਬਰਗਾੜੀ ਕਾਂਡ ਵਿੱਚ ਜਸਟਿਸ ਜ਼ੋਰਾ ਸਿੰਘ ਜਾਂਚ ਕਮਿਸ਼ਨ ਦੀ ਰਿਪੋਰਟ ਬਾਰੇ ਪੁਛੇ ਜਾਣ ਤੇ ਜਥੇਦਾਰਾਂ ਨੇ ਇੱਕ ਆਵਾਜ਼ ਹੋਕੇ ਕਿਹਾ ਕਿ ਉਹ ਪਹਿਲਾਂ ਹੀ ਜ਼ੋਰਾ ਸਿੰਘ ਕਮਿਸ਼ਨ ਦੇ ਗਠਨ ਤੋਂ ਲੈਕੇ ਸਰਕਾਰ ਨੂੰ ਪੇਸ਼ ਕੀਤੀ ਰਿਪੋਰਟ ਰੱਦ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਪੁਲਿਸ ਗੋਲੀ ਨਾਲ ਮਾਰੇ ਗਏ ਸਿੱਖਾਂ ਲਈ ਮੁਆਵਜ਼ੇ ਦੀ ਗੱਲ ਕਰਦੇ ਹਨ, ਲੇਕਿਨ ਕੌਮ ਸਰਕਾਰੀ ਸ਼ਹਿ ’ਤੇ ਕੀਤੀ ਗਈ ਇਸ ਪੁਲਿਸ ਕਾਰਵਾਈ ਨੂੰ ਕਤਲ ਮੰਨਦਿਆਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰਦੀ ਹੈ। ਉਨ੍ਹਾਂ ਸਾਫ ਕਿਹਾ ਕਿ ਜੇਕਰ ਮੁਆਵਜ਼ੇ ਦੇਣ ਨਾਲ ਕੋਈ ਮਾਮਲਾ ਖਤਮ ਹੋ ਜਾਂਦਾ ਹੈ ਤਾਂ ਸਰਕਾਰ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਸਾਰੇ ਸਿੱਖ ਕੈਦੀ ਰਿਹਾਅ ਕਰੇ ਕਰੋੜਾਂ-ਅਰਬਾਂ ਰੁਪਏ ਦਾ ਮੁਆਵਜ਼ਾ ਸਿੱਖ ਕੌਮ ਦੇਣ ਲਈ ਤਿਆਰ ਹੈ।
Related Topics: Babu Baljit Singh Daduwal, Bhai Amreek Singh Ajnala, Bhai Dhian Singh Mand, Incident of Beadbi of Guru Granth Shaib at Bargar Village, KPS Gill, Kuldeep Brar, Punjab Politics, sukhbir singh badal