Site icon Sikh Siyasat News

ਭਗਵੰਤ ਮਾਨ ਨੇ ਬਹਿਬਲ ਕਲਾਂ ਗੋਲੀਕਾਂਡ ਦਾ ਮੁੱਦਾ ਲੋਕ ਸਭਾ ਵਿੱਚ ਉੱਠਾਇਆ, ਕਿਹਾ ਦੋਸ਼ੀ ਪੁਲਿਸ ਵਾਲਿਆਂ ਦੇ ਨਾਵਾਂ ‘ਤੇ ਪਰਚਾ ਦਰਜ਼ ਕੀਤਾ ਜਾਵੇ

ਪੰਜਾਬ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੇਂਬਰ ਭਗਵੰਤ ਮਾਨ (ਫਾਈਲ ਫੋਟੋ)

ਨਵੀਂ ਦਿੱਲੀ (2 ਦਸੰਬਰ , 2015): ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੀ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਦਾ ਮੀਂਹ ਵਰ੍ਹਾ ਕੇ ਸ਼ਹੀਦ ਕੀਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦਾ ਮਾਮਲਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਲੋਕ ਸਭਾ ਭਗਵੰਤ ਮਾਨ ਨੇ ਭਾਰਤੀ ਲੋਕ ਸਭਾ ਵਿੱਚ ਉਠਾਇਆ।

ਭਗਵੰਤ ਮਾਨ ਨੇ ਅੱਜ ਲੋਕ ਸਭ ਵਿਚ ਬਹਿਬਲ ਕਲਾਂ ਗੋਲੀ ਕਾਂਡ ਦਾ ਮੁੱਦਾ ਉਠਾਉਂਦਿਆਂ ਮੰਗ ਕੀਤੀ ਕਿ ਗੋਲੀ ਕਾਂਡ ਵਿਚ ਸ਼ਾਮਿਲ ਦੋਸ਼ੀ ਪੁਲਿਸ ਮੁਲਾਜ਼ਮਾਂ ਦੇ ਨਾਵਾਂ ‘ਤੇ ਕੇਸ ਦਰਜ ਕੀਤੇ ਜਾਣ । ਸਦਨ ਵਿਚ ਸਿਫਰ ਕਾਲ ਦੌਰਾਨ ਮਾਮਲਾ ਉਠਾਉਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਗੋਲੀ ਕਾਂਡ ਵਿਚ ਦੋ ਸਿੰਘ ਸ਼ਹੀਦ ਹੋ ਗਏ ਸਨ ਜਦਕਿ ਅਨੇਕਾਂ ਹੋਰ ਜ਼ਖਮੀਂ ਹੋਏ ਸਨ ।

ਪੁਲਿਸ ਗੋਲੀ ਵਿੱਚ ਸ਼ਹੀਦ ਹੋਏ ਸਿੰਘ

ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਸਬੰਧ ਵਿਚ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ ਦਰਜ ਕੀਤਾ ਹੈ । ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ 300 ਤੋਂ ਵੀ ਵੱਧ ਫਾਇਰ ਕੀਤੇ ਪਰ ਪੁਲਿਸ ਅਤੇ ਪੰਜਾਬ ਸਰਕਾਰ ਹਾਲੇ ਵੀ ਇਹ ਦੱਸਣ ਦੀ ਸਥਿਤੀ ਵਿਚ ਨਹੀਂ ਕਿ ਗੋਲੀਆਂ ਚਲਾਉਣ ਵਾਲੇ ਮੁਲਾਜ਼ਮ ਕੌਣ ਸਨ । ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਹੱਤਿਆ ਦਾ ਤਾਜ਼ਾ ਮਾਮਲਾ ਦਰਜ ਕੀਤਾ ਜਾਵੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version