Site icon Sikh Siyasat News

ਜੇ ਉਤਰ ਪ੍ਰਦੇਸ਼ ਸਰਕਾਰ ਭਾਈ ਵਰਿਆਮ ਸਿੰਘ ਨੂੰ ਰਿਹਾਅ ਕਰ ਸਕਦੀ ਤਾਂ ਬਾਦਲ ਸਰਕਾਰ ਸਿੱਖ ਬੰਦੀਆਂ ਨੂੰ ਕਿਉਂ ਨਹੀਂ: ਭਾਈ ਵਡਾਲਾ

ਚੰਡੀਗੜ (21 ਫਰਵਰੀ, 2016): ਜੇਕਰ ਉਤਰ ਪ੍ਰਦੇਸ਼ ਦੀ ਅਖਿਲੇਸ਼ ਯਾਦਵ ਸਰਕਾਰ ਸਿੱਖ ਬੰਦੀ ਭਾਈ ਵਰਿਆਮ ਸਿੰਘ ਨੂੰ ਪੱਕੀ ਰਿਹਾਈ ਦੇ ਸਕਦੀ ਹੈ ਤਾਂ ਪੰਜਾਬ ਦੀ ਪੰਥਕ ਅਕਾਲੀ ਸਰਕਾਰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਪੰਜਾਬ ਦੀਆਂ ਜੇਲਾਂ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਨੂੰ ਕਿਉਂ ਰਿਹਾਅ ਨਹੀਂ ਕਰ ਸਕਦੀ?

ਭਾਈ ਬਲਦੇਵ ਸਿੰਘ ਵਡਾਲਾ

ਇਹ ਸਵਾਲ ਅੱਜ ਮੀਡੀਆ ਨੂੰ ਦਿੱਤੇ ਇਕ ਲਿਖਤੀ ਬਿਆਨ ਰਾਹੀਂ ਪੰਥ ਪ੍ਰਸਿੱਧ ਰਾਗੀ ਤੇ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਪੰਜਾਬ ਸਰਕਾਰ ਨੂੰ ਕੀਤਾ ਹੈ। ਭਾਈ ਵਡਾਲਾ ਨੇ ਆਖਿਆ ਕਿ ਇਕ ਪਾਸੇ ਪੰਜਾਬ ਵਿਚ ਸਿੱਖ ਜਥੇਬੰਦੀਆਂ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਰਿਹਾਈ ਲਈ ਸੰਘਰਸ਼ ਕੀਤੇ ਜਾ ਰਹੇ ਹਨ, ਦੂਜੇ ਪਾਸੇ ਪੰਥਕ ਕਹਾਉਣ ਵਾਲੀ ਪੰਜਾਬ ਸਰਕਾਰ ਬੰਦੀ ਸਿੱਖਾਂ ਦੀ ਰਿਹਾਈ ਕਰਨ ਵਿਚ ਆਪਣੇ ਆਪ ਨੂੰ ਕਾਨੂੰਨੀ ਤੌਰ ਉਤੇ ਬੇਵੱਸ ਆਖ ਕੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਤੋਂ ਕਤਰਾਉਂਦੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਇਸੇ ਅਕਾਲੀ ਦਲ ਨੇ ਧਰਮ ਯੁੱਧ ਮੋਰਚਾ ਲਗਾਇਆ ਸੀ ਅਤੇ ਹੁਣ ਜੇਲਾਂ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀ ਵੀ ਧਰਮ ਯੁੱਧ ਮੋਰਚੇ ਨਾਲ ਜੁੜੀ ਸਿੱਖ ਰਾਜਨੀਤਕ ਹਥਿਆਰਬੰਦ ਲਹਿਰ ਨਾਲ ਜੁੜੇ ਰਹੇ ਹਨ। ਭਾਈ ਵਡਾਲਾ ਨੇ ਕਿਹਾ ਕਿ ਅਕਾਲੀ ਦਲ ਸਿੱਖਾਂ ਦੀਆਂ ਵੋਟਾਂ ਨਾਲ ਸੱਤਾ ਵਿਚ ਤਾਂ ਆ ਗਿਆ ਹੈ ਪਰ ਉਸ ਨੇ ਸਿੱਖ ਮਸਲਿਆਂ ਅਤੇ ਸਰੋਕਾਰਾਂ ਤੋਂ ਮੂੰਹ ਮੋੜ ਲਿਆ ਹੈ ਜੋ ਕਿ ਚਿੰਤਾ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਮਹੀਨਿਆਂ ਦੌਰਾਨ ਜਦੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਪੰਥਕ ਜਥੇਬੰਦੀਆਂ ਦਾ ਦਬਾਅ ਪਿਆ ਤਾਂ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਕਹਿੰਦੇ ਸਨ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਲਿਖਤੀ ਮੰਗ ਪੱਤਰ ਦੇ ਕੇ ਆਏ ਹਨ, ਜਦੋਂਕਿ ਉਸੇ ਵੇਲੇ ਉਨ੍ਹਾਂ ਦੇ ਪੁੱਤਰ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਆਖ ਰਹੇ ਸਨ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਕੁਝ ਨਹੀਂ ਕਰ ਸਕਦੀ।

ਭਾਈ ਵਡਾਲਾ ਨੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੀ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ ਨੀਅਤ ਸਿੱਖ ਮਸਲਿਆਂ ਨੂੰ ਲੈ ਕੇ ਸਾਫ ਨਹੀਂ ਹੈ। ਉਨ੍ਹਾਂਕਿਹਾ ਕਿ ਅਜੇ ਵੀ ਸਮਾਂ ਰਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਬਹਾਨੇਬਾਜ਼ੀਆਂ ਛੱਡ ਕੇ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਹੋਰ ਚਿਰੋਕਣੇ ਲਟਕਦੇ ਆ ਰਹੇ ਸਿੱਖ ਮਸਲਿਆਂ ਦੇ ਹੱਲ ਲਈ ਸਿੱਟਾਮੁਖੀ ਫੌਰੀ ਫੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਸਰਕਾਰ ਤੋਂ ਸਬਕ ਲੈਂਦਿਆਂ ਪੰਜਾਬ ਸਰਕਾਰ ਨੂੰ ਆਪਣੇ ਸੰਵਿਧਾਨਕ ਅਖਤਿਆਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੀਆਂ ਜੇਲਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਕਰਨੀ ਚਾਹੀਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version