September 22, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ਸਬੰਧੀ 22 ਤੋਂ 24 ਸਤੰਬਰ ਤੱਕ ਪਟਨਾ ਸਾਹਿਬ ਵਿੱਚ ਕੌਮਾਂਤਰੀ ਸਿੱਖ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਧਾਰਮਿਕ, ਸਿਆਸੀ, ਸਮਾਜਿਕ, ਸੱਭਿਆਚਾਰਕ ਅਤੇ ਖੇਡ ਜਗਤ ਦੀਆਂ 200 ਦੇ ਕਰੀਬ ਸਿੱਖ ਸ਼ਖਸੀਅਤਾਂ ਸ਼ਾਮਲ ਹੋ ਰਹੀਆਂ ਹਨ।
ਸੰਮੇਲਨ ਦੇ ਉਦਘਾਟਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਹੋਰ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਸੰਮੇਲਨ ਵਿੱਚ ਪੰਜਾਬ, ਮਹਾਰਾਸ਼ਟਰ, ਰਾਜਸਥਾਨ, ਉੱਤਰਾਖੰਡ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਤਿਲੰਗਾਨਾ ਤੋਂ ਇਲਾਵਾ ਅਮਰੀਕਾ, ਕੈਨੇਡਾ, ਇੰਗਲੈਂਡ, ਮਲੇਸ਼ੀਆ, ਨਿਊਜ਼ੀਲੈਂਡ ਤੇ ਮਿਆਂਮਾਰ ਤੋਂ ਸਿੱਖ ਵਿਦਵਾਨ ਪੁੱਜ ਰਹੇ ਹਨ, ਜੋ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਜੀਵਨ ਬਾਰੇ ਆਪਣੇ ਵਿਚਾਰ ਰੱਖਣਗੇ।
ਸੰਮੇਲਨ ਦੇ ਸਮਾਪਤੀ ਸਮਾਰੋਹ ਵਿੱਚ ਬਿਹਾਰ ਦੇ ਰਾਜਪਾਲ ਰਾਮ ਨਾਥ ਕੋਵਿੰਦ ਸ਼ਾਮਲ ਹੋਣਗੇ। ਇਸ ਦੌਰਾਨ ਗਾਇਕ ਰੱਬੀ ਸ਼ੇਰਗਿੱਲ ਅਤੇ ਦਿਲਜੀਤ ਦੋਸਾਂਝ ਗੀਤ ਗਾਉਣਗੇ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਅਤੇ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਤਿਆਰੀਆਂ ਆਰੰਭੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਆਪਣਾ ਸਮੁੱਚਾ ਜੀਵਨ ਅਤੇ ਪਰਿਵਾਰ ਮਾਨਵਤਾ ਲਈ ਕੁਰਬਾਨ ਕਰ ਦਿੱਤਾ ਅਤੇ ਉਨ੍ਹਾਂ ਦਾ ਪ੍ਰਕਾਸ਼ ਪੁਰਬ ਮਨਾਉਣਾ ਗੌਰਵਮਈ ਹੈ।
Related Topics: 350th years celebrations of Guru Gobind Singh, Bihar, Nitish Kumar, Sikh Sammelan Patna Sahib, Takhat Sri Patna Sahib