October 22, 2017 | By ਸਿੱਖ ਸਿਆਸਤ ਬਿਊਰੋ
ਬਠਿੰਡਾ: ਪੰਜਾਬ ‘ਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਲਈ ਬਠਿੰਡਾ-ਫਰੀਦਕੋਟ ਰਾਜ ਮਾਰਗ ‘ਤੇ ਲੱਗੇ ਸਾਈਨ ਬੋਰਡਾਂ ‘ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਕਾਲਖ ਫੇਰ ਦਿੱਤੀ। ਅੱਜ (22 ਅਕਤੂਬਰ, 2017) ਨੂੰ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਮਾਲਵਾ ਯੂਥ ਫੈਡਰੇਸ਼ਨ ਦੇ ਮੈਂਬਰਾਂ ਨੇ ਹਿੰਦੀ ‘ਚ ਲਿਖੇ ਗਏ ਬੋਰਡਾਂ ‘ਤੇ ਕਾਲਖ ਪੋਤ ਦਿੱਤੀ। ਇਨ੍ਹਾਂ ਜਥੇਬੰਦੀਆਂ ਅਤੇ ਲੋਕਾਂ ਦੀ ਮੰਗ ਸੀ ਕਿ ਇਨ੍ਹਾਂ ਬੋਰਡਾਂ ‘ਚ ਪੰਜਾਬੀ ਭਾਸ਼ਾ ਨੂੰ ਸਭ ਤੋਂ ਉਪਰ ਲਿਖਿਆ ਜਾਵੇ। ਉਪ ਮੰਡਲ ਅਧਿਕਾਰੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਪੀ. ਡਬਲਿਊ. ਡੀ. ਵਿਭਾਗ ਨੇ ਮੁਲਜ਼ਮਾਂ ਖਿਲਾਫ ਲਿਖਤੀ ਸ਼ਿਕਾਇਤ ਪੁਲਿਸ ਨੂੰ ਦਿੱਤੀ, ਜਿਸ ‘ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਪਰ ਹਾਲੇ ਤਕ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ।
ਇਸ ਮੌਕੇ ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਅਸੀਂ ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ ਪਰ ਪੰਜਾਬ ਵਿਚ ਪੰਜਾਬੀ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਅਧਿਕਾਰੀਆਂ ਨੇ ਇਸ ‘ਤੇ ਅਮਲ ਨਹੀਂ ਕੀਤਾ ਤਾਂ ਪੰਜਾਬ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
ਮਿਲੀਆਂ ਖ਼ਬਰਾਂ ਮੁਤਾਬਕ ਮਾਲਵਾ ਯੂਥ ਫੈਡਰੇਸ਼ਨ ਦੇ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ, ਦਲ ਖ਼ਾਲਸਾ ਆਗੂ ਭਾਈ ਹਰਦੀਪ ਸਿੰਘ ਮਹਿਰਾਜ ਅਤੇ 70-80 ਅਣਪਛਾਤੇ ਲੋਕਾਂ ‘ਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦਾ ਮੁਕੱਦਮਾ ਨੇਹਿਆਂਵਾਲਾ ਪੁਲਿਸ ਥਾਣੇ ‘ਚ ਦਰਜ ਕੀਤਾ ਗਿਆ ਹੈ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Related Topics: Bhai Hardeep Singh, Lakhbir Singh @ Lakha Sadhana, malwa youth federation, Punjabi language in punjab