Site icon Sikh Siyasat News

ਕੈਪਟਨ ਅਮਰਿੰਦਰ ਸਿੰਘ ਵਲੋਂ ਧੋਖਾ ਦੇਣ ਕਾਰਨ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ: ਸੁਖਪਾਲ ਖਹਿਰਾ

ਜਲੰਧਰ: ਪੰਜਾਬ ਵਿੱਚ ਕਿਸਾਨਾਂ ਦੀਆਂ ਵੱਧ ਰਹੀਆਂ ਖੁਦਕੁਸ਼ੀਆਂ ਲਈ ਆਮ ਆਦਮੀ ਪਾਰਟੀ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਦੱਸਿਆ ਹੈ। ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਪੰਜਾਬ ਸਿਰ ਇੱਕ ਲੱਖ ਕਰੋੜ ਤੋਂ ਵੀ ਵੱਧ ਦਾ ਕਰਜ਼ਾ ਹੈ ਪਰ ਕਾਂਗਰਸ ਸਰਕਾਰ ਨੇ ਸਿਰਫ 1500 ਕਰੋੜ ਰੁਪਏ ਹੀ ਕਰਜ਼ਾ ਮੁਆਫੀ ਲਈ ਰੱਖੇ ਹਨ। ਇਸ ਹਿਸਾਬ ਨਾਲ ਰੱਖੀ ਗਈ ਰਕਮ ਕੁਲ ਕਰਜ਼ੇ ਦਾ 1.05 ਫੀਸਦੀ ਹੀ ਬਣਦੀ ਹੈ ਜੋ ਬਹੁਤ ਹੀ ਘੱਟ ਹੈ।

ਜਲੰਧਰ ਵਿੱਚ ਜੱਟ ਸਿੱਖ ਕੌਂਸਲ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਦਾ ਸਨਮਾਨ ਕਰਦੇ ਹੋਏ

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਕਿਸਾਨਾਂ ਤੇ ਮਜ਼ਦੂਰਾਂ ਨੇ ਕੈਪਟਨ ਦੀ ਜ਼ੁਬਾਨ ‘ਤੇ ਭਰੋਸਾ ਕਰਦਿਆਂ ਹੀ ਵੱਡੀ ਪੱਧਰ ‘ਤੇ ਵੋਟਾਂ ਪਾਕੇ ਕਾਂਗਰਸ ਦੀ ਸਰਕਾਰ ਬਣਾ ਦਿੱਤੀ ਸੀ ਪਰ ਸੂਬੇ ਦੇ ਲੋਕਾਂ ਨਾਲ ਉਦੋਂ ਧੋਖਾ ਹੋਇਆ ਜਦ ਕਰਜ਼ਾ ਮੁਆਫ਼ੀ ਲਈ ਵੱਡੀਆਂ-ਵੱਡੀਆਂ ਸ਼ਰਤਾਂ ਰੱਖ ਦਿੱਤੀਆਂ ਅਤੇ ਉਸ ਲਈ ਵੀ ਰਕਮ ਸਿਰਫ 1500 ਕਰੋੜ ਰੁਪਏ ਰੱਖੀ ਜੋ ਊਠ ਦੇ ਮੂੰਹ ਵਿੱਚ ਜ਼ੀਰਾ ਪਾਉਣ ਵਾਲੀ ਗੱਲ ਹੈ। ਕਿਸਾਨਾਂ ਨਾਲ ਕੀਤੇ ਗਏ ਇਸ ਵੱਡੇ ਧੋਖੇ ਲਈ ਪੰਜਾਬ ਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿੱਚ ਵੀ ਬਰਾਬਰ ਦਾ ਦੋਸ਼ੀ ਹੈ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੱਕਾਂ ਹਿੱਤਾਂ ਲਈ ਲੜਦੀ ਰਹੇਗੀ ਤੇ ਉਨ੍ਹਾਂ ਦਾ ਕਰਜ਼ਾ ਮੁਆਫ਼ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਜ਼ੋਰਦਾਰ ਢੰਗ ਨਾਲ ਅਵਾਜ਼ ਚੁੱਕੇਗੀ।

ਇਸ ਤੋਂ ਪਹਿਲਾ ਜੱਟ ਸਿੱਖ ਕੌਂਸਲ ਪੰਜਾਬ ਨੇ ਸੁਖਪਾਲ ਸਿੰਘ ਖਹਿਰਾ ਦਾ ‘ਪੰਜਾਬ ਦੀ ਅਵਾਜ਼’ ਐਵਾਰਡ ਨਾਲ ਸਨਮਾਨਿਤ ਕੀਤਾ। ਜੱਥੇਬੰਦੀ ਦੇ ਆਗੂਆਂ ਦਾ ਕਹਿਣਾ ਸੀ ਕਿ ਜਦੋਂ ਦੀ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਵਿਧਾਨ ਸਭਾ ਅੰਦਰ ਵਾਗਡੋਰ ਸੰਭਾਲੀ ਹੈ ਉਦੋਂ ਤੋਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਭਾਰਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਹੁਤ ਉਮੀਦਾਂ ਸਨ ਪਰ ਉਨ੍ਹਾਂ ਨੇ ਵੀ ਇੱਕ ਤਰ੍ਹਾਂ ਨਾਲ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version