ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 16 ਮਾਰਚ ਨੂੰ ਸਵੇਰੇ ਦਸ ਵਜੇ ਆਪਣੇ ਵਜ਼ਾਰਤੀ ਸਾਥੀਆਂ ਨਾਲ ਸਹੁੰ ਚੁੱਕਣਗੇ। ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਵਿੱਚ ਕਾਂਗਰਸ ਦੇ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਹੋਈ, ਜਿਸ ’ਚ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਦਲ ਦੇ ਆਗੂ ਦੀ ਚੋਣ ਦੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਦੇਣ ਲਈ ਇਕ ਲਾਈਨ ਦਾ ਮਤਾ ਪੇਸ਼ ਕੀਤਾ। ਮਤਾ ਪੇਸ਼ ਹੋਣ ਤੋਂ ਬਾਅਦ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਫੋਨ ’ਤੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਵਿਧਾਇਕਾਂ ਦੇ ਫੈ਼ਸਲੇ ਤੋਂ ਜਾਣੂ ਕਰਾਇਆ ਤਾਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਇਕ ਦਲ ਦਾ ਆਗੂ ਬਣਾਉਣ ਦਾ ਪ੍ਰਸਤਾਵ ਰੱਖਿਆ। ਵਿਧਾਇਕਾਂ ਨੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਕੈਪਟਨ ਅਮਰਿੰਦਰ ਸਿੰਘ ਵਿਧਾਇਕ ਦਲ ਦੇ ਆਗੂ ਚੁਣ ਲਿਆ।
ਵਿਧਾਇਕ ਦਲ ਦੀ ਮੀਟਿੰਗ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਸਹਾਇਕ ਇੰਚਾਰਜ ਹਰੀਸ਼ ਰਾਵਤ ਹਾਜ਼ਰ ਸਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਨੂੰ ਮਿਲਣ ਰਾਜ ਭਵਨ ਗਏ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਰਾਜਪਾਲ ਨੇ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਮੁਬਾਰਕਬਾਦ ਦਿੰਦਿਆਂ ਕੈਪਟਨ ਅਮਰਿੰਦਰ ਨੂੰ ਸਰਕਾਰ ਬਣਾਉਣ ਲਈ ਰਸਮੀ ਸੱਦਾ ਦਿੱਤਾ। ਕੈਪਟਨ ਨੇ ਰਾਜਪਾਲ ਨੂੰ ਮਿਲਣ ਤੋਂ ਬਾਅਦ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ 16 ਮਾਰਚ ਨੂੰ ਸਵੇਰੇ ਦਸ ਵਜੇ ਸਹੁੰ ਚੁੱਕੇਗੀ।
ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੀ 14 ਮਾਰਚ ਨੂੰ ਨਵੀਂ ਦਿੱਲੀ ਵਿੱਚ ਮੀਟਿੰਗ ਹੋ ਰਹੀ ਹੈ, ਜਿਸ ’ਚ ਮੰਤਰੀਆਂ ਦੀ ਗਿਣਤੀ ਅਤੇ ਹੋਰ ਫੈ਼ਸਲੇ ਲਏ ਜਾਣ ਦੀ ਉਮੀਦ ਹੈ।