ਖਾਸ ਖਬਰਾਂ » ਸਿਆਸੀ ਖਬਰਾਂ

ਜਸਟਿਨ ਟਰੂਡੋ ਨਾਲ ਮੁਲਾਕਾਤ ਲਈ ਕੈਪਟਨ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਪੱਤਰ ਦੀ ਬੇਸਬਰੀ ਨਾਲ ਉਡੀਕ

February 19, 2018 | By

ਚੰਡੀਗੜ੍ਹ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਪੱਤਰ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।

ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੀ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਵਾਉਣ ਦੇ ਯਤਨ ਚਲ ਰਹੇ ਹਨ। ਟਰੂਡੋ ਨੇ 21 ਫਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਲਈ ਆਉਣਾ ਹੈ। ਜਦੋਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਪੰਜਾਬ ਦੀ ਫੇਰੀ ‘ਤੇ ਆਏ ਸੀ ਤਾਂ ਕੈਪਟਨ ਨੇ ਉਨ੍ਹਾਂ ਨਾਲ ਮੁਲਾਕਾਤ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਕੈਪਟਨ ਨੇ ਜਨਤਕ ਤੌਰ ’ਤੇ ਕਿਹਾ ਹੈ ਕਿ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਅੰਮ੍ਰਿਤਸਰ ਦੀ ਫੇਰੀ ਸਮੇਂ ਸਵਾਗਤ ਕਰਨ ਲਈ ਤਿਆਰ ਹਨ।

ਪੰਜਾਬ ਦਾ ਮੁੱਖ ਮੰਤਰੀ ਅਮਰਿੰਦਰ ਸਿੰਘ (ਖੱਬੇ) | ਕਨੇਡਾ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ (ਸੱਜੇ) | [ਪੁਰਾਣੀਆਂ ਤਸਵੀਰਾਂ]

ਜਾਣਕਾਰਾਂ ਦਾ ਕਹਿਣਾ ਹੈ ਕਿ ਕੈਪਟਨ ਅਤੇ ਟਰੂਡੋ ਵਿਚਾਲੇ ਬੈਠਕ ਹੋਣ ਦੇ ਕਾਫੀ ਜ਼ਿਆਦਾ ਆਸਾਰ ਹਨ। ਉਨ੍ਹਾਂ ਮੁਤਾਬਕ ਭਾਰਤ ਸਰਕਾਰ ਵੀ ਇਸ ਮਾਮਲੇ ਵਿੱਚ ਆਪਣੀ ਭੂਮਿਕਾ ਨਿਭਾਏਗੀ। ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਤੋਂ ਜਦੋਂ ਇਸ ਬਾਬਤ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਮੰਤਰਾਲੇ ਦੇ ਪੱਤਰ ਦੀ ਉਡੀਕ ਕਰ ਰਹੇ ਹਨ। ਉਂਜ ਉਹ ਪੱਤਰ ਮਿਲਣ ਤੋਂ ਬਾਅਦ ਹੀ ਕੁਝ ਕਹਿਣ ਦੀ ਸਥਿਤੀ ਵਿੱਚ ਹੋਣਗੇ।

ਦੁਜੇ ਪਾਸੇ ਸ਼੍ਰੋਮਣੀ ਕਮੇਟੀ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅੰਮ੍ਰਿਤਸਰ ਆਮਦ ਅਤੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਨੂੰ ਬੇਸਬਰੀ ਨਾਲ ਉਡੀਕ ਰਹੀ ਹੈ। ਇੱਥੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਇਜ਼ਾ ਲਿਆ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਟਰੂਡੋ ਹਰਿਮੰਦਰ ਸਾਹਿਬ ਨਤਮਸਤਕ ਹੋਣ ਅਤੇ ਪਾਰਟੀਸ਼ਨ ਮਿਊਜ਼ੀਅਮ ਵੇਖਣ ਲਈ ਜਾਣਗੇ।

ਪ੍ਰਧਾਨ ਮੰਤਰੀ ਦੀ ਆਮਦ ਸਬੰਧੀ ਪ੍ਰਾਪਤ ਹੋਏ ਵੇਰਵਿਆਂ ਮੁਤਾਬਕ ਉਹ ਲਗਪਗ ਤਿੰਨ ਘੰਟੇ ਸ਼ਹਿਰ ਵਿੱਚ ਠਹਿਰਾਅ ਕਰਨਗੇ। ਉਹ 21 ਫਰਵਰੀ ਨੂੰ ਪਰਿਵਾਰ ਸਮੇਤ ਸਵੇਰੇ ਲਗਪਗ 10.30 ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜਣਗੇ। ਲਗਪਗ 11.30 ਵਜੇ ਉਹ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਣਗੇ ਤੇ ਲਗਪਗ ਇੱਕ ਘੰਟਾ ਇੱਥੇ ਰੁਕਣਗੇ। ਇਸ ਦੌਰਾਨ ਮੱਥਾ ਟੇਕਣ ਤੋਂ ਇਲਾਵਾ ਉਹ ਲੰਗਰ ਘਰ ਵਿੱਚ ਸੇਵਾ ਕਰਨ ਲਈ ਵੀ ਜਾਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,