ਅੰਮ੍ਰਿਤਸਰ (2 ਜੂਨ2014): ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਉਸ ਸਮੇਂ ਦੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਤਹਿਤ ਕੀਤੇ ਹਮਲੇ ਦੀ 30ਵੀਂ ਵਰ੍ਹੇਗੰਢ ਮੌਕੇ ਅਕਾਲ ਤਖਤ ਸਾਹਿਬ ‘ਤੇ ਘੱਲੂਘਾਰਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਜੱਥੇਬੰਦੀਆਂ ਵੱਲੋਂ ਮਨਾਇਆ ਜਾ ਰਿਹਾ ਹੈ।
ਇਸ ਵਾਰ ਸਿੱਖ ਹਲਕਿਆਂ ਵਿੱਚ ਚਰਚਾ ਹੈ ਕਿ ਕੀ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਬਣੇ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੇ ਰੋਸ ਵਜੋਂ ਕਾਂਗਰਸ ਅਤੇ ਸੰਸਦ ਵਿੱਚੋਂ ਅਸਤੀਫਾ ਦੇ ਦਿੱਤਾ ਸੀ, ਇਸ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣਗੇ।
ਅਕਾਲ ਤਖ਼ਤ ਵਿਖੇ 6 ਜੂਨ ਨੂੰ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਦੌਰਾਨ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਲਈ ਸ਼ਹੀਦ ਹੋਏ ਅਤੇ ਫੋਜੀਆਂ ਵੱਲੋਂ ਮਾਰੇ ਗਏ ਲੋਕਾਂ ਦੀ ਯਾਦ ਵਿੱਚ ਸ਼ਰਧਾਜਲੀ ਸਮਾਰੋਹ ਹੋਵੇਗਾ, ਜਿਸ ਵਿੱਚ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਕੁਝ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਜਾਵੇਗਾ।
ਇਸੇ ਤਰ੍ਹਾਂ ਦਮਦਮੀ ਟਕਸਾਲ ਚੌਕ ਮਹਿਤਾ ਵੱਲੋਂ ਇਸ ਸਬੰਧੀ ਚੌਕ ਮਹਿਤਾ ਵਿੱਚ ਵੱਖਰਾ ਸਮਾਗਮ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਮੁੱਦਾ ਜ਼ੋਰ ਸ਼ੋਰ ਨਾਲ ਉਠਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਏ ਸਨ ਕਿ ਇਹ ਫੌਜੀ ਕਾਰਵਾਈ ਅਕਾਲੀ ਆਗੂਆਂ ਦੇ ਸਮਰਥਨ ਨਾਲ ਹੋਈ ਸੀ ਜਦਕਿ ਉਨ੍ਹਾਂ ਨੇ ਇਸ ਫੌਜੀ ਕਾਰਵਾਈ ਦੇ ਰੋਸ ਵਜੋਂ ਨਾ ਸਿਰਫ਼ ਕਾਂਗਰਸ ਸਗੋਂ ਸੰਸਦ ਮੈਂਬਰ ਦੇ ਅਹੁਦੇ ਤੋਂ ਵੀ ਅਸਤੀਫਾ ਦਿੱਤਾ ਸੀ।
ਉਨ੍ਹਾਂ ਨੇ 30 ਸਾਲ ਪੁਰਾਣੀਆਂ ਯਾਦਾਂ ਵੀ ਲੋਕਾਂ ਦੇ ਸਾਹਮਣੇ ਰੱਖੀਆਂ ਸਨ। ਚੋਣ ਜਿੱਤਣ ਮਗਰੋਂ ਉਨ੍ਹਾਂ ਨੇ ਆਖਿਆ ਸੀ ਕਿ 30 ਸਾਲ ਪਹਿਲਾਂ ਅੰਮ੍ਰਿਤਸਰ ਵਿੱਚ ਵਾਪਰੇ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੇ ਰੋਸ ਵਜੋਂ ਉਨ੍ਹਾਂ ਨੇ ਭਾਰਤੀ ਸੰਸਦ ਤੋਂ ਅਸਤੀਫਾ ਦਿੱਤਾ ਸੀ ਅਤੇ ਤੀਹ ਸਾਲਾਂ ਬਾਅਦ ਅੰਮ੍ਰਿਤਸਰ ਦੇ ਹੀ ਲੋਕਾਂ ਨੇ ਮੁੜ ਉਸਨੂੰ ਸੰਸਦ ਵਿੱਚ ਭੇਜਿਆ ਹੈ। ਇਸ ਵਾਰ ਸਿੱਖ ਹਲਕਿਆਂ ਵਿੱਚ ਚਰਚਾ ਹੈ ਕਿ ਸਾਕਾ ਨੀਲਾ ਤਾਰਾ ਦੀ 30ਵੀਂ ਵਰ੍ਹੇਗੰਢ ਮੌਕੇ ਸਿੱਖ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਘੱਲੂਘਾਰੇ ਵਿੱਚ ਫੌਝ ਹੱਥੌਂ ਮਾਰੇ ਗਏ ਨਿਰਦੋਸ਼ ਲੋਕਾਂ ਅਤੇ ਫੌਜ ਨਾਲ ਜੂਝਦੇ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨੇ ਚਾਹੀਦੇ ਹਨ।
ਸਿੱਖ ਜਥੇਬੰਦੀ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਲੋਕ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਸੇ ਮੁੱਦੇ ਨੂੰ ਉਭਾਰਦਿਆਂ ਸਿੱਖ ਭਾਵਨਾਵਾਂ ਨੂੰ ਆਪਣੇ ਵੱਲ ਕੇਂਦਰਿਤ ਕੀਤਾ ਸੀ। ਸਿੱਧੇ ਅਸਿੱਧੇ ਤੌਰ ‘ਤੇ ਉਨ੍ਹਾਂ ਨੇ ਇਸ ਮੁੱਦੇ ਦਾ ਸਿਆਸੀ ਲਾਹਾ ਲਾਇਆ ਸੀ। ਹੁਣ ਉਹ ਇਸੇ ਸ਼ਹਿਰ ਤੋਂ ਸੰਸਦ ਮੈਂਬਰ ਬਣ ਚੁੱਕੇ ਹਨ। ਲੋਕਾਂ ਨੇ ਉਨ੍ਹਾਂ ਨੂੰ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਜਿਤਾਇਆ ਹੈ। ਇਸ ਲਈ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਕੈਪਟਨ ਨੂੰ ਇਸ ਸਮਾਗਮ ਵਿੱਚ ਇੱਕ ਸਿੱਖ ਵਜੋਂ ਜ਼ਰੂਰ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ।
ਇਸੇ ਤਰ੍ਹਾਂ ਕੁਝ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਅਜਿਹੇ ਵਿਚਾਰ ਪ੍ਰਗਟਾਏ ਹਨ।
ਕਾਂਗਰਸੀ ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਇਸ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਇਸ ਲਈ ਵੀ ਗੁਰੇਜ਼ ਕਰਨਗੇ ਕਿਉਂਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਵਿੱਚ ਹੋਰ ਸੁਨੇਹਾ ਜਾਵੇਗਾ, ਜੋ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਹ ਚੋਣ ਜਿੱਤਣ ਮਗਰੋਂ ਉਹ ਪੰਜਾਬ ਕਾਂਗਰਸ ਵਿੱਚ ਮੁੜ ਧੜੱਲੇਦਾਰ ਆਗੂ ਵਜੋਂ ਉਭਰੇ ਹਨ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੇ ਜਾਣ ਦੀ ਸੰਭਾਵਨਾ ਹੈ। ਇਸ ਲਈ ਉਹ ਅਜਿਹੇ ਸਮਾਗਮ ਤੋਂ ਦੂਰ ਰਹਿਣ ਨੂੰ ਤਰਜੀਹ ਦੇਣਗੇ।