November 16, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਦਮਦਮੀ ਟਕਸਾਲ (ਚੌਂਕ ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਕੁੱਝ ਦਿਨ ਪਹਿਲਾਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਸਮੇਤ ਹੋਰਨਾਂ ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ ‘ਤੇ ਚਿੰਤਾ ਜਤਾਉਂਦਿਆਂ ਉਹਨਾਂ ਦੀ ਤੁਰੰਤ ਰਿਹਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਦਿਲਚਸਪੀ ਲੈਂਦਿਆਂ ਦਖਲ ਦੇਣ ਦੀ ਮੰਗ ਕੀਤੀ ਹੈ।
ਉਹਨਾਂ ਕਿਹਾ ਕਿ ਪੰਜਾਬ ਪੁਲਿਸ ਸਿੱਖ ਨੌਜਵਾਨਾਂ ਨੂੰ ਜਬਰੀ ਨਿਸ਼ਾਨਾ ਬਣਾ ਰਹੀ ਹੈ। ਉਹਨਾਂ ਨੂੰ ਝੂਠੇ ਕੇਸ ਵਿੱਚ ਫਸਾਉਂਦਿਆਂ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਵਿਆਹ ਕਰਵਾਉਣ ਆਏ ਜਗਤਾਰ ਸਿੰਘ ਜੱਗੀ ਜੌਹਲ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਏ ਜਾਣ ਨਾਲ ਜੌਹਲ ਦੇ ਪਰਿਵਾਰ ਵਾਲਿਆਂ ਨੂੰ ਗਹਿਰੀ ਚਿੰਤਾ ਸਤਾ ਰਹੀ ਹੈ।
ਉਹਨਾਂ ਕਿਹਾ ਕਿ ਜੌਹਲ ਦੀ ਗ੍ਰਿਫ਼ਤਾਰੀ ‘ਤੇ ਸਕਾਟਲੈਂਡ ਦੇ ਸੰਸਦ ਮਾਰਟਿਨ ਡੋਖਰਟੀ ਹਿਊਜ, ਇੰਗਲੈਂਡ ਦੇ ਸੰਸਦ ਮੈਂਬਰ ਤਮਨਮਜੀਤ ਸਿੰਘ ਢੇਸੀ ਵੱਲੋਂ ਚਿੰਤਾ ਦਾ ਪ੍ਰਗਟਾਵਾ ਕਰ ਚੁੱਕੇ ਹਨ ਅਤੇ ਉਨ੍ਹਾਂ ਸਮੇਤ ਯੂ. ਕੇ. ਦਾ ਸਿੱਖ ਭਾਈਚਾਰਾ ਜਗਤਾਰ ਸਿੰਘ ਦੇ ਇੰਗਲੈਂਡ ਰਹਿੰਦੇ ਪਰਿਵਾਰ ਨਾਲ ਮਿਲ ਕੇ ਉਸ ਨੂੰ ਰਿਹਾਅ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਮਦਮੀ ਟਕਸਾਲ ਮੁਖੀ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਜੌਹਲ ਪਰਿਵਾਰ ਦੀ ਮਦਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਹਾਰ ਲਗਾਈ ਹੈ।
ਸਬੰਧਤ ਖ਼ਬਰ:
ਜਗਤਾਰ ਸਿੰਘ ਜੱਗੀ ਦੀ ਗ੍ਰਿਫਤਾਰੀ ਬਾਰੇ ਪੁਲਿਸ ਦੇ ਦਾਅਵਿਆਂ ‘ਤੇ ਖਰੜ ਦੇ ਵਿਧਾਇਕ ਕੰਵਰ ਸੰਧੂ ਨੂੰ ਸ਼ੱਕ …
Related Topics: Damdmi Taksal, Harnam Singh Dhumma, jagtar singh johal, Jagtar Singh Johal alias Jaggi (UK), Punjab Police, Sikh Diaspora, Sikh Political Prisoners, Sikhs In UK