ਚੰਡੀਗੜ੍ਹ: ਅਕਾਲੀ-ਭਾਜਪਾ ਵਜ਼ਾਰਤ ਵੇਲੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ 32 ਏਕੜ ਜ਼ਮੀਨ ਘੁਟਾਲੇ ਦੇ ਕੇਸ ਵਿੱਚ ਨਾਮਜ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਈ ਹੋਰ ਮੁਲਜ਼ਮ ਕੱਲ੍ਹ (29 ਨਵੰਬਰ, 2017) ਅਦਾਲਤ ਵਿੱਚ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਇੱਕ ਅਰਜ਼ੀ ਦਾਇਰ ਕਰ ਕੇ ਵਿਧਾਨ ਸਭਾ ਸੈਸ਼ਨ ਵਿੱਚ ਰੁੱਝੇ ਹੋਣ ਨੂੰ ਕਾਰਨ ਦੱਸਦਿਆਂ ਨਿੱਜੀ ਪੇਸ਼ੀ ਤੋਂ ਛੋਟ ਮੰਗੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ।
ਮਾਮਲੇ ਦੀ ਸੁਣਵਾਈ ਮੋਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੇ ਵਕੀਲ ਅਤੇ ਮੁੱਖ ਮੰਤਰੀ ਦੇ ਕੇਸ ਦੀ ਪੈਰਵੀ ਕਰ ਰਹੇ ਵਕੀਲ ਵਿਚਕਾਰ ਤਿੱਖੀ ਬਹਿਸ ਹੋਈ। ਸੁਣਵਾਈ ਮੌਕੇ ਬੀਰਦਵਿੰਦਰ ਸਿੰਘ ਵੀ ਅਦਾਲਤ ਵਿੱਚ ਮੌਜੂਦ ਸਨ। ਵਿਜੀਲੈਂਸ ਨੇ ਕੈਪਟਨ ਵਿਰੁੱਧ ਦਰਜ ਭ੍ਰਿਸ਼ਟਾਚਾਰ ਦੇ ਕੇਸ ਨੂੰ ਖ਼ਤਮ ਕਰਨ ਦੀ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਪਹਿਲਾਂ ਹੀ ਰੱਦ ਕਰ ਚੁੱਕੀ ਹੈ ਅਤੇ ਅਦਾਲਤ ਨੇ ਵਿਜੀਲੈਂਸ ਨੂੰ ਨਵੇਂ ਸਿਰਿਓਂ ਨਿਰਪੱਖ ਜਾਂਚ ਕਰ ਕੇ ਪੜਤਾਲੀਆ ਰਿਪੋਰਟ ਪੇਸ਼ ਕਰਨ ਲਈ ਆਖਿਆ ਸੀ।
ਇਸ ਦੌਰਾਨ ਕੁਝ ਦਿਨ ਪਹਿਲਾਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਜ਼ਿਲ੍ਹਾ ਅਦਾਲਤ ਵਿੱਚ 21 ਪੰਨਿਆਂ ਦੀ ਪਟੀਸ਼ਨ ਦਾਇਰ ਕਰ ਕੇ ਅਤੇ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋ ਕੇ ਨਿਆਂ ਪਾਲਿਕਾ ਨੂੰ ਕੇਸ ਦੇ ਵੱਖ-ਵੱਖ ਪਹਿਲੂਆਂ ਅਤੇ ਅਸਲੀਅਤ ਤੋਂ ਜਾਣੂ ਕਰਵਾਉਣ ਲਈ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਵਿਜੀਲੈਂਸ ਅਤੇ ਮੁਲਜ਼ਮ ਆਪਸ ਵਿੱਚ ਮਿਲੇ ਹੋਏ ਹਨ। ਅਦਾਲਤ ਨੇ ਵਿਜੀਲੈਂਸ ਅਤੇ ਸੂਬਾ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਆਖਿਆ ਸੀ, ਪਰ ਕੇਸ ਦੀ ਸੁਣਵਾਈ ਦੌਰਾਨ ਵਿਜੀਲੈਂਸ ਨੇ ਨਾ ਤਾਂ ਜਵਾਬ ਦਾਇਰ ਕੀਤਾ ਅਤੇ ਨਾ ਹੀ ਨਵੇਂ ਸਿਰਿਓਂ ਜਾਂਚ ਸਬੰਧੀ ਕੋਈ ਰਿਪੋਰਟ ਹੀ ਪੇਸ਼ ਕੀਤੀ। ਜਦੋਂ ਜੱਜ ਨੇ ਵਿਜੀਲੈਂਸ ਨੂੰ ਜਾਂਚ ਰਿਪੋਰਟ ਅਤੇ ਸਰਕਾਰੀ ਪੱਖ ਬਾਰੇ ਪੁੱਛਿਆ ਤਾਂ ਵਿਜੀਲੈਂਸ ਨੇ ਇਕ ਮਹੀਨੇ ਦੀ ਹੋਰ ਮੋਹਲਤ ਮੰਗੀ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 20 ਦਸੰਬਰ ’ਤੇ ਪਾ ਦਿੱਤੀ ਹੈ।
ਇਸ ਦੌਰਾਨ ਬੀਰਦਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ‘ਆਪ’ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਪਿੱਠ ਥਾਪੜਦਿਆਂ ਕਿਹਾ ਕਿ ਨਸ਼ਾ ਤਸਕਰੀ ਮਾਮਲੇ ਵਿੱਚ ਖਹਿਰਾ ਤੋਂ ਅਸਤੀਫ਼ਾ ਮੰਗਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸੀ ਆਗੂਆਂ ਤੇ ਬਾਦਲ ਪਰਿਵਾਰ ਸਣੇ ਬਾਦਲ ਦਲ ਦੇ ਆਗੂਆਂ ਨੂੰ ਆਪਣੀ ਪੀੜੀ ਹੇਠ ਸੋਟਾ ਫੇਰ ਲੈਣਾ ਚਾਹੀਦਾ ਹੈ। ਮੌਜੂਦਾ ਸਮੇਂ ਵਿੱਚ ਮੁੱਖ ਮੰਤਰੀ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਫਸੇ ਹੋਏ ਹਨ ਤੇ ਇਹ ਕੇਸ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ। ਇਸ ਦੇ ਬਾਵਜੂਦ ਉਹ ਮੁੱਖ ਮੰਤਰੀ ਦੇ ਅਹੁਦੇ ’ਤੇ ਕਾਇਮ ਹਨ।
ਸਬੰਧਤ ਖ਼ਬਰ:
ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਅਮਰਿੰਦਰ ਸਿੰਘ ਖ਼ਿਲਾਫ਼ ਸਰਕਾਰੀ ਗਵਾਹ ਬਣਨ ਨੂੰ ਤਿਆਰ …