ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਗੁਲਦਸਤਾ ਦਿੰਦੇ ਹੋਏ (ਫਾਈਲ ਫੋਟੋ)

ਸਿਆਸੀ ਖਬਰਾਂ

ਪੰਜਾਬ ਦੇ ਕਰਜ਼ੇ ਦੀ ਹੱਦ ਵਧਾਉਣ ਦੇ ਸਬੰਧ ‘ਚ ਮੁੱਖ ਮੰਤਰੀ ਵਲੋਂ ਮੋਦੀ,ਜੇਤਲੀ ਨਾਲ ਮੁਲਾਕਾਤ ਦੀ ਸੰਭਾਵਨਾ

By ਸਿੱਖ ਸਿਆਸਤ ਬਿਊਰੋ

August 21, 2017

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ‘ਚ ਅੱਜ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਸੂਬੇ ਦੀ ਕਰਜ਼ਾ ਹੱਦ ਵਧਾਉਣ ਦੀ ਅਪੀਲ ਕਰ ਸਕਦੇ ਹਨ ਤਾਂ ਜੋ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਯੋਜਨਾ ਨੂੰ ਲਾਗੂ ਕੀਤਾ ਜਾ ਸਕੇ। ਮੁੱਖ ਮੰਤਰੀ ਜੋ ਅੱਜ (21 ਅਗਸਤ) ਦਿੱਲੀ ਜਾ ਰਹੇ ਹਨ, ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮੁੱਦਾ ਵੀ ਚੁੱਕੇ ਜਾਣ ਦੀ ਸੰਭਾਵਨਾ ਹੈ ਅਤੇ ਉਹ ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਪਹਾੜੀ ਖੇਤਰਾਂ ਦੀ ਤਰਜ਼ ‘ਤੇ ਵਿਸ਼ੇਸ਼ ਇੰਸੈਂਟਿਵ ਦੀ ਮੰਗ ਵੀ ਕਰ ਸਕਦੇ ਹਨ।

ਪੰਜਾਬ ਸਰਕਾਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ ਦਿੱਲੀ ਪੁੱਜਣਗੇ ਅਤੇ ਅਗਲੇ ਦਿਨ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਕਰਜ਼ਾ ਮੁਆਫ਼ ਕਰਨ ਦੀ ਯੋਜਨਾ ਨੂੰ ਲਾਗੂ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਕੈਪਟਨ ਅਮਰਿੰਦਰ ਸਿੰਘ ਕੇਂਦਰ ਨੂੰ ਖੇਤੀ ਕਰਜ਼ਾ ਮੁਆਫ਼ ਕਰਨ ਦੀ ਪ੍ਰਤੀਬੱਧਤਾ ਪੂਰੀ ਕਰਨ ਲਈ ਸੂਬੇ ਦੀ ਕਰਜ਼ਾ ਹੱਦ ਵਧਾਉਣ ਦੀ ਅਪੀਲ ਕਰਨਗੇ। ਪੰਜਾਬ ਸਰਕਾਰ ਚਾਹੁੰਦੀ ਹੈ ਕਿ ਕੇਂਦਰ ਕਰਜ਼ ਮੁਆਫ਼ੀ ਯੋਜਨਾ ਲਈ ਫ਼ੰਡ ਜੁਟਾਉਣ ਲਈ 10 ਹਜ਼ਾਰ ਕਰੋੜ ਰੁਪਏ ਦੀ ਸੂਬੇ ਦੀ ਕਰਜ਼ਾ ਹੱਦ ਨੂੰ ਵਧਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: