ਚੰਡੀਗੜ੍ਹ: ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ ਜਾਮਨੀ ਭਾਵ ਐਮਐਸਪੀ ਦੀ ਗਾਰੰਟੀ ਸਮੇਤ ਬਾਕੀ ਮਸਲਿਆਂ ਉੱਤੇ ਸਹਿਮਤੀ ਨਹੀਂ ਬਣ ਸਕੀ।
ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਯੂਨੀਅਨਾਂ ਨੇ ਦਿੱਲੀ ਚੱਲੋ ਦੇ ਸੱਦੇ ਤਹਿਤ ਪੰਜਾਬ-ਹਰਿਆਣਾ ਸਰਹੱਦਾਂ ਵੱਲ ਟਰੈਕਟਰ ਟਰਾਲੀਆਂ ਦੇ ਕਾਫਲੇ ਲੈ ਕੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ।
ਤਾਜਾ ਜਾਣਕਾਰੀ ਅਨੁਸਾਰ ਕਿਸਾਨ ਯੂਨੀਅਨਾਂ ਦੇ ਸੱਦੇ ਉੱਤੇ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਸ਼ੰਬੂ ਬੈਰੀਅਰ ਉੱਤੇ ਪਹੁੰਚਣੇ ਸ਼ੁਰੂ ਹੋ ਗਏ ਹਨ।
ਦੂਜੇ ਪਾਸੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਤੋਂ ਹਰਿਆਣੇ ਰਾਹੀਂ ਦਿੱਲੀ ਨੂੰ ਜਾਂਦੇ ਸਾਰੇ ਰਸਤਿਆਂ ਉੱਤੇ ਸੜਕਾਂ ਬਜਰੀ ਦੀਆਂ ਕੰਧਾਂ ਖੜੀਆਂ ਕਰਕੇ ਅਤੇ ਹੋਰ ਰੋਕਾਂ ਲਗਾ ਕੇ ਬੰਦ ਕਰ ਦਿੱਤੀਆਂ ਹਨ।
ਇਸ ਤੋਂ ਇਲਾਵਾ ਇਹਨਾਂ ਸਰਹੱਦਾਂ ਉੱਤੇ ਕੰਡਿਆਲੀਆਂ ਤਾਰਾਂ ਵਿਛਾਈਆਂ ਗਈਆਂ ਹਨ ਅਤੇ ਸੜਕਾਂ ਉੱਤੇ ਟੋਏ ਪੁੱਟ ਕੇ ਸੀਮੈਂਟ ਬਜਰੀ ਪਾ ਕੇ ਤਿੱਖੇ ਸੂਏ ਗੱਡ ਦਿੱਤੇ ਗਏ ਹਨ। ਇਹਨਾਂ ਸਰਹੱਦੀ ਨਾਕਿਆਂ ਉੱਤੇ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਕੇਂਦਰੀ ਪੁਲਿਸ ਦੇ ਦਸਤੇ ਵੀ ਤਾਇਨਾਤ ਕੀਤੇ ਗਏ ਹਨ। ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਸਨ।