ਸਿੱਖ ਖਬਰਾਂ

ਪੰਜ ਸਿੰਘ ਸਹਿਬਾਨਾਂ ਦੀ ਮਟਿੰਗ ਵਿੱਚ 6 ਜੂਨ ਦੀ ਘਟਨਾ ਅਤੇ ਨਾਨਕਸ਼ਾਹੀ ਕੈਲ਼ੰਡਰ ਬਾਰੇ ਹੋਵੇਗਾ ਵਿਚਾਰ ਵਟਾਂਦਰਾ

By ਸਿੱਖ ਸਿਆਸਤ ਬਿਊਰੋ

June 15, 2014

ਅੰਮ੍ਰਿਤਸਰ (14 ਜੂਨ 2014): 15 ਜੂਨ ਨੂੰ ਪੰਜ ਸਿੰਘ ਸਾਹਿਬਾਨ ਦੀ ਅਕਾਲ ਤਖਤ ਸਾਹਿਬ ‘ਤੇ ਹੋਣ ਵਾਲੀ ਮੀਟਿੰਗ ਵਿੱਚ 6 ਜੂਨ ਦੀ ਹਿੰਸਕ ਘਟਨਾ ਅਤੇ ਨਾਨਕਸ਼ਾਹੀ ਕੈਲੰਡਰ ਬਾਰੇ ਵਿੱਚਾਰ-ਵਟਾਂਦਰਾ ਕੀਤਾ ਜਜਾਵੇਗਾ। ਪਰ 6ਜੂਨ ਦੀ ਹਿੰਸਕ ਘਟਨਾ ਸਬੰਧੀ ਫੈਸਲਾ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਦਿੱਤਾ ਜਾਵੇਗਾ।

ਇਸ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਦੋ ਸਿੱਖ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਹਿੰਸਕ ਘਟਨਾ ਸਬੰਧੀ ਅਗਲਾ ਕੋਈ ਵੀ ਫੈਸਲਾ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਕੀਤਾ ਜਾਵੇਗਾ। ਉਂਜ ਪੰਜ ਸਿੰਘ ਸਾਹਿਬਾਨ ਵੱਲੋਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਰੋਕਣ ਬਾਰੇ ਚਰਚਾ ਕੀਤੀ ਜਾਵੇਗੀ।

ਇਸਦੇ ਨਾਲ ਹੀ ਇਸ ਵੇਲੇ ਨਾਨਕਸ਼ਾਹੀ ਕੈਲੰਡਰ ਦਾ ਮਾਮਲਾ ਭਖਿਆ ਹੋਇਆ ਹੈ। ਇਸ ਸਬੰਧੀ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਅਕਾਲ ਤਖ਼ਤ ਵਿਖੇ ਸੁਝਾਅ ਵੀ ਭੇਜੇ ਜਾ ਚੁੱਕੇ ਹਨ। ਭਲਕੇ ਹੋਣ ਵਾਲੀ ਇਕੱਤਰਤਾ ਵਿੱਚ ਇਸ ਮਾਮਲੇ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ  ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਕਾਰਨ ਹੀ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਨਹੀਂ ਭੇਜਿਆ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 16 ਜੂਨ ਨੂੰ ਮਨਾਇਆ ਜਾ ਰਿਹਾ ਹੈ ਜਦਕਿ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਸਮੇਤ ਹੋਰ ਜਥੇਬੰਦੀਆਂ ਵੱਲੋਂ ਇਹ ਸ਼ਹੀਦੀ ਦਿਹਾੜਾ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ 1 ਜੂਨ ਨੂੰ ਮਨਾਇਆ ਜਾ ਚੁੱਕਿਆ ਹੈ।

ਉਪਰੋਕਤ ਮਸਲਿਆਂ ਤੋਂ ਇਲਾਵਾ ਵਿਦੇਸ਼ਾਂ ਵਿੱਚ ਪਾਵਨ ਸਰੂਪ ਭੇਜਣ, ਵਿਦੇਸ਼ਾਂ ਵਿੱਚ ਗੁਰਦੁਆਰਿਆਂ ਦੇ ਝਗੜਿਆਂ ਨੂੰ ਅਦਾਲਤ ਵਿੱਚ ਲੈ ਜਾਣ ਦੀ ਥਾਂ ਆਪਸ ਵਿੱਚ ਹੱਲ ਕਰਨ ਅਤੇ ਸਿਰੋਪਾ ਦੇ ਨਿਰਾਦਰ ਨੂੰ ਖਤਮ ਕਰਨ ਦੇ ਮਾਮਲੇ ਚਰਚਾ ਦਾ ਵਿਸ਼ਾ ਬਣ ਸਕਦੇ ਹਨ।

ਅੱਜ ਬਾਅਦ ਦੁਪਹਿਰ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸਲਾਹਕਾਰ ਬੋਰਡ ਦੇ ਮੈਂਬਰਾਂ ਨਾਲ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਮੀਟਿੰਗ ਕੀਤੀ ਗਈ ਹੈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਸਿੱਖ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ, ਡਾ. ਦਲਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਸ਼ਾਮਲ ਸਨ।

ਵਿਦਵਾਨਾਂ ਨੇ ਸੁਝਾਅ ਦਿੱਤਾ ਹੈ ਕਿ ਵਿਦੇਸ਼ਾਂ ਵਿੱਚ ਗੁਰਦੁਆਰਿਆਂ ਦੇ ਝਗੜੇ ਹੱਲ ਕਰਨ ਲਈ ਸਰਵ ਸਾਂਝੀਆਂ ਕਮੇਟੀਆਂ ਬਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਇਹ ਮਸਲੇ ਅਦਾਲਤ ਵਿੱਚ ਜਾਣ ਦੀ ਥਾਂ ਆਪਸੀ ਸਹਿਮਤੀ ਨਾਲ ਹੱਲ ਹੋ ਸਕਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: