ਅੰਮ੍ਰਿਤਸਰ (5 ਜੂਨ, 2015): ਜੰਮੂ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁਲਿਸ ਵੱਲੋਂ ਲਾਹੇ ਜਾਣ ਤੋਂ ਬਾਅਦ ਰੋ ਸਜਾਹਿਰ ਕਰ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਸਿੱਖ ਨੌਜਵਾਨ ਨੂੰ ਸ਼ਹੀਦ ਕਰਨ ਦੀ ਨਿਖੇਧੀ ਕਰਦਿਆਂ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸਮੁੱਚੀ ਕੌਮ ਸ਼ਹੀਦ ਦੇ ਪਰਿਵਾਰ ਅਤੇ ਜੰਮੂ ਦੀ ਸੰਗਤ ਦੇ ਨਾਲ ਖੜੀ ਹੈ।
ਉਨ੍ਹਾਂ ਕਿਹਾ ਕਿਸਿੱਖ ਕੌਮ ਨੇ ਹਮੇਸ਼ਾਂ ਦੂਜੇ ਧਰਮਾਂ ਦਾ ਸਤਿਕਾਰ ਕੀਤਾ ਹੈ ਪਰ ਜੰਮੂ ‘ਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਗੋਲੀ ਚਲਾ ਕੇ ਨੌਜਵਾਨ ਸਿੱਖ ਨੂੰ ਸ਼ਹੀਦ ਕਰਨ ਦੀ ਚਾਲ ਸਮਾਜ ਵਿਚਲੀ ਭਾਈਚਾਰਕ ਸਾਂਝ ਨੂੰ ਤੋੜਨ ਦੇ ਯਤਨ ਹਨ, ਜਿਨ੍ਹਾਂ ਪ੍ਰਤੀ ਸਿੱਖਾਂ ਨੂੰ ਜਾਗਰੂਕ ਹੁੰਦਿਆਂ ਵਿਰੋਧੀਆਂ ਦੀਆਂ ਸਾਜਿਸ਼ਾਂ ਸਫ਼ਲ ਨਾ ਹੋਣ ਦੇਣ ਲਈ ਇੱਕਜੁੱਟ ਹੋਣਾ ਪਵੇਗਾ।
ਉਨ੍ਹਾਂ ਕਿਹਾ ਕਿ ਪੁਲਿਸ ਹੱਥੋਂ ਸਿੱਖ ਦੇ ਸ਼ਹੀਦ ਹੋਣ ਮਗਰੋਂ ਕੌਮ ‘ਚ ਰੋਸ ਦੀ ਭਰਵੀਂ ਲਹਿਰ ਹੈ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਹੋਣੀ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨਾਲ ਇਸ ਸਬੰਧੀ ਤਾਲਮੇਲ ਕੀਤਾ ਜਾ ਰਿਹਾ ਹੈ।