ਕੁਰੂਕਸ਼ੇਤਰ: ਭਾਰਤ ਦੀਆਂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਗੁਰਬਖਸ਼ ਸਿੰਘ ਖਾਲਸਾ ਨੇ ਅੱਜ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ ਹੈ।
ਇਸ ਤੋਂ ਪਹਿਲਾਂ ਅੱਜ ਸਵੇਰੇ ਗੁਰਬਖਸ਼ ਸਿੰਘ ਖਾਲਸਾ ਵਲੋਂ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਦੁਬਾਰਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਐਲਾਨ ਕੀਤਾ ਸੀ ਕਿ ਜੇ ਭਾਰਤ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕਰੇਗੀ ਤਾਂ ਉਹ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਦੇਣਗੇ।
ਗੁਰਬਖਸ਼ ਸਿੰਘ ਖਾਲਸਾ ਵਲੋਂ ਇਸ ਤੋਂ ਪਹਿਲਾਂ ਦੋ ਵਾਰ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ਰੱਖੀ ਗਈ ਸੀ। ਪਹਿਲੀ ਵਾਰ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਨਵੰਬਰ2013 ਵਿਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ ਜਿਸਨੂੰ ਕੁਝ ਸਿਆਸੀ ਸਿੱਖ ਕੈਦੀਆਂ ਨੂੰ ਪੈਰੋਲ ਮਿਲਣ ਤੋਂ ਬਾਅਦ 27 ਦਸੰਬਰ, 2017 ਨੂੰ ਸਮਾਪਤ ਕਰ ਦਿੱਤਾ ਗਿਆ ਸੀ।
ਪਰ ਸਰਕਾਰ ਵਲੋਂ ਕਿਸੇ ਸਿਆਸੀ ਸਿੱਖ ਕੈਦੀ ਦੀ ਪੱਕੀ ਰਿਹਾਈ ਨਾ ਕਰਨ ਕਾਰਨ ਦੂਜੀ ਵਾਰ ਗੁਰਬਖਸ਼ ਸਿੰਘ ਖਾਲਸਾ ਨੇ 14 ਨਵੰਬਰ, 2014 ਨੂੰ ਭੁੱਖ ਹੜਤਾਲ ਸ਼ੁਰੂ ਕੀਤੀ, ਜਿਸ ਨੂੰ 14 ਜਨਵਰੀ, 2015 ਨੂੰ ਸਮਾਪਤ ਕਰ ਦਿੱਤਾ ਗਿਆ ਸੀ।