ਸਿੱਖ ਖਬਰਾਂ

ਹਰਿਆਣਾ ਸਿੱਖ ਸੰਮੇਲਨ ਸਫਲ, ਮੁੱਖ ਮੰਤਰੀ ਹਰਿਆਣਾ ਨੇ ਕੀਤਾ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦਾ ਐਲਾਨ

By ਸਿੱਖ ਸਿਆਸਤ ਬਿਊਰੋ

July 07, 2014

ਕੁਰੂਕਸ਼ੇਤਰ( 6 ਜੁਲਾਈ 2014): ਲੰਮੇ ਸਮੇਂ ਤੋਂ ਹਰਿਆਣਾ ਦੇ ਸਿੱਖਾਂ ਦੀ ਵੱਖਰੀ ਕਮੇਟੀ ਲਈ ਜਦੱ ਜਹਿਦ ਆਖਰ ਰੰਗ ਲਿਆਈ ਜਦ ਅੱਜ ਹਰਿਆਣਾ ਦੇ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਵੱਲੋਂ ਕੈਥਲ ਵਿੱਚ ਹੋਏ ਹਰਿਆਣਾ ਸਿੱਖ ਸੰਮੇਲਨ ਵਿੱਚ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਦਾ ਐਲਾਨ ਕਰ ਦਿੱਤਾ।

ਅੱਜ ਕੈਥਲ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਹੋਏ ਸਿੱਖਾਂ ਦੇ ਮਹਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਹੁੱਡਾ ਨੇ ਕਿਹਾ ਕਿ ਆਉਣ ਵਾਲੀ 11 ਜੁਲਾਈ ਨੂੰ ਹਰਿਆਣਾ ਵਿਧਾਨ ਸਭਾ ‘ਚ ਹਰਿਆਣਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚ. ਐਸ. ਜੀ. ਪੀ. ਸੀ.) ਦਾ ਬਿੱਲ ਪੇਸ਼ ਕੀਤਾ ਜਾਵੇਗਾ ਤੇ ਕਾਨੂੰਨੀ ਤੌਰ ‘ਤੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਜਾਵੇਗਾ ।

ਪੰਜਾਬੀ ਅਖਬਾਰ “ਅਜੀਤ” ਅਨੁਸਾਰ ਉਨ੍ਹਾਂ ਕਿਹਾ ਕਿ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਸਿੱਖਾਂ ਦਾ ਹੱਕ ਹੈ ਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਨਮਾਨ ਹੈ । ਸਿੱਖਾਂ ਦੇ ਵਿਸ਼ਾਲ ਸੰਮੇਲਨ ‘ਚ ਆਪਣੇ ਐਲਾਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਇਕ ਵਾਰ ਫਿਰ ਸਿੱਖਾਂ ਦੀ ਰਾਏ ਲੈਣੀ ਚਾਹੀ ।

ਉਨ੍ਹਾਂ ਕਿਹਾ ਕਿ ਕੀ ਹਰਿਆਣਾ ਦੇ ਸਿੱਖ ਆਪਣੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ‘ਚ ਲੈਣਾ ਚਾਹੁੰਦੇ ਹਨ ਅਤੇ ਜੇਕਰ ਅਜਿਹਾ ਹੈ ਤਾਂ ਆਪਣੀ ਰਾਏ ਦੇਣ । ਵੱਡੀ ਗਿਣਤੀ ‘ਚ ਇਕੱਠੇ ਹੋਏ ਸਿੱਖਾਂ ਨੇ ਜੈਕਾਰਿਆਂ ਨਾਲ ਦੋਵੇਂ ਹੱਥ ਉਪਰ ਕਰਕੇ ਆਪਣੀ ਸਹਿਮਤੀ ਦਿੱਤੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਕਿਸੇ ਵੀ ਤਰ੍ਹਾਂ ਦੀ ਕੋਈ ਰਾਜਨੀਤਕ ਦਖਲਅੰਦਾਜ਼ੀ ਨਹੀਂ ਹੋਵੇਗੀ ।

ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਉਸੇ ਤਰ੍ਹਾਂ ਹੀ ਹੋਵੇਗੀ ਜਿਵੇਂ ਪੰਜਾਬ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੁੰਦੀ ਹੈ ।ਮੁੱਖ ਮੰਤਰੀ ਨੇ ਕਿਹਾ ਕਿ ‘ਹਰਿਆਣਾ ਸਰਕਾਰ ਵੱਲੋਂ ਵੱਖਰੀ ਸ਼੍ਰੋਮਣੀ ਕਮੇਟੀ ਕੋਈ ਰਾਜਨੀਤਕ ਮੁੱਦਾ ਨਹੀਂ ਹੈ,  ਇਹ ਹਰਿਆਣਾ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਹੈ । ਉਹ ਆਪਣਾ ਹੱਕ ਮੰਗ ਰਹੇ ਹਨ। ਹਰਿਆਣਾ ਦੇ ਸਿੱਖਾਂ ਦਾ ਵੀ ਗੁਰੂਆਂ ਅਤੇ ਅਕਾਲ ਤਖ਼ਤ ‘ਚ ਪੂਰਾ ਵਿਸ਼ਵਾਸ ਹੈ  ਅਤੇ ਆਪਣੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਆਪ ਕਰਨਾ ਚਾਹੁੰਦੇ ਹਨ ।

ਮੁੱਖ ਮੰਤਰੀ ਨੇ ਆਪਣੇ ਸੰਬੋਧਨ ‘ਚ ਇਹ ਵੀ ਸਪੱਸ਼ਟ ਕੀਤਾ ਕਿ ਹਰਿਆਣਾ ਵਿਚ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਪੂਰੀ ਕਾਨੂੰਨੀ ਪ੍ਰਕਿਰਿਆ ਮੁਤਾਬਕ ਹੀ ਕੀਤਾ ਜਾ ਰਿਹਾ ਹੈ । ਸ੍ਰੀ ਹੁੱਡਾ ਨੇ ਕਿਹਾ ਕਿ ਰਾਜ ਸਰਕਾਰ ਨੇ ਵੱਖਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਵਿੱਤ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਦੀ ਪ੍ਰਧਾਨਗੀ ‘ਚ ਇਕ ਕਮੇਟੀ ਦਾ ਗਠਨ ਕੀਤਾ ਸੀ । ਚੱਠਾ ਕਮੇਟੀ ਨੂੰ ਕਰੀਬ 2 ਲੱਖ ਸਿੱਖਾਂ ਨੇ ਸਹੁੰ ਪੱਤਰ ਦੇ ਕੇ ਹਰਿਆਣਾ ‘ਚ ਵੱਖਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਕੀਤੀ ਸੀ। ਸ੍ਰੀ ਹੁੱਡਾ ਨੇ ਕਿਹਾ ਕਿ ਚੱਠਾ ਕਮੇਟੀ ਦੀਆਂ ਸਿਫਾਰਸ਼ਾਂ ‘ਤੇ ਸਰਕਾਰ ਨੇ ਕਾਨੂੰਨੀ ਸਲਾਹ ਲਈ ਹੈ ।ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਸਰਕਾਰ ਉਹ ਹੀ ਫੈਸਲਾ ਲਵੇਗੀ, ਜੋ ਹਰਿਆਣਾ ਦੇ ਸਿੱਖ ਕਹਿਣਗੇ । ਮੈਂ ਇਥੇ ਹਜ਼ਾਰਾਂ ਦੀ ਗਿਣਤੀ ‘ਚ ਸਿੱਖਾਂ ਦੀ ਹਾਜ਼ਰੀ ਦੇਖ ਰਿਹਾ ਹਾਂ ਤੇ ਤੁਹਾਡੀਆਂ ਭਾਵਨਾਵਾਂ ਨੂੰ ਸਮਝ ਰਿਹਾ ਹਾਂ ।

“ਪੰਜਾਬੀ ਟ੍ਰਿਬਿਊਨ” ਅਨੁਸਾਰ ਹਰਿਆਣਾ ‘ਚ ਵੱਖਰੀ ਕਮੇਟੀ ਦੀ ਆਵਾਜ਼ ਬੁਲੰਦ ਕਰਨ ਵਾਲੇ ਆਗੂ ਦੀਦਾਰ ਸਿੰਘ ਨਲਵੀ ਨੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਮੰਗ ਪੱਤਰ ਦਿੱਤਾ। ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਵੱਖਰੀ ਕਮੇਟੀ ਦੀ ਮੰਗ ਲਈ 14 ਸਾਲ ਕੀਤੇ ਸੰਘਰਸ਼ ਦੀ ਜਾਣਕਾਰੀ ਦਿੱਤੀ। ਸੰਮੇਲਨ ਵਿੱਚ ਹਰਿਆਣਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਾਰ ਮੈਂਬਰਾਂ ਹਰਪਾਲ ਸਿੰਘ ਪਾਲੀ, ਅਮਰੀਕ ਸਿੰਘ ਜਨੇਤਪੁਰ, ਭੁਪਿੰਦਰ ਸਿੰਘ ਅਸੰਧ ਅਤੇ ਬਾਬਾ ਗੁਰਮੀਤ ਸਿੰਘ ਤਲੋਕੇਵਾਲਾ ਨੇ ਵੀ ਸੰਬੋਧਨ ਕਰਦਿਆਂ ਕਿ ਉਹ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਲਿਫ਼ਾਫ਼ਾ ਸੱਭਿਆਚਾਰ ਵਿਰੁਧ ਹਨ ਅਤੇ ਹਰਿਆਣੇ ‘ਚ ਅਜਿਹੀ ਪਿਰਤ ਨਹੀਂ ਪੈਣ ਦਿੱਤੀ ਜਾਵੇਗੀ। ਉਨ੍ਹਾਂ ਰਾਜ ਦੇ ਸਿੱਖਾਂ ਨੂੰ ਅੱਜ ਆਪਣੇ ਘਰਾਂ ‘ਚ ਦੀਪਮਾਲਾ ਕਰਨ ਦੀ ਅਪੀਲ ਕੀਤੀ। ਸਮਾਗਮ ‘ਚ ਹਰਿਆਣਾ ਦੇ ਇਕ ਦਰਜਨ ਵਿਧਾਇਕ ਅਤੇ ਮੈਂਬਰ ਪਾਰਲੀਮੈਂਟ ਤੋਂ ਇਲਾਵਾ ਵੱਡੀ ਗਿਣਤੀ ‘ਚ ਸਿੱਖ ਨੇਤਾ ਵੀ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: