ਲੁਧਿਆਣਾ: ਹੋਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਹੈ ਕਿ ਨਵੰਬਰ 1984 ਵਿੱਚ ਹਰਿਆਣੇ ਦੇ ਪਿੰਡ ਹੋਦ ਚਿੱਲੜ ਵਿੱਚ ਜਿਉਂਦਿਆਂ ਸਾੜ ਕੇ ਮਾਰੇ ਗਏ 32 ਸਿੱਖਾਂ ਦੇ ਕੇਸ ਦੀ ਅਗਲੀ ਸੁਣਵਾਈ 30 ਅਪਰੈਲ ਨੂੰ ਹੋਵੇਗੀ।
ਅੱਜ ਇੱਥੇ ਜਾਣਕਾਰੀ ਦਿੰਦਿਆਂ ਗਿਆਸਪੁਰਾ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਇਆ ਚੌਧਰੀ ਦੀ ਅਦਾਲਤ ਵੱਲੋਂ ਪਿਛਲੀ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 30 ਅਪਰੈਲ ਨੂੰ ਹਰਿਆਣਾ ਸਰਕਾਰ ਨੂੰ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰਨਾ ਪਵੇਗਾ। ਤਾਲਮੇਲ ਕਮੇਟੀ ਦੇ ਪ੍ਰਧਾਨ ਸ੍ਰੀ ਗਿਆਸਪੁਰਾ ਅਤੇ ਜਨਰਲ ਸਕੱਤਰ ਭਾਈ ਗਿਆਨ ਸਿੰਘ ਨੇ ਦੱਸਿਆ ਕਿ ਜਸਟਿਸ ਟੀ.ਪੀ.ਗਰਗ ਦੀ 200 ਸਫ਼ਿਆਂ ਦੀ ਰਿਪੋਰਟ ਵਿੱਚ ਚਾਰ ਉੱਚ ਅਧਿਕਾਰੀਆਂ ਖ਼ਿਲਾਫ਼ ਸੰਗੀਨ ਦੋਸ਼ਾਂ ਤੇ ਪੀੜਤਾਂ ਨੂੰ ਵੀਹ-ਵੀਹ ਲੱਖ ਰੁਪਏ ਮੁਆਵਜ਼ੇ ਦੀ ਸਿਫ਼ਾਰਸ਼ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਹੀ ਇਹ ਕਤਲੇਆਮ ਵਾਪਰਿਆ ਸੀ ਤੇ ਉਨ੍ਹਾਂ ਉੱਚ ਅਧਿਕਾਰੀਆਂ ਨੇ ਹੀ ਮਾਰਚ 1985 ਨੂੰ 32 ਸਿੱਖਾਂ ਦੇ ਕਤਲੇਆਮ ਦੇ ਕੇਸ ਦੀ ਕਲੋਜ਼ਿੰਗ ਰਿਪੋਰਟ ਤਿਆਰ ਕਰਕੇ ਲੋਕਲ ਅਦਾਲਤ ਵਿੱਚ ਦਾਇਰ ਕਰ ਦਿੱਤੀ ਸੀ।
ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਉਨ੍ਹਾਂ ਨੇ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਮੁਆਵਜ਼ੇ ਨੂੰ 1984 ਤੋਂ ਵਿਆਜ ਸਮੇਤ ਲੈਣ ਦੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਰਹੀ, ਜਿਸ ਦਾ ਬੇਹਦ ਅਫ਼ਸੋਸ ਹੈ।